ਢੀਂਡਸਾ ਵੱਲੋਂ ਵੀ ਕਿਸਾਨਾਂ ਦੇ ਹੱਕ 'ਚ ਪ੍ਰਦਰਸ਼ਨ, ਮਿਲ ਰਿਹੈ ਭਰਵਾਂ ਹੁੰਗਾਰਾ 

ਏਜੰਸੀ

ਖ਼ਬਰਾਂ, ਪੰਜਾਬ

ਅਸੀਂ ਕਿਸਾਨ ਸੰਘਰਸ਼ ਵਿਚ ਇਕ ਸਿਆਸੀ ਆਗੂ ਵਜੋਂ ਨਹੀਂ ਸਗੋਂ ਇੱਕ ਕਿਸਾਨ ਵਜੋਂ ਸ਼ਾਮਲ ਹੋ ਰਹੇ ਹਨ -ਪਰਮਿੰਦਰ ਸਿੰਘ ਢੀਂਡਸਾ

Parminder Dhindsa Stand With farmer

ਸੰਗਰੂਰ - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸਾ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨਾਂ ਦੇ ਪੰਜਾਬ ਬੰਦ ਦੇ ਸੱਦੇ ਨੂੰ ਸਭ ਪਾਸਿਓ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਕਿਸਾਨਾਂ ਦੇ ਨਾਲ-ਨਾਲ ਕਲਾਕਾਰਾਂ ਅਤੇ ਸਿਆਸੀ ਪਾਰਟੀਆਂ ਵੀ ਕਿਸਾਨਾਂ ਦੇ ਇਸ ਸੰਘਰਸ਼ ਵਿਚ ਸ਼ਾਮਲ ਹਨ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਵੱਲੋਂ ਵੀ ਪਰਮਿੰਦਰ ਢੀਂਡਸਾ ਦੀ ਅਗਵਾਈ ਹੇਠ ਰੋਸ ਮਾਰਚ ਕਰਦਿਆਂ ਕਿਸਾਨਾਂ ਦੇ ਧਰਨੇ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ। ਰੋਸ ਮਾਰਚ ਦੀ ਅਗਵਾਈ ਕਰ ਰਹੇ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਕਿਸਾਨ ਸੰਘਰਸ਼ ਵਿਚ ਇਕ ਸਿਆਸੀ ਆਗੂ ਵਜੋਂ ਨਹੀਂ ਸਗੋਂ ਇੱਕ ਕਿਸਾਨ ਵਜੋਂ ਸ਼ਾਮਲ ਹੋ ਰਹੇ ਹਨ। 

ਅਕਾਲੀ ਦਲ ਸੁਤੰਤਰ ਵੀ ਖੜ੍ਹੀ ਕਿਸਾਨਾਂ ਦੇ ਹੱਕ 'ਚ 
ਨਾਭਾ :  ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਤੋਂ ਇਲਾਵਾ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀਆਂ ਖੇਤੀ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਸਥਾਨਕ ਪਟਿਆਲਾ ਗੇਟ ਵਿਖੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਪਾਰਟੀ ਪ੍ਰਧਾਨ ਪਰਮਜੀਤ ਸਹੌਲੀ ਨੇ ਦੱਸਿਆ ਕਿ ਇਹ ਰੋਸ ਧਰਨਾ ਬਿਲਕੁਲ ਸ਼ਾਂਤਮਈ ਹੈ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਧਰਨੇ ਵਿਚ ਕਿਸਾਨਾਂ ਨੂੰ ਕੇਂਦਰ ਵੱਲੋਂ ਕਿਸਾਨਾਂ ਦੇ ਖ਼ਿਲਾਫ਼ ਬਣਾਏ ਕਾਲੇ ਕਾਨੂੰਨਾਂ ਬਾਰੇ ਜਾਣੂ ਕਰਵਾਇਆ ਜਾਵੇਗਾ। 

ਇਸ ਦੇ ਨਾਲ ਹੀ ਦੱਸ ਦਈਏ ਕਿ ਆਰਡੀਨੈਂਸ ਦੇ ਵਿਰੋਧ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੀ ਅਗਵਾਈ ਵਿਚ ਆਰਡੀਨੈਂਸ ਨੂੰ ਰੱਦ ਕਰਵਾਉਣ ਲਈ ਹਲਕੇ ਤੋਂ ਹਜਾਰਾਂ ਦੀ ਗਿਣਤੀ ਵਿਚ ਅਕਾਲੀ ਵਰਕਰਾਂ ਵਲੋਂ ਜਲੰਧਰ ਅੰਮ੍ਰਿਤਸਰ ਸ਼ੇਰ ਸ਼ਾਹ ਸੂਰੀ ਮਾਰਗ ਹਾਈਵੇ ਜਾਮ ਕਰਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। 

ਜ਼ਿਕਰਯੋਗ ਹੈ ਕਿ ਅੱਜ ਸਵੇਰ ਤੋਂ ਹੀ ਕਿਸਾਨਾਂ ਵੱਲੋਂ ਪੰਜਾਬ ਬੰਦ ਹੋਣ ਕਾਰਨ ਸੜਕਾਂ 'ਤੇ ਆਵਾਜਾਈ ਆਮ ਦੇ ਮੁਕਾਬਲੇ ਕਾਫੀ ਘੱਟ ਨਜ਼ਰ ਆ ਰਹੀ ਸੀ। ਇਸ ਦੇ ਨਾਲ ਹੀ ਕਿਸਾਨਾਂ ਨੇ ਅੱਜ ਰੇਲਵੇ ਲਾਈਨਾਂ 'ਤੇ ਮੋਰਚਾ ਫਿਰ ਲਗਾ ਲਿਆ ਹੈ। ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਵਾਪਸ ਕਰਵਾਉਣ ਲਈ ਸ਼ੰਭੂ ਬਾਰਡਰ 'ਤੇ ਵੱਡੀ ਗਿਣਤੀ ਵਿਚ ਕਿਸਾਨ ਪਹੁੰਚ ਚੁੱਕੇ ਹਨ। ਇਸੇ ਦੌਰਾਨ ਵਿਸ਼ਵ ਪ੍ਰਸਿੱਧ ਸਿੱਖ ਸੰਸਥਾ 'ਖ਼ਾਲਸਾ ਏਡ' ਵੀ ਸ਼ੰਭੂ ਬਾਰਡਰ 'ਤੇ ਪਹੁੰਚਣ ਵਾਲੇ ਕਿਸਾਨਾਂ ਲਈ ਲੰਗਰ ਪਾਣੀ ਦੀ ਸੇਵਾ ਲੈ ਕੇ ਪਹੁੰਚ ਗਈ ਹੈ।