ਸੂਬੇ ਦੇ ਉਦਯੋਗਿਕ ਖੇਤਰ ਦੀ ਸਮਰੱਥਾ ਨੂੰ ਮੁੜ-ਉਭਾਰਨਾ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ : ਅਰੋੜਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਉਦਯੋਗਿਕ ਖੇਤਰ ਨੂੰ ਇਸ ਦੀ ਪੂਰੀ ਸਮਰੱਥਾ ਮੁਤਾਬਿਕ ਨੇੜਲੇ ਭਵਿੱਖ ਵਿੱਚ ਮੁੜ-ਉਭਾਰਨ ਨੂੰ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜ਼ੀਹ...

Revival of industrial sector and promotion of tourism in the state

ਚੰਡੀਗੜ੍ਹ (ਸਸਸ) : ਪੰਜਾਬ ਦੇ ਉਦਯੋਗਿਕ ਖੇਤਰ ਨੂੰ ਇਸ ਦੀ ਪੂਰੀ ਸਮਰੱਥਾ ਮੁਤਾਬਿਕ ਨੇੜਲੇ ਭਵਿੱਖ ਵਿੱਚ ਮੁੜ-ਉਭਾਰਨ ਨੂੰ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜ਼ੀਹ ਕਰਾਰ ਦਿੰਦਿਆਂ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੰਜੀਦਾ ਫੈਸਲੇ ਲੈ ਕੇ ਅਤੇ ਨਵੀਂਆਂ ਸੰਭਾਵਨਾਵਾਂ ਤਲਾਸ਼ ਕੇ ਪੰਜਾਬ ਅੰਦਰ ਉਦਯੋਗਿਕ ਖੇਤਰ ਵਿੱਚ ਵੱਧ ਤੋਂ ਵੱਧ ਨਿਵੇਸ਼ ਨੂੰ ਉਤਸ਼ਾਹਿਤ  ਕਰਨ ਅਤੇ ਸੂਬੇ ਦੇ ਸੈਰ-ਸਪਾਟਾ ਖੇਤਰ ਦੇ ਹੋਰ ਉਥਾਨ ਲਈ ਪ੍ਰਤੀਬੱਧਤਾ ਨਾਲ ਕੰਮ ਕਰ ਰਹੀ ਹੈ। 

ਸ੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ 'ਚ ਉਦਯੋਗ ਨੂੰ ਹੁਲਾਰਾ ਦੇਣ ਅਤੇ ਵੱਡੀ ਪੱਧਰ 'ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਾਸਤੇ ਉੱਘੇ ਉਦਯੋਗਿਕ ਘਰਾਣਿਆਂ ਨਾਲ 4335 ਕਰੋੜ ਰੁਪਏ ਦੇ ਨਿਵੇਸ਼ ਨਾਲ ਸਬੰਧਤ 143 ਸਮਝੌਤਿਆਂ 'ਤੇ ਸਹੀ ਪਾਈ ਹੈ ਜਿਸ ਨਾਲ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਰੁਜ਼ਗਾਰ ਹਾਸਲ ਹੋਵੇਗਾ।  ਉਨ੍ਹਾਂ  ਕਿਹਾ ਕਿ ਪੰਜਾਬ ਸਰਕਾਰ ਵਲੋਂ ਟੂਰਿਜਮ ਖੇਤਰ ਅੰਦਰ ਨਿਵੇਸ਼ ਨੂੰ ਪ੍ਰੇਰਿਤ ਕਰਨ ਲਈ ਵਿਸ਼ੇਸ਼ ਰਿਆਇਤਾਂ ਦਿਤੀਆਂ ਜਾ ਰਹੀਆਂ ਹਨ।

ਤਾਂ ਜੋ ਰਾਜ ਦੇ ਇਸ ਪੱਖ ਦੀ ਭਲਾਈ ਅਤੇ ਵਿਕਾਸ ਨੂੰ ਤਰਜੀਹ ਦਿਤੀ ਜਾ ਸਕੇ। ਪੰਜਾਬ ਅੰਦਰ ਪ੍ਰੰਪਰਾਗਤ ਉਦਯੋਗਾਂ ਨੂੰ ਮੁੜ ਸੁਰਜੀਤ ਕਰਨ ਲਈ ਰੱਖੇ ਫੰਡਜ਼ ਤਹਿਤ ਬਠਿੰਡਾ ਵਿੱਚ ਸ਼ਹਿਦ ਕਲੱਸਟਰ ਅਤੇ ਹੁਸ਼ਿਆਰਪੁਰ ਵਿਖੇ ਵੂਡਨ ਇਨਲੇ ਅਤੇ ਕੁਝ ਹੋਰ ਕਲੱਸਟਰਾਂ ਨੂੰ ਭਾਰਤ ਸਰਕਾਰ ਦੀ ਐਮ.ਐਸ.ਐਮ.ਈ ਸਕੀਮ ਅਧੀਨ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਟੂਰਿਜ਼ਮ ਵਿਭਾਗ ਦੀ ਸ਼ਮੂਲੀਅਤ ਨਾਲ ਪੰਜਾਬ ਅੰਦਰ ਪ੍ਰੰਪਰਾਗਤ ਕਲਾਵਾਂ ਜਿਵੇਂ ਹਸਤਕਲਾ, ਫੁੱਲਕਾਰੀ, ਲੱਕੜ ਦੀ ਕਲਾਕਾਰੀ ਦੇ ਵਿਕਾਸ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ  ਹਨ। 

ਤਾਂ ਜੋ ਇਸ ਜ਼ਰੀਏ ਵੱਡੇ ਪੈਮਾਨੇ 'ਤੇ ਰੁਜ਼ਗਾਰ ਦੇ ਮੌਕੇ ਪੈਦਾ ਹੋ ਸਕਣ।  ਉਨ੍ਹਾਂ ਨਾਲ ਹੀ ਕਿਹਾ ਕਿ ਨਵੀਂ ਉਦਯੋਗਿਕ ਨੀਤੀ ਦਾ ਉਦੇਸ਼ ਵੀ ਪੰਜਾਬ ਦੀ ਆਰਥਿਕ ਮਜਬੂਤੀ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਨਵੀਆਂ ਸੰਭਾਵਨਾਵਾਂ ਨੂੰ ਤਲਾਸ਼ਣ ਪ੍ਰਤੀ ਪ੍ਰਤੀਬੱਧਤਾ ਹੀ ਹੈ। ਇਸ ਮੌਕੇ ਪੰਜਾਬੀ ਗਾਇਕ ਪੰਮੀ ਬਾਈ ਵੱਲੋਂ ਪੰਜਾਬੀ ਗੀਤ  ਪੇਸ਼ ਕੀਤੇ ਗਏ। ਇਸ ਮੌਕੇ ਟੂਰਿਜ਼ਮ ਵਿਭਾਗ ਵੱਲੋਂ ਸ੍ਰੀ ਅਰੋੜਾ ਅਤੇ ਹੋਰ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ।

ਇਸ ਮੌਕੇ ਟੂਰਿਜ਼ਮ ਵਿਭਾਗ ਦੇ ਡਾਇਰੈਕਟਰ ਸ੍ਰੀ ਮਾਲਵਿੰਦਰ ਸਿੰਘ ਜੱਗੀ, ਜੁਆਇੰਟ ਡਾਇਰੈਕਟਰ ਸ੍ਰੀ ਲਖਮੀਰ ਸਿੰਘ, ਅਤੇ ਪੀ.ਐਸ.ਆਈ.ਈ.ਸੀ ਦੇ ਸ੍ਰੀ ਸੁਖਦੀਪ ਸਿੰਘ ਸਿੱਧੂ ਤੇ ਹੋਰ ਅਧਿਕਾਰੀ ਹਾਜ਼ਰ ਸਨ।