ਮੁੱਖ ਮੰਤਰੀ ਦਾ ਸੁਪਨਾ ਪੰਜਾਬ ਦੇ ਨੌਜਵਾਨਾਂ ਨੂੰ ਅੱਗੇ ਲਿਆਉਣਾ- ਓਮ ਪ੍ਰਕਾਸ਼ ਸੋਨੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੰਮ੍ਰਿਤਸਰ ਵਿਖੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵੰਡੀਆਂ ਸਪੋਰਟਸ ਕਿੱਟਾਂ

Cabinet Minister Om Prakash Soni distributed sports kits

ਅੰਮ੍ਰਿਤਸਰ:- ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਹੀ ਪ੍ਰੇਰਣਾ ਅਤੇ ਖੇਡਾਂ ਵਿਚ ਅੱਗੇ ਲਿਆਉਣ ਲਈ ਸਪੋਰਟਸ ਕਿੱਟਾਂ ਵੰਡਣ ਦੇ ਉਪਰਾਲੇ ਸਦਕਾ ਪੰਜਾਬ ਭਰ ਵਿਚ 2500 ਸਪੋਰਟਸ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਇਸ ਦੇ ਚਲਦਿਆਂ ਅੱਜ ਅੰਮ੍ਰਿਤਸਰ ਵਿਚ ਮਾਲ ਰੋਡ ਸਕੂਲ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਯੂਥ ਕਲੱਬਾਂ ਨੂੰ 200 ਦੇ ਕਰੀਬ ਸਪੋਰਟਸ ਕਿੱਟਾਂ ਵੰਡੀਆਂ ਗਈਆਂ।

ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਿਚ ਪੰਜਾਬ ਯੂਥ ਡਵੈਲਪਮੈੰਟ ਬੋਰਡ ਵੱਲੋਂ ਅੰਮ੍ਰਿਤਸਰ ਦੇ ਸਪੋਰਟਸ ਕਲੱਬਾਂ ਨੂੰ 200 ਦੇ ਕਰੀਬ ਸਪੋਰਟਸ ਕਿੱਟਾਂ ਵੰਡੀਆਂ ਗਈਆਂ ਹਨ।

ਉਹਨਾ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਪੂਰੇ ਪੰਜਾਬ ਭਰ ਵਿਚ 2500 ਦੇ ਕਰੀਬ ਸਪੋਰਟਸ ਕਿੱਟਾਂ ਵੰਡਣ ਦਾ ਟੀਚਾ ਮਿਥਿਆ ਗਿਆ ਹੈ ਜਿਸ ਦੇ ਚਲਦਿਆਂ ਅੱਜ ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਯੂਥ ਸਪੋਰਟਸ ਕਲੱਬਾਂ ਨੂੰ ਇਹ ਕਿੱਟਾਂ ਵੰਡੀਆਂ ਜਾ ਰਹੀਆਂ ਹਨ।

ਇਸ ਮੌਕੇ ਕੋਰੋਨਾ ਸਬੰਧੀ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਬੀਤੇ ਦਿਨੀਂ ਪੰਜਾਬ ਵਿਚ ਕੋਰੋਨਾ ਕੇਸਾਂ ਦੀ ਗਿਣਤੀ ਬਹੁਤ ਘੱਟ ਗਈ ਸੀ ਪਰ ਹੁਣ ਫਿਰ ਤੋਂ ਕੋਰੋਨਾ ਦੇ ਕੇਸਾਂ ਵਿਚ ਵਾਧਾ ਹੋ ਰਿਹਾ ਹੈ। ਉਹਨਾਂ ਕਿਹਾ ਲੋਕਾਂ ਨੂੰ ਇਸ ਤੋਂ ਘਬਰਾਉਣ ਦੀ ਬਜਾਏ ਸਾਵਧਾਨੀਆਂ ਵਰਤਣ ਦੀ ਲੋੜ ਹੈ। ਲੋਕਾਂ ਨੂੰ ਚਾਹੀਦਾ ਹੈ ਕਿ ਉਹ ਮਾਸਕ ਪਾਉਣ ਅਤੇ ਸਮਾਜਕ ਦੂਰੀ ਦੀ ਪਾਲਣਾ ਕਰਨ। ਇਸ ਤੋਂ ਇਲਾਵਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਕੀਤਾ ਜਾਣਾ ਚਾਹੀਦਾ ਹੈ। ਖੇਤੀ ਕਾਨੂੰਨਾਂ ਸੰਬਧੀ ਗੱਲ ਕਰਦਿਆਂ ਸੋਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਕਾਲੇ ਕਾਨੂੰਨ ਰੱਦ ਕਰਨੇ ਚਾਹੀਦੇ ਹਨ।