ਅੱਜ ਕਿਸਾਨ ਮਨਾਉਣਗੇ ਵਿਲੱਖਣ ਦੁਸਹਿਰਾ, ਨਾਭਾ 'ਚ ਮੋਦੀ ਦਾ 35 ਫੁੱਟ ਉੱਚਾ ਪੁਤਲਾ ਤਿਆਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਕਿਸਾਨ ਫੂਕਣਗੇ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ

Farmer's dussehra in Punjab

ਨਾਭਾ: ਖੇਤੀ ਕਾਨੂੰਨਾਂ ਦੇ ਵਿਰੋਧ ਦੇ ਚਲਦਿਆਂ ਅੱਜ ਪੰਜਾਬ ਵਿਚ ਕਿਸਾਨਾਂ ਵੱਲੋਂ ਵਿਲੱਖਣ ਦੁਸਹਿਰਾ ਮਨਾਇਆ ਜਾ ਰਿਹਾ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਤਿਆਰ ਕੀਤੇ ਗਏ ਹਨ।

ਇਸ ਦੇ ਚਲਦਿਆਂ ਅੱਜ ਨਾਭਾ ਵਿਖੇ ਪੀਐਮ ਮੋਦੀ ਦਾ 35 ਫੁੱਟ ਉੱਚਾ ਪੁਤਲਾ ਤਿਆਰ ਕੀਤਾ ਗਿਆ ਹੈ। ਜਾਣਕਾਰੀ ਸਾਂਝੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਨਾਭਾ ਤੋਂ ਆਗੂ ਗੁਰਮੇਲ ਸਿੰਘ ਨੇ ਦੱਸਿਆ ਕਿ ਅੱਜ ਸੂਬੇ ਦੇ ਅਣਗਿਣਤ ਪਿੰਡਾਂ ਵਿਚ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਫੂਕੇ ਜਾਣਗੇ।

ਇਸ ਦੌਰਾਨ ਨਾਭਾ ਦੇ ਐਸਡੀਐਮ ਦਫ਼ਤਰ ਨੇੜੇ ਸ਼ਾਮ 3 ਵਜੇ ਰਾਵਣ ਦੀ ਥਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਜਾਵੇਗਾ। 

ਇਸ ਤੋਂ ਇਲਾਵਾ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿਖੇ ਵੀ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਜਾਰੀ ਸੰਘਰਸ਼ ਦੌਰਾਨ ਦੁਸਹਿਰੇ ਮੌਕੇ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੁਨੀਅਨ ਏਕਤਾ (ਉਗਰਾਹਾਂ) ਵੱਲੋਂ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁਤਲਿਆਂ ਦੀ ਜਗ੍ਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਹਨਾਂ ਦੇ ਸਾਥੀ ਕਾਰਪੋਰੇਟਾਂ ਦੇ ਪੁਤਲੇ ਫੂਕੇ ਜਾਣਗੇ। ਇਸੇ ਤਰ੍ਹਾਂ ਮਲੇਰਕੋਟਲਾ ਵਿਖੇ ਵੀ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਦੇ ਪੁਤਲਿਆਂ ਸਮੇਤ ਵੱਖ ਵੱਖ ਭਾਜਪਾ ਆਗੂਆਂ ਦੇ ਪੁਤਲੇ ਫੂਕੇ ਜਾਣਗੇ।