ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਲੈ ਕੇ ਵਿਵਾਦ: ਧਾਰਾ 144 ਲਾਗੂ, ਆਪ ਹਲਕਾ ਇੰਚਾਰਜ ’ਤੇ ਧੱਕੇਸ਼ਾਹੀ ਦੇ ਇਲਜ਼ਾਮ
ਸਥਾਨਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਹਲਕਾ ਇੰਚਾਰਜ 'ਤੇ ਆਮ ਆਦਮੀ ਪਾਰਟੀ 'ਤੇ ਕਬਜ਼ਾ ਕਰਨ ਦਾ ਦੋਸ਼ ਲਗਾਇਆ ਹੈ।
ਅੰਮ੍ਰਿਤਸਰ: ਜ਼ਿਲ੍ਹੇ ਦੇ ਇਤਿਹਾਸਕ ਗੁਰਦੁਆਰਾ ਪਿੰਡ ਕੋਹਾਲੀ ਦੇ ਪ੍ਰਬੰਧ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਪਿੰਡ ਦੇ ਕੁਝ ਨੌਜਵਾਨ ਗੁਰਦੁਆਰਾ ਸਾਹਿਬ ਵਿਚ ਤਲਵਾਰਾਂ ਲੈ ਕੇ ਆਏ ਸਨ, ਜਿਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਝਗੜੇ ਨੂੰ ਰੋਕਣ ਲਈ ਗੁਰਦੁਆਰਾ ਸਾਹਿਬ ਅੰਦਰ ਧਾਰਾ 144 ਲਾਗੂ ਕਰ ਦਿੱਤੀ ਸੀ ਅਤੇ ਪਿੰਡ ਵਿਚ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਸੀ। ਇਸ ਦੇ ਨਾਲ ਹੀ ਸਥਾਨਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਹਲਕਾ ਇੰਚਾਰਜ 'ਤੇ ਆਮ ਆਦਮੀ ਪਾਰਟੀ 'ਤੇ ਕਬਜ਼ਾ ਕਰਨ ਦਾ ਦੋਸ਼ ਲਗਾਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਪਿੰਡ ਦੇ ਕੁਝ ਨੌਜਵਾਨ ਤਲਵਾਰਾਂ ਲੈ ਕੇ ਗੁਰਦੁਆਰੇ ਵਿਚ ਆਏ ਅਤੇ ਪ੍ਰਬੰਧ ਨੂੰ ਆਪਣੇ ਹੱਥਾਂ ਵਿਚ ਲੈਣ ਦੀ ਕੋਸ਼ਿਸ਼ ਕੀਤੀ। ਕਬਜ਼ੇ ਦਾ ਵੀਡੀਓ ਵੀ ਵਾਇਰਲ ਹੋਇਆ, ਜਿਸ ਵਿਚ ਦਿਖਾਈ ਦੇਣ ਵਾਲਾ ਨੌਜਵਾਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਦੇਵ ਸਿੰਘ ਮਿਆਦੀਆਂ ਦਾ ਸਮਰਥਕ ਹੈ।
ਸੂਚਨਾ ਮਿਲਣ ’ਤੇ ਪੁਲਿਸ ਨੇ ਪਹੁੰਚ ਕੇ ਝਗੜੇ ਨੂੰ ਰੋਕ ਦਿੱਤਾ। ਜ਼ਿਲ੍ਹਾ ਪ੍ਰਸ਼ਾਸਨ ਨੇ ਦਖ਼ਲ ਦੇ ਕੇ ਦੋਵਾਂ ਧਿਰਾਂ ਨੂੰ ਬੈਠ ਕੇ ਮਾਮਲਾ ਸੁਲਝਾਉਣ ਲਈ ਕਿਹਾ ਪਰ ਮਸਲਾ ਹੱਲ ਨਾ ਹੁੰਦਾ ਦੇਖ ਜ਼ਿਲ੍ਹਾ ਪ੍ਰਸ਼ਾਸਨ ਨੇ ਗੁਰਦੁਆਰਾ ਸਾਹਿਬ ਦਾ ਰਿਸੀਵਰ ਤਹਿਸੀਲਦਾਰ ਨੂੰ ਨਿਯੁਕਤ ਕਰ ਦਿੱਤਾ ਹੈ |
ਸਥਾਨਕ ਕਮੇਟੀ ਨੇ ਸਰਬ-ਸੰਮਤੀ ਨਾਲ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਬਾਬਾ ਸੁੱਚਾ ਸਿੰਘ ਆਨੰਦਪੁਰ ਵਾਲਿਆਂ ਨੂੰ ਸੌਂਪਣ ਦਾ ਫੈਸਲਾ ਕੀਤਾ ਸੀ। ਸਥਾਨਕ ਕਮੇਟੀ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਦੇਵ ਸਿੰਘ ਮਿਆਦੀਆਂ ਗੁਰਦੁਆਰਾ ਸਾਹਿਬ 'ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਜੱਸਾ ਔਲਖ ਅਤੇ ਉਹਨਾਂ ਦੇ ਸਮਰਥਕ ਹਥਿਆਰਾਂ ਸਮੇਤ ਗੁਰਦੁਆਰਾ ਸਾਹਿਬ ਪੁੱਜੇ ਹੋਏ ਸਨ।
ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਦੇਵ ਸਿੰਘ ਨੇ ਲੋਕਲ ਕਮੇਟੀ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ। ਉਹਨਾਂ ਕਿਹਾ ਕਿ ਕੁਝ ਲੋਕ ਅਤੇ ਸਰਪੰਚ ਜ਼ਬਰਦਸਤੀ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਬਾਬਾ ਸੁੱਚਾ ਸਿੰਘ ਨੂੰ ਦੇਣਾ ਚਾਹੁੰਦੇ ਹਨ ਪਰ ਪਿੰਡ ਦੇ ਲੋਕ ਇਸ ਦਾ ਪ੍ਰਬੰਧ ਆਪਣੇ ਕੋਲ ਰੱਖਣਾ ਚਾਹੁੰਦੇ ਹਨ। ਉਹਨਾਂ 'ਤੇ ਗਲਤ ਦੋਸ਼ ਲਗਾਏ ਜਾ ਰਹੇ ਹਨ। ਉਹਨਾਂ ਦੀ ਕੋਸ਼ਿਸ਼ ਹੈ ਕਿ ਗੁਰਦੁਆਰਾ ਸਾਹਿਬ ਅਤੇ ਪਿੰਡ ਵਿਚ ਸ਼ਾਂਤੀ ਦਾ ਮਾਹੌਲ ਬਣਿਆ ਰਹੇ।