ਤ੍ਰਿ. ਬਾਜਵਾ ਵਲੋਂ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ਪ੍ਰਬੰਧਾਂ ਲਈ ਕੇਂਦਰ ਸਰਕਾਰ ‘ਤੇ ਰੋਸ
ਪੰਜਾਬ ਦੇ ਪੇਂਡੂ ਅਤੇ ਸ਼ਹਿਰੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੇਂਦਰ ਸਰਕਾਰ ਵਲੋਂ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ...
ਚੰਡੀਗੜ੍ਹ (ਸਸਸ) : ਪੰਜਾਬ ਦੇ ਪੇਂਡੂ ਅਤੇ ਸ਼ਹਿਰੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੇਂਦਰ ਸਰਕਾਰ ਵਲੋਂ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਲਈ ਕੀਤੇ ਜਾ ਰਹੇ ਸਮਾਗਮ ਲਈ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ ਉਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ ਜਿਸ ਵਿਚ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਅਤੇ ਇਲਾਕੇ ਦੇ ਮੰਤਰੀਆਂ ਨੂੰ ਪੂਰੀ ਤਰਾਂ ਅੱਖੋਂ ਪਰੋਖੇ ਕਰ ਦਿਤਾ ਗਿਆ ਹੈ। ਇਸ ਸਮਾਗਮ ਵਿਚ ਕੱਲ ਭਾਰਤ ਦੇ ਉਪ ਰਾਸ਼ਟਰਪਤੀ ਸ਼੍ਰੀ ਐਮ ਵੈਂਕਈਆ ਨਾਇਡੂ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖਣ ਆ ਰਹੇ ਹਨ।
ਸ਼੍ਰੀ ਬਾਜਵਾ ਨੇ ਅੱਜ ਇਥੋਂ ਜਾਰੀ ਅਪਣੇ ਇਕ ਪ੍ਰੈਸ ਬਿਆਨ ਵਿਚ ਕਿਹਾ ਹੈ ਕਿ ਇਸ ਸਮਾਗਮ ਵਿਚ ਬੋਲਣ ਵਾਲੇ ਬੁਲਾਰਿਆਂ ਅਤੇ ਸਟੇਜ ਉਤੇ ਬੈਠਣ ਵਾਲੇ ਆਗੂਆਂ ਦੇ ਨਾਵਾਂ ਦਾ ਫੈਸਲਾ ਦਿੱਲੀ ਵਿਚ ਬੈਠ ਕੇ ਕੀਤਾ ਗਿਆ ਹੈ। ਉਹਨਾਂ ਦਸਿਆ ਕਿ ਸਥਾਨਕ ਧਾਰਮਿਕ ਆਗੂਆਂ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਸਮਾਗਮ ਵਿਚ ਧੰਨਵਾਦ ਕਰਨ ਦੀ ਦਿਤੀ ਗਈ ਜ਼ਿਮੇਂਵਾਰੀ ਉਤੇ ਸਖ਼ਤ ਇਤਰਾਜ਼ ਕੀਤਾ ਹੈ। ਸੰਤ ਸਮਾਜ ਅਤੇ ਪੰਜਾਬ ਕਾਂਗਰਸ ਦਾ ਮੰਨਣਾ ਹੈ ਕਿ ਇਹ ਜ਼ਿਮੇਂਵਾਰੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਇਲਾਕੇ ਦੇ ਪਾਰਲੀਮੈਂਟ ਮੈਂਬਰ ਸੁਨੀਲ ਜਾਖੜ ਨੂੰ ਦਿਤੀ ਜਾਣੀ ਚਾਹੀਦੀ ਸੀ।
ਸ੍ਰੀ ਬਾਜਵਾ ਨੇ ਇਹ ਵੀ ਦਸਿਆ ਕਿ ਸੰਤ ਸਮਾਜ ਨੇ ਫ਼ੈਸਲਾ ਕੀਤਾ ਹੈ ਕਿ ਉਹ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਸਟੇਜ ਸਾਂਝੀ ਕਰਨ ਨਹੀਂ ਕਰਨਗੇ ਅਤੇ ਜੇ ਉਹ ਇਸ ਸਮਾਗਮ ਵਿਚ ਆਏ ਤਾਂ ਉਹ ਸਮਾਗਮ ਦਾ ਬਾਈਕਾਟ ਕਰਨਗੇ। ਸ਼੍ਰੀ ਬਾਜਵਾ ਨੇ ਕਿਹਾ ਕਿ ਇਸ ਸਮਾਗਮ ਵਿਚ ਨਾ ਸਿਰਫ਼ ਕਾਂਗਰਸ ਦੀ ਸਥਾਨਕ ਲੀਡਰਸ਼ਿਪ ਨੂੰ ਬਲਕਿ ਇਸ ਇਲਾਕੇ ਦੇ ਮੰਤਰੀਆਂ ਨੂੰ ਵੀ ਸਮਾਗਮ ਤੋਂ ਲਾਂਭੇ ਰੱਖਿਆ ਗਿਆ ਹੈ।
ਉਹਨਾਂ ਨੇ ਖ਼ਦਸ਼ਾ ਪ੍ਰਗਟਾਇਆ ਕਿ ਸਮਾਗਮ ਵਿਚ ਅਕਾਲੀ ਆਗੂਆਂ ਖਾਸ ਕਰ ਕੇ ਬਾਦਲ ਪਰਿਵਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਹਾਜ਼ਰੀ ਸੁਰੱਖਿਆ ਦਾ ਮਾਮਲਾ ਖੜਾ ਕਰ ਸਕਦੀ ਹੈ ਕਿਉਂਕਿ ਅਕਾਲੀ ਸਰਕਾਰ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਅਕਾਲੀਆਂ ਆਗੂਆਂ ਖਿਲਾਫ ਸਖ਼ਤ ਰੋਹ ਹੈ।
ਉਹਨਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਲਾਂਘਾ ਬਨਾਉਣ ਦਾ ਲਾਹਾ ਲੈਣ ਦੀ ਦੌੜ ਵਿਚ ਨੀਂਹ ਪੱਥਰ ਸਮਾਗਮ ਬਿਨਾਂ ਕਿਸੇ ਤਿਆਰੀ ਤੋਂ ਪਾਕਿਸਤਾਨ ਸਰਕਾਰ ਦੇ ਨੀਂਹ ਪੱਥਰ ਸਮਾਗਮ ਤੋਂ ਦੋ ਦਿਨ ਪਹਿਲਾਂ ਰੱਖ ਲਿਆ ਹੈ ਜਿਸ ਕਰ ਕੇ ਹਫੜਾ ਦਫੜੀ ਪੈਦਾ ਹੋ ਗਈ ਹੈ। ਸ਼੍ਰੀ ਬਾਜਵਾ ਨੇ ਮੰਗ ਕੀਤੀ ਹੈ ਕਿ ਪੰਜਾਬ ਕਾਂਗਰਸ ਦੇ ਆਗੂਆਂ ਅਤੇ ਇਲਾਕੇ ਦੇ ਮੰਤਰੀਆਂ ਨੂੰ ਸਮਾਗਮ ਵਿਚ ਬਣਦਾ ਮਾਣ ਸਤਿਕਾਰ ਦਿਤਾ ਜਾਵੇ।