ਸ਼੍ਰੋਮਣੀ ਕਮੇਟੀ ਨੇ ਵਿਜੇ ਸਾਂਪਲਾ ਦੇ ਦਾਅਵੇ ਨੂੰ ਨਕਾਰਿਆ, ਡਾ. ਅੰਬੇਡਕਰ ਦੇ ਬੁੱਤ ਦੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਦੱਸੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਡਾ. ਅੰਬੇਡਕਰ ਦੇ ਬੁੱਤ ਦੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਦੱਸੀ

SGPC rejects Vijay Sampla's claim, says government and administration are responsible for Dr. Ambedkar's statue

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਮ੍ਰਿਤਸਰ ਵਿਖੇ ਕੋਤਵਾਲੀ ਨਜ਼ਦੀਕ ਲੱਗੇ ਡਾ. ਬੀ ਆਰ ਅੰਬੇਡਕਰ ਦੇ ਬੁੱਤ ਦੀ ਕਥਿਤ ਛੇੜਛਾੜ  ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਗਲਿਆਰੇ ਨਾਲ ਜੋੜਨਾ ਬਿਲਕੁਲ ਗਲਤ ਦੱਸਿਆ ਹੈ। ਕਮੇਟੀ ਨੇ ਸਾਬਕਾ ਸਾਂਸਦ ਵਿਜੇ ਸਾਂਪਲਾ ਵਲੋਂ ਕੀਤੇ ਦਾਅਵੇ ਨੂੰ ਵੀ ਨਕਾਰਦੇ ਹੋਏ ਇਹ ਪ੍ਰਤੀਕਰਮ ਦਿੱਤਾ ਹੈ। ਕਮੇਟੀ ਨੇ ਕਿਹਾ ਹੈ ਕਿ ਇਹ ਬੁੱਤ ਪਾਰਟੀਸ਼ੀਸ਼ਨ ਮਿਊਜ਼ਿਅਮ ਅਤੇ ਕੋਤਵਾਲੀ ਦੇ ਨਜ਼ਦੀਕ ਪੈਂਦਾ ਹੈ ਜਿੱਥੇ ਹਰ ਤਰ੍ਹਾਂ ਦੀ ਜਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੈ। ਭਾਵੇਂ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰਵਾਰ ਗਲਿਆਰਾ ਇਲਾਕਾ ਵੀ ਸਰਕਾਰੀ ਪ੍ਰਬੰਧਾਂ ਹੇਠ ਹੈ ਪਰੰਤੂ ਬੁੱਤ ਤਾਂ ਉੱਥੋਂ ਕਰੀਬ ਇੱਕ ਕਿਲੋਮੀਟਰ ਦੀ ਦੂਰੀ ਉੱਤੇ ਸਥਿਤ ਹੈ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਵੱਲੋ ਬਿਆਨ ਵਿੱਚ ਕਿਹਾ ਗਿਆ ਹੈ ਕਿ ਕਮੇਟੀ ਡਾ. ਅੰਬੇਡਕਰ ਜੀ ਦਾ ਸਤਿਕਾਰ ਕਰਦੀ ਹੈ ਅਤੇ ਉਨ੍ਹਾਂ ਦੇ ਬੁੱਤ ਨਾਲ ਛੇੜਛਾੜ ਦੀ ਘਟਨਾ ਦੀ ਵੀ ਨਿੰਦਾ ਕਰਦੀ ਹੈ। ਪਰੰਤੂ ਸ੍ਰੀ ਵਿਜੇ ਸਾਂਪਲਾ ਵੱਲੋਂ ਇਸ ਘਟਨਾ ਨੂੰ ਸ੍ਰੀ ਹਰਿਮੰਦਰ ਸਾਹਿਬ ਨਾਲ ਜੋੜ ਕੇ ਸਵਾਲ ਕਰਨੇ ਸੰਗਤ ਅਤੇ ਲੋਕਾਂ ਵਿੱਚ ਭੁਲੇਖਾ ਪੈਦਾ ਕਰਨ ਦੀ ਹਰਕਤ ਹੈ, ਜੋ ਕਿ ਅਤਿ ਨਿੰਦਣਯੋਗ ਹੈ। ਅਜਿਹੀ ਮਨਘੜਤ ਬਿਆਨਬਾਜ਼ੀ ਅਤੇ ਇਲਜ਼ਾਮਬਾਜ਼ੀ ਠੀਕ ਨਹੀਂ ਹੈ ਇਸ ਲਈ ਸ੍ਰੀ ਸਾਂਪਲਾ ਨੂੰ ਆਪਣਾ ਬਿਆਨ ਵਾਪਸ ਲੈਣਾ ਚਾਹੀਦਾ ਹੈ, ਕਿਉਂਕਿ ਸੰਗਤ ਅੰਦਰ ਕਿਸੇ ਵੀ ਤਰ੍ਹਾਂ ਦਾ ਭੁਲੇਖਾ ਬਣਿਆ ਰਹਿਣਾ ਠੀਕ ਨਹੀਂ ਹੈ। ਇਸ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪਾਸੋਂ ਸਪਸ਼ਟੀਕਰਨ ਦੀ ਗੱਲ ਕਰਨੀ ਵੀ ਉਚਿਤ ਨਹੀਂ ਹੈ।