ਅਕਾਲੀ ਦਲ ਅੰਮ੍ਰਿਤਸਰ ਨੇ ਕੇਂਦਰ ਸਰਕਾਰ ਖਿਲਾਫ਼ ਬਰਨਾਲਾ ਰੇਲਵੇ ਟਰੈਕ 'ਤੇ ਲਾਇਆ ਧਰਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਰਨਾਲਾ ਰੇਲਵੇ ਸਟੇਸ਼ਨ ਤੋਂ ਕਿਸੇ ਵੀ ਗੱਡੀ ਨੂੰ ਲੰਘਣ ਨਹੀਂ ਦੇਵਾਂਗੇ- ਅਕਾਲੀ ਦਲ ਅੰਮ੍ਰਿਤਸਰ

Akali dal Amritsar protest

ਬਰਨਾਲਾ: ਅਕਾਲੀ ਦਲ ਅੰਮ੍ਰਿਤਸਰ ਨੇ ਅੱਜ ਬਰਨਾਲਾ ਵਿਖੇ ਰੇਲਵੇ ਟਰੈਕ 'ਤੇ ਧਰਨਾ ਲਗਾਇਆ ਹੈ। ਇਹ ਧਰਨਾ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਕਾਰਨ ਲਗਾਇਆ ਗਿਆ ਹੈ। ਇਸ ਦੌਰਾਨ ਅਕਾਲੀ ਦਲ ਅੰਮ੍ਰਿਤਸਰ ਜ਼ਿਲ੍ਹਾ ਬਰਨਾਲਾ ਦੇ ਆਗੂਆਂ ਨੇ ਰੇਲਵੇ ਟਰੈਕ 'ਤੇ ਬੈਠ ਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

ਆਗੂਆਂ ਦਾ ਕਹਿਣਾ ਹੈ ਕਿ ਉਹ ਬਰਨਾਲਾ ਰੇਲਵੇ ਸਟੇਸ਼ਨ ਤੋਂ ਕਿਸੇ ਵੀ ਗੱਡੀ ਨੂੰ ਲੰਘਣ ਨਹੀਂ ਦੇਣਗੇ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਦਰਸ਼ਨ ਸਿੰਘ ਮੰਡੇਰ ਅਤੇ ਸੀਨੀਅਰ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਤੇ ਉਂਕਾਰ ਸਿੰਘ ਬਰਾੜ ਨੇ ਕਿਹਾ ਕਿ ਉਹਨਾਂ ਨੇ ਇਹ ਫੈਸਲਾ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੇ ਚਲਦਿਆਂ ਲਿਆ ਹੈ।

ਇਸ ਮੌਕੇ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਵੀ ਪਹੁੰਚ ਗਏ। ਪੁਲਿਸ ਨੇ ਅਕਾਲੀ ਦਲ ਅੰਮ੍ਰਿਤਸਰ ਦੇ ਧਰਨੇ ਨੂੰ ਚੁੱਕ ਕੇ ਰੇਲਵੇ ਪਾਰਕਿੰਗ ਵਿਚ ਲਗਾ ਦਿੱਤਾ ਹੈ। ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੇ ਚਲਦਿਆਂ 'ਦਿੱਲੀ ਚਲੋ' ਪ੍ਰੋਗਰਾਮ ਦਾ ਐਲ਼ਾਨ ਕੀਤਾ ਗਿਆ ਹੈ। ਇਸ ਤੋਂ ਬਾਅਦ ਸਰਕਾਰ ਵੱਲੋਂ ਉਹਨਾਂ ਨੂੰ ਦਿੱਲੀ ਵਿਚ ਦਾਖਲ ਹੋਣ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।