ਯੂਕ੍ਰੇਨ 'ਚ ਫਸੇ ਕਪੂਰਥਲਾ ਵਾਸੀਆਂ ਲਈ ਹੈਲਪਲਾਈਨ ਨੰਬਰ ਜਾਰੀ, ਡਿਪਟੀ ਕਮਿਸ਼ਨਰ ਨੇ ਦਿੱਤਾ ਹਰ ਸੰਭਵ ਮਦਦ ਦਾ ਭਰੋਸਾ
ਜ਼ਿਲ੍ਹਾ ਪੱਧਰੀ ਕੰਟਰੋਲ ਰੂਮ 01822-292001 ਹੈ, ਜਿਸ ਲਈ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਦਿਤਿਆ ਉੱਪਲ ਨੂੰ ਨੋਡਲ ਅਧਿਕਾਰੀ ਵਜੋਂ ਨਾਮਜ਼ਦ ਕੀਤਾ ਗਿਆ ਹੈ।
ਕਪੂਰਥਲਾ - ਯੁਕਰੇਨ-ਰੂਸ ਵਿਚਕਾਰ ਤਣਾਅ ਵਧਦਾ ਜਾ ਰਿਹਾ ਹੈ ਤੇ ਉੱਥੇ ਪੰਜਾਬ ਸਮੇਤ ਕਈ ਸੂਬਿਆਂ ਦੇ ਲੋਕ ਤੇ ਵਿਦਿਆਰਥੀ ਫਸੇ ਹੋਏ ਹਨ। ਸਭ ਨੇ ਅਪਣੇ ਅਪਣੇ ਸੂਬੇ ਦੇ ਲੋਕਾਂ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਉੱਥੇ ਹੀ ਹੁਣ ਕਪੂਰਥਲਾ ਜ਼ਿਲ੍ਹੇ ਦੇ ਲੋਕਾਂ ਅਤੇ ਖ਼ਾਸ ਕਰਕੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ। ਡੀ. ਸੀ. ਦੀਪਤੀ ਉੱਪਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ।
ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ 01822-292001 ਹੈ, ਜਿਸ ਲਈ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਦਿਤਿਆ ਉੱਪਲ ਨੂੰ ਨੋਡਲ ਅਧਿਕਾਰੀ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਫਗਵਾੜਾ ਸਬ ਡਿਵੀਜ਼ਨ ਨਾਲ ਸਬੰਧਤ ਲੋਕ ਹੈਲਪਲਾਈਨ ਨੰਬਰ 01824-260201 ਉੱਪਰ ਯੂਕਰੇਨ ’ਚ ਫਸੇ ਲੋਕਾਂ ਬਾਰੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਸੁਲਤਾਨਪੁਰ ਲੋਧੀ ਸਬ ਡਿਵੀਜ਼ਨ ਲਈ 01828-222525 ਨੰਬਰ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਭੁਲੱਥ ਲਈ 01822-244202 ਹੈਲਪਲਾਈਨ ਨੰਬਰ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕ ਪ੍ਰੋਫਾਰਮਾ ਵੀ ਜਾਰੀ ਕੀਤਾ ਗਿਆ ਹੈ, ਜਿਸ ਰਾਹੀਂ ਲੋਕ ਯੂਕ੍ਰੇਨ ’ਚ ਫਸੇ ਵਿਅਕਤੀ ਦਾ ਨਾਮ, ਪਤਾ ਸਥਾਨਕ ਅਤੇ ਵਿਦੇਸ਼ੀ, ਸੰਪਰਕ ਨੰਬਰ ਸਥਾਨਕ ਦੇ ਵਿਦੇਸ਼ੀ, ਪਾਸਪੋਰਟ ਨੰਬਰ, ਸਬੰਧਿਤ ਵਿਦਿਅਕ ਸੰਸਥਾ ਆਦਿ ਬਾਰੇ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਿਦੇਸ਼ ’ਚ ਫਸੇ ਹਰ ਜ਼ਿਲ੍ਹਾ ਵਾਸੀ ਦੀ ਹਰ ਸੰਭਵ ਸਹਾਇਤਾ ਕਰੇਗਾ ਤਾਂ ਜੋ ਉਨ੍ਹਾਂ ਨੂੰ ਸੁਰੱਖਿਅਤ ਘਰ ਲਿਆਂਦਾ ਜਾ ਸਕੇ।