2022 ਦੀਆਂ ਚੋਣਾਂ ਵੇਲੇ 27.98 ਕਰੋੜ ਹੋ ਗਈ ਸੀ ਸਾਬਕਾ ਉੱਪ ਮੁੱਖ ਮੰਤਰੀ ਦੀ ਜਾਇਦਾਦ, ਵਿਜੀਲੈਂਸ ਨੇ ਤਿਆਰ ਕੀਤਾ ਖਰੜਾ 

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਅੱਜ ਤਲਬ ਕੀਤਾ ਸੀ

OP Soni

ਚੰਡੀਗੜ੍ਹ - ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਅੱਜ ਤਲਬ ਕੀਤਾ ਸੀ। ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਇਸ ਸਬੰਧੀ ਬੀਤੇ ਦਿਨ ਹੀ ਹਰੀ ਝੰਡੀ ਦਿੱਤੀ ਸੀ। ਸੋਨੀ ਅਜਿਹੇ ਚੌਥੇ ਕਾਂਗਰਸੀ ਨੇਤਾ ਹੋਣਗੇ ਜਿਨ੍ਹਾਂ ਖਿਲਾਫ਼ ਵਿਜੀਲੈਂਸ ਕਾਰਵਾਈ ਕਰੇਗੀ 

ਸੂਤਰਾਂ ਅਨੁਸਾਰ ਵਿਜੀਲੈਂਸ ਬਿਊਰੋ ਨੇ ਸਰੋਤਾਂ ਤੋਂ ਵੱਧ ਆਮਦਨ ਦੇ ਮੁੱਦੇ ’ਤੇ ਓ.ਪੀ. ਸੋਨੀ ਨੂੰ ਤਲਬ ਕੀਤਾ ਹੈ। ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਕੁਝ ਸਮਾਂ ਪਹਿਲਾਂ ਓਪੀ ਸੋਨੀ ਦੀ ਆਮਦਨ ਅਤੇ ਜਾਇਦਾਦ ਦੀ ਪੜਤਾਲ ਸ਼ੁਰੂ ਕੀਤੀ ਸੀ ਤੇ ਪੜਤਾਲ ਪੂਰੀ ਹੋਣ ਮਗਰੋਂ ਹੁਣ ਸੋਨੀ ਨੂੰ ਅੰਮ੍ਰਿਤਸਰ ਦੇ ਐੱਸਐੱਸਪੀ ਵਿਜੀਲੈਂਸ ਨੇ ਤਲਬ ਕੀਤਾ ਹੈ। ਵਿਜੀਲੈਂਸ ਨੇ ਕਾਂਗਰਸੀ ਆਗੂ ਓਪੀ ਸੋਨੀ ਦੀਆਂ ਨਾਮੀ ਤੇ ਬੇਨਾਮੀ ਜਾਇਦਾਦਾਂ ਦਾ ਖਰੜਾ ਤਿਆਰ ਕੀਤਾ ਹੈ। ਜੋ ਇਸ ਪ੍ਰਕਾਰ ਹੈ -  

ਸਾਬਕਾ ਉਪ ਮੁੱਖ ਮੰਤਰੀ ਸੋਨੀ ਨੇ ਜਿਨ੍ਹਾਂ ਅਸਾਸਿਆਂ ਦਾ ਚੋਣ ਕਮਿਸ਼ਨ ਕੋਲ ਵੱਖ ਵੱਖ ਸਮਿਆਂ ’ਤੇ ਹਲਫੀਆ ਬਿਆਨ ਜ਼ਰੀਏ ਖੁਲਾਸਾ ਕੀਤਾ ਹੈ, ਉਨ੍ਹਾਂ ਨੂੰ ਦੇਖੀਏ ਤਾਂ ਉਨ੍ਹਾਂ ਦੀ ਜਾਇਦਾਦ ਕਾਫ਼ੀ ਹੱਦ ਤੱਕ ਵਧ ਗਈ ਹੈ। 2007 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸੋਨੀ ਨੇ ਆਪਣੀ ਚੱਲ-ਅਚੱਲ ਜਾਇਦਾਦ 1.94 ਕਰੋੜ ਦੀ ਦੱਸੀ ਜੋ ਕਿ ਲੰਘੀਆਂ 2022 ਦੀਆਂ ਚੋਣਾਂ ਮੌਕੇ ਵਧ ਕੇ 27.98 ਕਰੋੜ ਦੀ ਹੋ ਗਈ ਹੈ। 2009 ਦੀ ਲੋਕ ਸਭਾ ਚੋਣ ਮੌਕੇ ਸੋਨੀ ਦੀ ਜਾਇਦਾਦ 3.80 ਕਰੋੜ ਰੁਪਏ ਸੀ। ਲੰਘੀ ਕਾਂਗਰਸੀ ਹਕੂਮਤ ਸਮੇਂ ਸਭ ਤੋਂ ਵੱਧ ਜਾਇਦਾਦ ਵਧੀ ਹੈ ਅਤੇ ਇਸ ਵਿਚ ਕਰੀਬ 10 ਕਰੋੜ ਦਾ ਵਾਧਾ ਹੋਇਆ ਜਦਕਿ ਕਰਜ਼ਾ ਇਕਦਮ ਘਟਿਆ ਹੈ।

ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਜਾਇਦਾਦ ਦਾ ਵੇਰਵਾ 

ਸਾਲ   ਜਾਇਦਾਦ (ਕਰੋੜਾਂ 'ਚ)  ਕਰਜ਼ਾ 
2007  1.94                 5.60 ਲੱਖ 
2009   3.80              6 ਲੱਖ 
2012     9.76               1.02 ਕਰੋੜ 
2017  18.28               1.00 ਕਰੋੜ 
2022   27.98 ਕਰੋੜ         11.73 ਲੱਖ