ਚੜ੍ਹਦੇ ਸਾਲ ਹੀ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਪੂਰਾ ਕਰੇਗੀ ਪੰਜਾਬ ਸਰਕਾਰ: ਮੰਤਰੀ ਮਹਿੰਦਰ ਭਗਤ
ਮਹਿਲਾਵਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ
ਚੰਡੀਗੜ੍ਹ: ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਮਹਿੰਦਰ ਸਿੰਘ ਭਗਤ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਵੇਂ ਸਾਲ ਵਿੱਚ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਪੂਰਾ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸਾਰੇ ਮੰਤਰੀਆਂ ਦੀ ਡਿਊਟੀ ਲੱਗੀ ਹੋਈ ਹੈ ਕਿ ਉਹ ਸਾਰੇ ਹੀ ਧਰਮਾਂ ਦੇ ਡੇਰਿਆਂ ਤੇ ਜਾ ਕੇ ਉਹਨਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਉਨਾਂ ਦਾ ਹੱਲ ਕਰ ਰਹੇ ਹਾਂ ਅਤੇ ਆਉਣ ਵਾਲੇ ਸਮੇਂ ਵਿੱਚ ਉਹਨਾਂ ਨੂੰ ਜੋ ਵੀ ਮੁਸ਼ਕਿਲਾਂ ਆ ਰਹੀਆਂ ਹਨ ਉਹਨਾਂ ਦਾ ਹੱਲ ਕੀਤਾ ਜਾਵੇਗਾ।
ਦੱਸ ਦਈਏ ਕਿ ਪੰਜਾਬ ਦੇ ਕੈਬਨਟ ਮੰਤਰੀ ਮਹਿੰਦਰ ਭਗਤ ਕ੍ਰਿਸਮਸ ਦੇ ਦਿਹਾੜੇ ਮੌਕੇ ਦਾ ਓਪਨ ਡੋਰ ਚਰਚ ਖੋਜੇਵਾਲ ਵਿਖੇ ਕਰਵਾਏ ਜਾ ਰਹੇ ਸਮਾਗਮ ਵਿੱਚ ਸ਼ਾਮਲ ਹੋਣ ਪਹੁੰਚੇ ਸਨ। ਇਸ ਦੌਰਾਨ ਇਸ ਸਮਾਗਮ ਦੇ ਵਿੱਚ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਮੈਂਬਰ ਪਾਰਲੀਮੈਂਟ ਰਾਜਕੁਮਾਰ ਚੱਬੇਵਾਲ ਅਤੇ ਆਮ ਆਦਮੀ ਪਾਰਟੀ ਦੇ ਹੋਰ ਆਗੂਆਂ ਨੇ ਵੀ ਸ਼ਿਰਕਤ ਕੀਤੀ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਇਸਾਈ ਭਾਈਚਾਰੇ ਨਾਲ ਸਬੰਧਤ ਸੰਗਤਾਂ ਵੱਲੋਂ ਵੀ ਇਹਨਾਂ ਸਮਾਗਮਾਂ ਵਿੱਚ ਹਾਜ਼ਰੀ ਭਰੀ ਗਈ। ਇਸ ਦੌਰਾਨ ਸੰਗਤਾਂ ਵਾਸਤੇ ਲੰਗਰਾਂ ਦੇ ਪ੍ਰਬੰਧ ਵੀ ਕੀਤੇ ਗਏ।