ਜ਼ਿਮਨੀ ਚੋਣਾਂ ਲਈ 'ਆਪ' ਵੱਲੋਂ ਉਮੀਦਵਾਰਾਂ ਦਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

21 ਅਕਤੂਬਰ ਨੂੰ ਪੈਣਗੀਆਂ ਵੋਟਾਂ ਅਤੇ 24 ਅਕਤੂਬਰ ਨੂੰ ਨਤੀਜਿਆਂ ਦਾ ਐਲਾਨ ਹੋਵੇਗਾ

AAP announced candidates for by-elections Punjab

ਚੰਡੀਗੜ੍ਹ : ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ 'ਚ ਜ਼ਿਮਨੀ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਚੋਣ ਕਮਿਸ਼ਨ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। 23 ਸਤੰਬਰ ਤੋਂ ਨਾਮਜ਼ਦਗੀਆਂ ਭਰੀਆਂ ਜਾਣਗੀਆਂ। 24 ਅਕਤੂਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਏਗਾ।

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣੇ ਚਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵਲੋਂ ਦਾਖਾਂ ਤੋਂ ਅਮਨਦੀਪ ਸਿੰਘ ਮੋਹੀ, ਜਲਾਲਾਬਾਦ ਤੋਂ ਮਹਿੰਦਰ ਸਿੰਘ ਕਚੂਰਾ, ਫਗਵਾੜਾ ਤੋਂ ਸੰਤੋਸ਼ ਕੁਮਾਰ ਘੁੱਗੀ ਅਤੇ ਮੁਕੇਰੀਆਂ ਤੋਂ ਗੁਰਧਿਆਨ ਸਿੰਘ ਮੁਲਤਾਨੀ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ।

ਪੰਜਾਬ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿਚ ਫਗਵਾੜਾ, ਜਲਾਲਾਬਾਦ, ਦਾਖਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ ਸ਼ਾਮਲ ਹਨ। ਫਗਵਾੜਾ ਸੀਟ ਸੋਮ ਪ੍ਰਕਾਸ਼ ਦੇ ਪਾਰਲੀਮੈਂਟ ਮੈਂਬਰ ਬਣਨ ਪਿੱਛੋਂ ਖਾਲੀ ਹੋਈ ਸੀ ਜਦੋਂ ਕਿ ਜਲਾਲਾਬਾਦ ਸੀਟ ਵੀ ਸੁਖਬੀਰ ਬਾਦਲ ਦੇ ਪਾਰਲੀਮੈਂਟ ਮੈਂਬਰ ਬਣਨ ਪਿੱਛੋਂ ਖਾਲੀ ਹੋਈ ਸੀ। ਇਸ ਦੇ ਨਾਲ ਹੀ ਦਾਖਾ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਐਚ.ਐਸ. ਫੂਲਕਾ ਦੇ ਅਸਤੀਫ਼ਾ ਦੇਣ ਪਿੱਛੋਂ ਇਹ ਸੀਟ ਖਾਲੀ ਹੋ ਗਈ ਸੀ। ਮੁਕੇਰੀਆਂ ਸੀਟ ਕਾਂਗਰਸੀ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੇ ਅਚਾਨਕ ਦਿਹਾਂਤ ਕਾਰਨ ਖਾਲੀ ਹੋਈ ਸੀ।