ਕਿਸਾਨਾਂ ਤੇ ਬੀਬੀਆਂ ਵਲੋਂ ਦੁਸਹਿਰੇ ਮੌਕੇ ਫੂਕੇ ਗਏ ਮੋਦੀ,ਅੰਬਾਨੀ ਤੇ ਅਡਾਨੀ ਦੇ ਪੁਤਲੇ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰੋਸ ਪ੍ਰਦਰਸ਼ਨ ਕਰ ਕਿਸਾਨ ਮਾਰੂ ਖੇਤੀ ਕਾਨੂੰਨ ਵਾਪਸ ਲੈਣ ਦੀ ਕੀਤੀ ਜ਼ੋਰਦਾਰ ਮੰਗ 

Farmer Protest

ਫਿਰੋਜ਼ਪੁਰ (ਪਰਮਜੀਤ ਸਿੰਘ): ਕਿਸਾਨ ਮਜ਼ਦੂਰ ਸ਼ੰਘਰਸ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਫਿਰੋਜ਼ਪੁਰ ਦੇ ਸੈਂਕੜੇ ਪਿੰਡਾਂ ਤੇ ਕਸਬਿਆਂ ਵਿਚ ਦੁਸਹਿਰੇ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਅੰਬਾਨੀ-ਅਡਾਨੀ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਗਏ। ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। 

ਵੱਖ ਵੱਖ ਥਾਵਾਂ ਤੇ ਪੁਤਲੇ ਫੂਕ ਮੁਜ਼ਾਹਰਿਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਧਰਮ ਸਿੰਘ ਸਿੱਧੂ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਤੇ ਨਰਿੰਦਰ ਪਾਲ ਸਿੰਘ ਜਤਾਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਪੱਖੀ ਨਾ ਹੋ ਕੇ ਕਾਰਪੋਰੇਟ ਜਗਤ ਦੇ ਮਨਸੂਬਿਆਂ ਨੂੰ ਪ੍ਰਫੂਲਤ ਕਰਨ 'ਤੇ ਕੰਮ ਕਰ ਰਹੀ ਹੈ।

ਉਹਨਾਂ ਕਿਹਾ ਕਿ ਜਿਸ ਤਰ੍ਹਾਂ ਅੰਗਰੇਜ਼ਾਂ ਵੱਲੋਂ ਈਸਟ ਇੰਡੀਆ ਨਾਮ ਦੀ ਕੰਪਨੀ ਨੂੰ ਲਿਆ ਕੇ ਦੇਸ਼ 'ਤੇ ਰਾਜ ਕੀਤਾ ਸੀ। ਉਸੇ ਤਰ੍ਹਾਂ ਹੀ ਮੋਦੀ ਵੀ ਅੰਬਾਨੀਆ ਤੇ ਅਡਾਨੀਆਂ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਦੇਸ਼ ਨੂੰ ਇਨ੍ਹਾਂ ਦੇ ਹੱਥਾਂ ਵਿਚ ਦੇਣ ਲਈ ਤਿਆਰ ਹਨ। 

ਉਹਨਾਂ ਕਿਹਾ ਕਿ ਸਰਕਾਰ ਕਿਸਾਨ ਮਾਰੂ ਖੇਤੀ ਸਬੰਧੀ ਕਾਲੇ ਕਾਨੂੰਨ ਬਣਾ ਕੇ ਦੇਸ਼ ਦੀ ਕਿਸਾਨੀ ਤੇ ਕਿਸਾਨਾਂ ਨੂੰ ਕਾਰਪੋਰੇਟ ਜਗਤ ਦਾ ਗ਼ੁਲਾਮ ਬਣਾਉਣ ਦੀ ਨੀਤੀ ਤੇ ਕੰਮ ਕਰ ਰਹੀ ਹੈ। ਇਸ ਨੂੰ ਦੇਸ਼ ਤੇ ਪੰਜਾਬ ਦੇ ਕਿਸਾਨ ਕਿਸੇ ਵੀ ਹਾਲਤ ਵਿਚ ਮਨਜ਼ੂਰ ਨਹੀਂ ਕਰਨਗੇ।

ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀ ਆਵਾਜ਼ ਸੁਣ ਕੇ ਖੇਤੀ ਸਬੰਧੀ ਕਾਲੇ ਕਾਨੂੰਨਾਂ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਪੰਜਾਬ ਵਿਚ ਵਾਪਰ ਰਹੀਆਂ ਬਲਾਤਕਾਰ ਦੀਆਂ ਘਟਨਾਵਾਂ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਬਲਾਤਕਾਰੀਆਂ ਨੂੰ ਸਖ਼ਤ ਕਾਨੂੰਨ ਬਣਾ ਕੇ ਸਜ਼ਾਵਾਂ ਦਿੱਤੀਆਂ ਜਾਣ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਘਰੇਲੂ ਬਿਜਲੀ 1 ਰੁਪਏ ਯੂਨਿਟ ਕੀਤੀ ਜਾਵੇ, ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ, ਰੇਤ ਮਾਈਨਿੰਗ ਦੇ ਕਾਲੇ ਧੰਦੇ ਨੂੰ ਬੰਦ ਕੀਤਾ ਜਾਵੇ।