''ਕੈਨੇਡਾ 'ਚ ਗ਼ੈਰ ਕਾਨੂੰਨੀ ਢੰਗ ਨਾਲ ਛਾਪੇ ਜਾ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ''

ਏਜੰਸੀ

ਖ਼ਬਰਾਂ, ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੁੱਜੀ ਸ਼ਿਕਾਇਤ

Guru Granth Sahib Saroop Canada illegally printed Giani Harpreet Singh

ਅੰਮ੍ਰਿਤਸਰ: ਜਿੱਥੇ ਇਕ ਪਾਸੇ 328 ਪਾਵਨ ਸਰੂਪ ਗ਼ਾਇਬ ਹੋਣ ਦੇ ਮਾਮਲਾ ਕਾਫ਼ੀ ਗਰਮਾਇਆ ਹੋਇਆ ਹੈ, ਉਥੇ ਹੀ ਹੁਣ ਕੈਨੇਡਾ ਵਿਚ ਗ਼ੈਰ ਕਾਨੂੰਨੀ ਤਰੀਕੇ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਨਜ਼ੂਰੀ ਤੋਂ ਬਿਨਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪੇ ਜਾਣ ਦੀ ਸ਼ਿਕਾਇਤ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੁੱਜੀ ਹੈ।

ਕੈਨੇਡਾ ਦੀ ਸਿੱਖ ਸੰਗਤ ਵੱਲੋਂ ਇਹ ਸ਼ਿਕਾਇਤ ਸਿੱਖ ਸੇਵਾ ਸੁਸਾਇਟੀ ਪੰਜਾਬ ਦੀ ਅਗਵਾਈ ਵਿਚ ਜਗਜੀਤ ਸਿੰਘ ਮੌੜ ਲੈ ਕੇ ਅਕਾਲ ਤਖ਼ਤ ਸਾਹਿਬ 'ਤੇ ਪੁੱਜੇ। ਇਸ ਮੌਕੇ ਗੱਲਬਾਤ ਕਰਦਿਆਂ ਜਗਜੀਤ ਸਿੰਘ ਮੌੜ ਨੇ ਆਖਿਆ ਕਿ ਕੈਨੇਡਾ ਵਿਚ ਕਈ ਥਾਵਾਂ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਨਜ਼ੂਰੀ ਤੋਂ ਬਿਨਾਂ ਗ਼ੈਰ ਕਾਨੂੰਨੀ ਤਰੀਕੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪੇ ਜਾ ਰਹੇ ਨੇ,

ਜਿਸ ਨੂੰ ਲੈ ਕੇ ਕੈਨੇਡਾ ਦੀ ਸਿੱਖ ਸੰਗਤ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਕਾਰਵਾਈ ਨੂੰ ਰੋਕਣ ਲਈ ਉਹ ਜਥੇਦਾਰ ਸਾਹਿਬ ਨੂੰ ਮੰਗ ਪੱਤਰ ਦੇਣ ਪੁੱਜੇ ਨੇ ਤਾਂ ਜੋ ਇਸ ਕਾਰਵਾਈ ਨੂੰ ਰੋਕਿਆ ਜਾ ਸਕੇ। 

ਦੱਸ ਦਈਏ ਕਿ 9 ਅਪ੍ਰੈਲ, 1998 ਨੂੰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਭਾਈ ਰਣਜੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਤੇ ਗੁਟਕਾ ਦੀ ਛਪਾਈ 'ਤੇ ਪਾਬੰਦੀ ਲਗਾਉਣ ਲਈ ਹੁਕਮ ਜਾਰੀ ਕੀਤਾ ਸੀ।

ਜਗਜੀਤ ਸਿੰਘ ਵੱਲੋਂ ਇਸ ਗੰਭੀਰ ਮਾਮਲੇ ਸਬੰਧੀ ਦਿੱਤੀ ਗਈ ਸ਼ਿਕਾਇਤ ਵਿਚ ਕਿੰਨੀ ਕੁ ਸੱਚਾਈ ਹੈ, ਇਹ ਤਾਂ ਜਾਂਚ ਤੋਂ ਬਾਅਦ ਹੀ ਪਤਾ ਚੱਲ ਸਕੇਗਾ। ਫਿਲਹਾਲ ਦੇਖਣਾ ਹੋਵੇਗਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਇਸ ਮਾਮਲੇ ਨੂੰ ਲੈ ਕੇ ਕੀ ਕਾਰਵਾਈ ਕਰਦੇ ਨੇ?