ਪੰਜਾਬ ਵਿੱਚ ਨਿਵੇਸ਼ ਕਰਨ ਲਈ ਜਾਪਾਨੀ ਵਫ਼ਦ ਨੇ ਸਪੀਕਰ ਕੁਲਤਾਰ ਸੰਧਵਾਂ ਨਾਲ ਕੀਤੀ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਵੱਲੋਂ ਉਦਯੋਗਪਤੀਆਂ ਦੀ ਸਹੂਲਤ ਲਈ ਪਾਰਦਰਸ਼ਤਾ, ਭਰੋਸੇਯੋਗਤਾ ਨੂੰ ਯਕੀਨੀ ਬਣਾਉਂਦਿਆਂ ਇੱਕ ਸਪੱਸ਼ਟ ਨੀਤੀਗਤ ਢਾਂਚਾ ਤਿਆਰ ਕੀਤਾ ਗਿਆ ਹੈ।

Japanese delegation meets Speaker Kultar Sandhwan to invest in Punjab

ਚੰਡੀਗੜ੍ਹ:  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿੱਚ ਨਿਵੇਸ਼ ਕਰਨ ਦੇ ਇਛੁੱਕ ਇੱਕ ਵਿਸ਼ੇਸ਼ ਜਾਪਾਨੀ ਵਫ਼ਦ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਸਪੀਕਰ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ। ਇਸਦੇ ਨਾਲ ਹੀ ਪੰਜਾਬ ਉਦਯੋਗਿਕ ਖੇਤਰ ਲਈ ਇੱਕ ਹੱਬ ਵਜੋਂ ਉੱਭਰ ਰਿਹਾ ਹੈ। ਸਪੀਕਰ ਨੇ ਵਫਦ ਨੂੰ ਪੰਜਾਬ ਵਿੱਚ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਕਰਨ ਅਤੇ ਸਾਂਝੇ ਹਿੱਤਾਂ ਲਈ ਨਿਵੇਸ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਪਤੀਆਂ ਦੀ ਸਹੂਲਤ ਲਈ ਪਾਰਦਰਸ਼ਤਾ, ਭਰੋਸੇਯੋਗਤਾ ਨੂੰ ਯਕੀਨੀ ਬਣਾਉਂਦਿਆਂ ਇੱਕ ਸਪੱਸ਼ਟ ਨੀਤੀਗਤ ਢਾਂਚਾ ਤਿਆਰ ਕੀਤਾ ਗਿਆ ਹੈ।

 ਸਪੀਕਰ ਨੇ ਵਫ਼ਦ ਨੂੰ ਪੰਜਾਬ ਸਰਕਾਰ ਦੇ ਨਿਵੇਸ਼ ਪੰਜਾਬ ਪਲੇਟਫਾਰਮ ਬਾਰੇ ਜਾਣਕਾਰੀ ਦਿੱਤੀ ਜਿਸ ਵਿੱਚ ਸੂਬਾ ਸਰਕਾਰ ਵੱਲੋਂ ਇੱਕ ਸਿੰਗਲ ਵਿੰਡੋ ਪੋਰਟਲ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਟਫਾਰਮ ਜ਼ਰੀਏ ਨਿਵੇਸ਼ਕ 45 ਦਿਨਾਂ ਦੇ ਅੰਦਰ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੀਆਂ ਕਾਰੋਬਾਰ-ਪੱਖੀ ਨੀਤੀਆਂ ਅਤੇ ਨਿਵੇਸ਼ ਦੇ ਵਿਆਪਕ ਮੌਕੇ ਉਨ੍ਹਾਂ ਲਈ ਬੇਹੱਦ ਲਾਭਦਾਇਕ ਸਾਬਤ ਹੋਣਗੇ।

ਸ. ਸੰਧਵਾਂ ਨੇ ਉਨ੍ਹਾਂ ਨੂੰ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਬਾਰੇ ਵੀ ਜਾਣੂ ਕਰਵਾਇਆ ਜਿਸ ਵਿੱਚ ਪੰਜਾਬ ‘ਚ ਨਿਵੇਸ਼ ਨੂੰ ਹੋਰ ਬਿਹਤਰ ਬਣਾਉਣ ਲਈ ਸਥਾਨਕ ਅਤੇ ਵਿਦੇਸ਼ੀ ਨਿਵੇਸ਼ਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਂਦਾ ਹੈ। ਮੀਟਿੰਗ ਦੌਰਾਨ ਫਿਟ ਫਾਊਂਡਰ ਕੰਪਨੀ ਲਿਮਟਿਡ ਦੇ ਸੀ.ਈ.ਓ. ਸ਼ਿਨਤਾਰੋ ਹਾਚੀਗਾ ਅਤੇ ਸੀ.ਓ.ਓ. ਤਾਕਾਮਾਸਾ ਸੁਜੀ ਮੌਜੂਦ ਸਨ।