ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਔਰਤ ਨੇ ਉਤਾਰੇ ਕੱਪੜੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗ੍ਰੰਥੀ ਸਿੰਘ ਨਾਲ ਹੋਈ ਬਹਿਸ ਤੋਂ ਬਾਅਦ ਔਰਤ ਨੇ ਸ਼ਰਮਨਾਕ ਘਟਨਾ ਨੂੰ ਦਿੱਤਾ ਅੰਜ਼ਾਮ

Woman removes clothes in presence of Sri Guru Granth Sahib

ਲੁਧਿਆਣਾ : ਪੰਜਾਬ ਦੇ ਲੁਧਿਆਣਾ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਹੋਣ ਦੀ ਇਕ ਘਟਨਾ ਸਾਹਮਣੇ ਆਈ ਹੈ। ਜਿੱਥੇ ਇਕ ਮਹਿਲਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਆਪਣੇ ਕੱਪੜੇ ਉਤਾਰ ਕੇ ਸੁੱਟ ਦਿੱਤੇ। ਉਥੇ ਅਰਦਾਸ ਕਰ ਰਹੇ ਲੋਕਾਂ ਨੇ ਮਹਿਲਾ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੀ ਅਤੇ ਹੰਗਾਮਾ ਕਰਦੀ ਰਹੀ। ਇਸ ਤੋਂ ਬਾਅਦ ਮੌਕੇ ’ਤੇ ਮੌਜੂਦ ਸੰਗਤ ਨੇ ਮਹਿਲਾ ਨੂੰ ਕਾਬੂ ਕਰ ਲਿਆ ਅਤੇ ਇਹ ਸਾਰੀ ਘਟਨਾ ਗੁਰਦੁਆਰਾ ਸਾਹਿਬ ’ਚ ਲੱਗੇ ਸੀਸੀਟੀਵੀ ’ਚ ਕੈਦ ਹੋ ਗਈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿੱਖ ਜਥੇਬੰਦੀਆਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਆਰੋਪੀ ਮਹਿਲਾ ਪ੍ਰਕਾਸ਼ ਕੌਰ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਸਿੱਖ ਸੰਗਤਾਂ ਨੇ ਕਿਹਾ ਕਿ ਪ੍ਰਕਾਸ਼ ਕੌਰ ਨੇ ਅਜਿਹੀ ਸ਼ਰਮਨਾਕ ਘਟਨਾ ਨੂੰ ਅੰਜ਼ਾਮ ਦੇ ਕੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਜਿਸ ਨੂੰ ਸਿੱਖ ਕੌਮ ਵੱਲੋਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪੁਲਿਸ ਕੋਲੋਂ ਮੰਗ ਕੀਤੀ ਕਿ ਪ੍ਰਕਾਸ਼ ਕੌਰ ਅਤੇ ਉਸ ਦੇ ਪਤੀ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਪੁਲਿਸ ਨੇ ਸਿੱਖ ਜਥੇਬੰਦੀਆਂ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।