Vigilance nabs ASI for taking Bribe: ਦਫਤਰ 'ਚ 17,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵਲੋਂ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

DSP ਅਜਨਾਲਾ ਦੇ ਰੀਡਰ ਵਜੋਂ ਤਾਇਨਾਤ ਸੀ ASI ਰਾਜ ਕੁਮਾਰ

Punjab Vigilance Bureau nabs ASI for taking Bribe

 

Vigilance nabs ASI for taking Bribe: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇਕ ਹੋਰ ਸਫ਼ਲਤਾ ਹਾਸਲ ਕਰਦਿਆਂ ਡੀ.ਐਸ.ਪੀ. ਅਜਨਾਲਾ ਦੇ ਰੀਡਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ ਨੂੰ 17,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਉਕਤ ਏ.ਐਸ.ਆਈ ਨੂੰ ਅੰਮ੍ਰਿਤਸਰ ਜ਼ਿਲੇ ਦੇ ਅਜਨਾਲਾ ਕਸਬੇ ਦੇ ਵਸਨੀਕ ਮੋਹਨ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਅੱਗੇ ਦਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਏ.ਐਸ.ਆਈ. ਰਾਜ ਕੁਮਾਰ ਨੇ ਉਸ ਨੂੰ ਅਪਣੇ ਦਫਤਰ ਵਿਚ ਬੁਲਾ ਕੇ ਕਿਹਾ ਕਿ ਉਸ ਦੇ ਵਿਰੁਧ ਚੋਰੀ ਕੀਤੀਆਂ ਸੋਨੇ ਦੀਆਂ ਕੰਨਾਂ ਦੀਆਂ ਵਾਲੀਆਂ ਖਰੀਦਣ ਸਬੰਧੀ ਸ਼ਿਕਾਇਤ ਮਿਲੀ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਨੇ ਇਸ ਸਬੰਧੀ ਪੁਲਿਸ ਮੁਕੱਦਮੇ ਤੋਂ ਬਚਣ ਲਈ 50,000 ਰੁਪਏ ਰਿਸ਼ਵਤ ਵਜੋਂ ਦੇਣ ਲਈ ਕਿਹਾ ਪਰ ਸੌਦਾ 35,000 ਰੁਪਏ ਵਿੱਚ ਤੈਅ ਹੋ ਗਿਆ। ਧਮਕੀਆਂ ਤੋਂ ਡਰਦਿਆਂ ਸ਼ਿਕਾਇਤਕਰਤਾ ਇਸ ਮਾਮਲੇ ਨੂੰ ਸੁਲਝਾਉਣ ਲਈ ਰਿਸ਼ਵਤ ਦੇਣ ਲਈ ਸਹਿਮਤ ਹੋ ਗਿਆ ਪਰ ਵਿਜੀਲੈਂਸ ਬਿਊਰੋ ਕੋਲ ਵੀ ਸ਼ਿਕਾਇਤ ਕਰ ਦਿਤੀ।

ਬੁਲਾਰੇ ਨੇ ਅੱਗੇ ਦਸਿਆ ਕਿ ਇਹ ਸ਼ਿਕਾਇਤ ਮਿਲਣ 'ਤੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਮੁੱਢਲੀ ਜਾਂਚ ਉਪਰੰਤ ਜਾਲ ਵਿਛਾ ਕੇ ਏ.ਐਸ.ਆਈ ਰਾਜ ਕੁਮਾਰ ਨੂੰ ਉਸ ਦੇ ਦਫ਼ਤਰ ਵਿਚ ਹੀ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 17,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਮਿਤੀ 25 ਅਕਤੂਬਰ 2023 ਨੂੰ ਐਫ.ਆਈ.ਆਰ. 36 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।