26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ‘ਤੇ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਮੌਕਾ ਮਿਲੇਗਾ

Mock student session to be held in the provisional Punjab Vidhan Sabha established at Sri Anandpur Sahib on November 26

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੱਸਿਆ ਕਿ ਮੌਕ ਸਟੂਡੈਂਟ ਸੈਸ਼ਨ 26 ਨਵੰਬਰ ਨੂੰ ਸੰਵਿਧਾਨ ਦਿਵਸ ਵਾਲੇ ਦਿਨ ਚੰਡੀਗੜ੍ਹ ਦੀ ਬਜਾਏ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਤ ਕੀਤੀ ਗਈ ਆਰਜ਼ੀ ਵਿਧਾਨ ਸਭਾ ਵਿੱਚ ਹੋਵੇਗਾ। ਇਸ ਮੌਕ ਸਟੂਡੈਂਟ ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ‘ਤੇ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਮੌਕਾ ਮਿਲੇਗਾ।

ਸਪੀਕਰ ਨੇ ਕਿਹਾ ਕਿ ਜਦੋਂ ਕੋਈ ਸਰਕਾਰ ਆਪਣੇ ਬੱਚਿਆਂ ਨੂੰ ਸਿਰਫ਼ ਵਿਦਿਆ ਹੀ ਨਹੀਂ, ਸਗੋਂ ਉਨ੍ਹਾਂ ਨੂੰ ਜਿਊਣ ਦਾ ਸਲੀਕਾ ਸਿਖਾਉਣ ਲਈ ਵਚਨਬੱਧ ਹੁੰਦੀ ਹੈ ਤਾਂ ਸਿੱਖਿਆ ਸਿਰਫ਼ ਕਿਤਾਬਾਂ ਤੱਕ ਸੀਮਤ ਨਹੀਂ ਰਹਿੰਦੀ, ਸਗੋਂ ਇੱਕ ਵੱਡੀ ਕ੍ਰਾਂਤੀ ਵਿੱਚ ਬਦਲ ਜਾਂਦੀ ਹੈ ਅਤੇ ਇਹ ਕ੍ਰਾਂਤੀ ਪੰਜਾਬ ਦੀ ਧਰਤੀ ਉੱਤੇ ਉਭਰ ਚੁੱਕੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਭਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚੋਂ ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ ਜੋ ਇਸ ਮੌਕ ਵਿਦਿਆਰਥੀ ਸੈਸ਼ਨ ਵਿੱਚ ਮੁੱਖ ਮੰਤਰੀ, ਸਪੀਕਰ, ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਕਦਮ ਸਿੱਖਿਆ ਨੂੰ ਲੋਕਤੰਤਰੀ ਪ੍ਰਕਿਰਿਆਵਾਂ ਨਾਲ ਜੋੜੇਗਾ।

ਸਪੀਕਰ ਸ. ਸੰਧਵਾਂ ਨੇ ਸਦਨ ਵਿੱਚ ਸ਼ਾਮਲ ਹੋਣ ਲਈ ਆਉਣ ਵਾਲੇ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਅਧਿਆਪਕਾਂ, ਸਕੂਲ ਸਟਾਫ਼ ਅਤੇ ਮਾਪਿਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਵੀ ਦਿੱਤੀਆਂ।