ਕੈਪਟਨ ਸਰਕਾਰ ਨੇ ਗੰਨੇ ਦੇ ਮੁੱਲ ਵਿਚ 50 ਰੁਪਏ ਪ੍ਰਤੀ ਕੁਇੰਟਲ ਦਾ ਕੀਤਾ ਵਾਧਾ

ਏਜੰਸੀ

ਖ਼ਬਰਾਂ, ਪੰਜਾਬ

ਕੈਪਟਨ ਸਰਕਾਰ ਨੇ ਗੰਨੇ ਦੇ ਮੁੱਲ ਵਿਚ 50 ਰੁਪਏ ਪ੍ਰਤੀ ਕੁਇੰਟਲ ਦਾ ਕੀਤਾ ਵਾਧਾ

image


ਹੁਣ ਪੰਜਾਬ ਵਿਚ ਹੋਵੇਗਾ ਹਰਿਆਣਾ ਨਾਲੋਂ ਵੀ ਵੱਧ ਮੁੱਲ, ਹਰਿਆਣਾ 'ਚ 

ਚੰਡੀਗੜ੍ਹ, 24 ਅਗੱਸਤ (ਗੁਰਉਪਦੇਸ਼ ਭੁੱਲਰ): ਪੰਜਾਬ ਦੇ ਗੰਨਾ ਕਾਸ਼ਤਕਾਰ ਕਿਸਾਨਾਂ ਦੇ ਅੰਦੋਲਨ ਨੂੰ  ਅੱਜ ਉਸ ਸਮੇਂ ਵੱਡੀ ਜਿੱਤ ਮਿਲੀ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਕਿਸਾਨ ਆਗੂਆਂ ਦੀ ਸਰਕਾਰ ਨਾਲ ਹੋਈ ਮੀਟਿੰਗ ਵਿਚ ਗੰਨੇ ਦੇ ਭਾਅ ਵਿਚ 50 ਰੁਪਏ ਪ੍ਰਤੀ ਕੁਇੰਟਲ ਹੋਰ ਵਾਧਾ ਕਰ ਦਿਤਾ ਗਿਆ | ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸਰਕਾਰ ਨੇ 15 ਰੁਪਏ ਦਾ ਵਾਧਾ ਕੀਤਾ ਸੀ ਜੋ ਗੰਨਾ ਕਾਸ਼ਤਕਾਰਾਂ ਨੇ ਨਾ ਮੰਜ਼ੂਰ ਕਰ ਕੇ ਰੇਲਾਂ ਰੋਕ ਕੇ ਪੰਜਾਬ ਵਿਚ ਮੋਰਚਾ ਸ਼ੁਰੂ ਕਰ ਦਿਤਾ ਸੀ | ਪਹਿਲੇ ਗੇੜ ਦੀ ਮੀਟਿੰਗ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਹੋਈ ਸੀ ਅਤੇ ਦੂਜੇ ਗੇੜ ਦੀ ਮੀਟਿੰਗ ਬੀਤੇ ਦਿਨੀਂ ਖੇਤੀ ਅਧਿਕਾਰੀਆਂ ਤੇ ਖੇਤੀ ਮਾਹਰਾਂ ਨਾਲ ਹੋਈ ਸੀ ਅਤੇ ਫ਼ੈਸਲਾਕੁੰਨ ਬੈਠਕ ਅੱਜ ਖ਼ੁਦ ਮੁੱਖ ਮੰਤਰੀ ਨੇ ਕੀਤੀ | ਹੁਣ ਪੰਜਾਬ ਵਿਚ ਗੰਨੇ ਦਾ ਪ੍ਰਤੀ ਕੁਇੰਟਲ ਭਾਅ 360 ਰੁਪਏ ਹੋਵੇਗਾ ਜੋ ਗੁਆਂਢੀ ਰਾਜ ਹਰਿਆਣਾ ਤੋਂ ਵੀ 2 ਰੁਪਏ ਵੱਧ ਹੈ | ਅੱਜ ਮੀਟਿੰਗ ਵਿਚ ਫ਼ੈਸਲੇ 'ਤੇ ਤਸੱਲੀ ਪ੍ਰਗਟ ਕਰਦਿਆਂ ਕਿਸਾਨ ਆਗੂਆਂ ਨੇ ਪੰਜਾਬ ਵਿਚ ਮੋਰਚਾ ਖ਼ਤਮ ਕਰ ਕੇ ਕਿਸਾਨਾਂ ਨੂੰ  ਮੁੜ ਵੱਡੀ ਗਿਣਤੀ 
ਵਿਚ ਦਿੱਲੀ ਮੋਰਚੇ ਵੱਲ ਕੂਚ ਕਰਨ ਦਾ ਸੱਦਾ ਦਿਤਾ ਹੈ | ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਕਿਸਾਨਾਂ ਦੀ ਮੰਗ ਦਾ ਪੂਰਾ ਸਮਰਥਨ 
ਕੀਤਾ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਵੀ ਹੋਰਨਾਂ ਰਾਜਾਂ ਨਾਲੋਂ ਘੱਟ ਭਾਅ ਹੋਣ ਦੀ ਗੱਲ ਕਹਿੰਦਿਆਂ ਪੰਜਾਬ ਸਰਕਾਰ ਤੋਂ ਵਾਧੇ ਦੀ ਮੰਗ ਚੁੱਕੀ ਸੀ | ਅੱਜ ਹੋਈ ਪੰਜਾਬ ਸਰਕਾਰ ਵਲੋਂ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ, ਰਾਣਾ ਗੁਰਜੀਤ ਅਤੇ ਕਿਸਾਨ ਜਥੇਬੰਦੀਆਂ ਵਲੋਂ ਬਲਬੀਰ ਸਿੰਘ ਰਾਜੇਵਾਲ, ਕੁਲਵੰਤ ਸਿੰਘ ਸੰਧੂ, ਮਨਜੀਤ ਸਿੰਘ ਰਾਏ, ਹਰਮੀਤ ਕਾਦੀਆਂ, ਬਲਦੇਵ ਸਿੰਘ ਸਿਰਸਾ, ਹਰਿੰਦਰ ਸਿੰਘ ਲੱਖੋਵਾਲ, ਮੇਹਰ ਸਿੰਘ ਥੇੜੀ ਆਦਿ ਸ਼ਾਮਲ ਹੋਏ |