ਹੁਸ਼ਿਆਰਪੁਰ ‘ਚ ਕਿਸਾਨਾਂ ਵੱਲੋਂ ਭਾਜਪਾ ਆਗੂ ਸੋਮ ਪ੍ਰਕਾਸ਼ ਦਾ ਜ਼ਬਰਦਸਤ ਵਿਰੋਧ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਟਲ ਬਿਹਾਰੀ ਵਾਜਪੇਈ ਦੀ ਜਯੰਤੀ ਮੌਕੇ ਪ੍ਰੋਗਰਾਮ ਨੂੰ ਸੰਬੋਧਨ ਕਰਨ ਜਾ ਰਹੇ ਸੀ ਸੋਮ ਪ੍ਰਕਾਸ਼

Protest Against Som Parkash

ਹੁਸ਼ਿਆਰਪੁਰ : ਖੇਤੀ ਕਾਨੂੰਨਾਂ ਵਿਰੁੱਧ ਰੋਸ ਦੇ ਚਲਦਿਆਂ ਕਿਸਾਨਾਂ ਵੱਲੋਂ  ਲਗਾਤਾਰ ਭਾਜਪਾ ਆਗੂਆਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ਦੇ ਚਲਦਿਆਂ ਅੱਜ ਹੁਸ਼ਿਆਰਪੁਰ ਵਿਖੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ। ਦਰਅਸਲ ਅੱਜ ਸੋਮ ਪ੍ਰਕਾਸ਼ ਅਟਲ ਬਿਹਾਰੀ ਵਾਜਪੇਈ ਦੀ ਜਯੰਤੀ ਮੌਕੇ ਭਾਜਪਾ ਵੱਲੋਂ ਰੱਖੇ ਗਏ ਪ੍ਰੋਗਰਾਮ ਨੂੰ ਸੰਬੋਧਨ ਕਰਨ ਲਈ ਹੁਸ਼ਿਆਰਪੁਰ ਪਹੁੰਚੇ।

ਉਹਨਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਕਿਸਾਨਾਂ ਦੇ ਇਕੱਠ ਨੇ ਚੌਂਕ ਨੂੰ ਜਾਮ ਕਰ ਦਿੱਤਾ। ਇਸ ਮੌਕੇ ਭਾਰੀ ਗਿਣਤੀ ‘ਚ ਪੁਲਿਸ ਫੋਰਸ ਤੈਨਾਤ ਕੀਤੀ ਗਈ। ਇਸ ਮੌਕੇ ਪੁਲਿਸ ਨੇ ਬੈਰੀਕੇਡ ਲਗਾ ਕੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨਾਂ ਨੇ ਬੈਰੀਕੇਡ ਤੋੜ ਕੇ ਪ੍ਰੋਗਰਾਮ ਨੂੰ ਰੋਕ ਦਿੱਤਾ। ਇਸ ਦੌਰਾਨ ਸੋਮ ਪ੍ਰਕਾਸ਼ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ 9 ਕਰੋੜ ਕਿਸਾਨਾਂ ਦੇ ਖਾਤਿਆਂ ਵਿਚ 18 ਹਜ਼ਾਰ ਕਰੋੜ ਦੀ ਰਕਮ ਪਾਈ ਗਈ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੀ ਸਮੱਸਿਆ ਹੱਲ ਕਰਨ ਲਈ ਮੈਂ ਲਗਾਤਾਰ ਕਿਸਾਨਾਂ ਨਾਲ ਗੱਲ ਕਰ ਰਿਹਾ ਹਾਂ। ਜਲਦੀ ਹੀ ਇਸ ਸਮੱਸਿਆ ਦਾ ਹੱਲ ਹੋ ਜਾਵੇਗਾ।

ਇਸ ਤੋਂ ਇਲਾਵਾ ਹੋਰ ਵੀ ਕਈ ਥਾਵਾਂ ‘ਤੇ ਭਾਜਪਾ ਸਮਰਥਕਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਸਾਬਕਾ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ ਦਾ ਘਿਰਾਓ ਵੀ ਕੀਤਾ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਵੀ ਹੋਈ। ਇਸ ਦੇ ਬਾਵਜੂਦ ਕਿਸਾਨ ਸਾਬਕਾ ਮੰਤਰੀ ਦੇ ਘਰ ਬਾਹਰ ਪਹੁੰਚ ਗਏ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡ ਵੀ ਲਗਾਏ ਪਰ ਕਿਸਾਨਾਂ ਨੇ ਬੈਰੀਕੇਡ ਤੋੜ ਦਿੱਤੇ ਅਤੇ ਅੱਗੇ ਵਧ ਗਏ। ਇਸ ਦੌਰਾਨ ਧੱਕਾ-ਮੁੱਕੀ ਵੀ ਹੋਈ ਤੇ 2 ਕਿਸਾਨਾਂ ਦੀਆਂ ਪੱਗਾਂ ਵੀ ਉਤਰ ਗਈਆਂ।