ਪਟਿਆਲਾ: ਵਾਧੂ ਫੀਸ ਵਸੂਲਣ ਵਾਲੇ ਦੋ ਪ੍ਰਾਈਵੇਟ ਸਕੂਲਾਂ ਨੂੰ ਤਿੰਨ ਲੱਖ ਰੁਪਏ ਜੁਰਮਾਨਾ

ਏਜੰਸੀ

ਖ਼ਬਰਾਂ, ਪੰਜਾਬ

ਇਨ੍ਹਾਂ ਸਕੂਲਾਂ ਖਿਲਾਫ਼ ਸ਼ਿਕਾਇਤਾਂ ਮਿਲੀਆਂ ਸਨ

Patiala: Three lakh rupees fined to two private schools for charging extra fees

 

ਪਟਿਆਲਾ- ਵਿੱਦਿਅਕ ਸਾਲ 2022-23 ਦੌਰਾਨ ਵਿਦਿਆਰਥੀਆਂ ਤੋਂ ਵਾਧੂ ਫੀਸ ਵਸੂਲਣ ਦਾ ਨੋਟਿਸ ਲੈਂਦਿਆਂ ਫੀਸ ਰੈਗੂਲੇਟਰੀ ਬਾਡੀ ਪਟਿਆਲਾ ਨੇ ਜ਼ਿਲ੍ਹੇ ਦੇ ਦੋ ਪ੍ਰਾਈਵੇਟ ਸਕੂਲਾਂ ਨੂੰ 3 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਹ ਜੁਰਮਾਨਾ ‘ਦਾ ਪੰਜਾਬ ਰੈਗੂਲੇਸ਼ਨ ਆਫ਼ ਫੀ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਲ ਐਕਟ’ ਦੀ ਉਲੰਘਣਾ ਕਰਨ ’ਤੇ ਲਾਇਆ ਗਿਆ ਹੈ। ਇਸ ਸਬੰਧਈ ਰੈਗੂਲੇਟਰੀ ਬਾਡੀ ਪਟਿਆਲਾ ਨੂੰ ਇਕ ਸ਼ਿਕਾਇਤ ਮਿਲੀ ਸੀ, ਜਿਸ ਤੋਂ ਬਾਅਦ ਕਾਰਵਾਈ ਕੀਤੀ ਗਈ। ਇਸ ਦੇ ਨਾਲ ਹੀ ਇਨ੍ਹਾਂ ਸਕੂਲਾਂ ਨੂੰ ਵਾਧੂ ਵਸੂਲੀ ਗਈ ਫੀਸ ਵਿਦਿਆਰਥੀਆਂ ਨੂੰ ਵਾਪਸ ਕਰਨ ਦੀ ਹਦਾਇਤ ਵੀ ਕੀਤੀ ਗਈ ਹੈ।

ਫੀਸ ਰੈਗੂਲੇਟਰੀ ਬਾਡੀ ਦੇ ਮੈਂਬਰ ਸਕੱਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰਜੀਤ ਸਿੰਘ ਨੇ ਦੱਸਿਆ ਕਿ ਵੱਧ ਫੀਸਾਂ ਵਸੂਲਣ ਵਾਲੇ ਇਨ੍ਹਾਂ ਸਕੂਲਾਂ ਵਿਚ ਅਰਬਨ ਅਸਟੇਟ ਸਥਿਤ ‘ਰਿਆਨ ਇੰਟਰਨੈਸ਼ਨਲ ਸਕੂਲ’ ਨੂੰ ਦੋ ਲੱਖ ਰੁਪਏ ਅਤੇ ‘ਕੇ.ਐਸ.ਬੀ. ਵਰਲਡ ਸਕੂਲ ਬੁਰੜ’ ਨੂੰ ਇੱਕ ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਖਿਲਾਫ਼ ਸ਼ਿਕਾਇਤਾਂ ਮਿਲੀਆਂ ਸਨ।

ਅਚਨਚੇਤ ਨਿਰੀਖਣ ਦੌਰਾਨ ਇਨ੍ਹਾਂ ਸਕੂਲਾਂ ਵਿੱਚ ਖਾਮੀਆਂ ਪਾਈਆਂ ਗਈਆਂ, ਜਿਸ ਤਹਿਤ ਇਨ੍ਹਾਂ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ। ਢੁਕਵਾਂ ਜਵਾਬ ਨਾ ਦੇਣ ਕਾਰਨ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰਜੀਤ ਸਿੰਘ ਨੇ ਦੱਸਿਆ ਕਿ ਦੋਨਾਂ ਸਕੂਲਾਂ ਨੂੰ ਨੋਟਿਸ ਜਾਰੀ ਕਰਕੇ ਹਫ਼ਤੇ ’ਚ ਉਕਤ ਹੁਕਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ। ਅਜਿਹਾ ਨਾ ਕਰਨ ’ਤੇ ਫੀਸ ਐਕਟ 2016 ਦੇ ਸੈਕਸ਼ਨ 14 ਤਹਿਤ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।