ਭਾਜਪਾ ਦੇ ਇਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਦਿਤਾ ਅਸਤੀਫ਼ਾ
ਭਾਜਪਾ ਦੇ ਇਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਦਿਤਾ ਅਸਤੀਫ਼ਾ
ਕੋਟਕਪੂਰਾ, 24 ਦਸੰਬਰ (ਗੁਰਮੀਤ ਸਿੰਘ ਮੀਤਾ) : ਭਾਜਪਾ ਵਲੋਂ ਦੋ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਦੇ ਮੰਤਵ ਨਾਲ ਜਬਰੀ ਪਾਸ ਕੀਤੇ ਗਏ ਕਾਲੇ ਕਾਨੂੰਨਾ ਦੇ ਵਿਰੋਧ ’ਚ ਭਾਜਪਾ ਆਗੂਆਂ ਦੇ ਅਸਤੀਫ਼ੇ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਇਲਾਕੇ ’ਚ ਭਾਰਤੀ ਜਨਤਾ ਪਾਰਟੀ ਨੂੰ ਉਸੇ ਸਮੇਂ ਇਕ ਹੋਰ ਝਟਕਾ ਲੱਗਾ ਜਦੋਂ ਬੀਤੇ ਕਰੀਬ 10 ਸਾਲਾਂ ਤੋਂ ਪਾਰਟੀ ਲਈ ਲਗਾਤਾਰ ਕੰਮ ਕਰ ਰਹੇ ਕੌਂਸਲਰ ਸ਼ੰਕਰ ਕੁਮਾਰ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿਤਾ। ਇਸ ਦੌਰਾਨ ਸ਼ੰਕਰ ਕੁਮਾਰ ਨੇ ਕਿਹਾ ਕਿ ਬੀਤੇ ਕਰੀਬ ਇਕ ਮਹੀਨੇ ਤੋਂ ਦੇਸ਼ ਭਰ ਦੇ ਕਿਸਾਨ ਦਿੱਲੀ ਬਾਰਡਰਾਂ ’ਤੇ ਕੜਾਕੇ ਦੀ ਠੰਡ ’ਚ ਖੁੱਲ੍ਹੇ ਅਸਮਾਨ ਹੇਠ ਸੰਘਰਸ਼ ਕਰ ਰਹੇ ਹਨ ਪਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਜਿਸ ਕਾਰਨ ਉਨ੍ਹਾਂ ਦੇ ਮਨ ਨੂੰ ਬਹੁਤ ਠੇਸ ਪੁੱਜੀ।
ਉਨ੍ਹਾਂ ਕਿਹਾ ਕਿ ਜਿਸ ਪਾਰਟੀ ਵਲੋਂ ਸਾਰੇ ਦੇਸ਼ ਦਾ ਪੇਟ ਭਰਨ ਵਾਲੇ ਅੰਨਦਾਤਾ ਕਿਸਾਨ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਤਾਂ ਬਾਕੀ ਲੋਕ ਇਸ ਤੋਂ ਕੀ ਉਮੀਦ ਰੱਖਣਗੇ? ਉਨ੍ਹਾਂ ਕਿਹਾ ਕਿ ਉਹ ਬੀਤੇ 10 ਸਾਲਾਂ ਤੋਂ ਲਗਾਤਾਰ ਪਾਰਟੀ ਲਈ ਕੰਮ ਕਰ ਰਹੇ ਹਨ ਤੇ ਪਾਰਟੀ ਦੇ ਨਿਸ਼ਾਨ ’ਤੇ ਚੋਣ ਲੜ ਕੇ ਕੌਂਸਲਰ ਬਣੇ ਸਨ। ਉਨ੍ਹਾਂ ਕਿਹਾ ਕਿ ਉਹ ਅਪਣਾ ਅਸਤੀਫ਼ਾ ਪਾਰਟੀ ਹਾਈਕਮਾਂਡ ਨੂੰ ਵੀ ਭੇਜ ਰਹੇ ਹਨ।
ਫੋਟੋ :- ਕੇ.ਕੇ.ਪੀ.-ਗੁਰਿੰਦਰ-24-7ਜੀ