ਬਹਿਬਲ ਕਲਾਂ ਇਨਸਾਫ਼ ਮੋਰਚੇ ਦਾ ਐਲਾਨ : ਗੁਰੂ ਸਾਹਿਬ ਦੇ ਸ਼ੁਕਰਾਨੇ ਲਈ 2 ਤੋਂ 4 ਮਾਰਚ ਤੱਕ ਕਰਵਾਏ ਜਾਣਗੇ ਸਮਾਗਮ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੋਰਚਾ ਖ਼ਤਮ ਕਰਨ ਬਾਰੇ 4 ਮਾਰਚ ਨੂੰ ਕੀਤਾ ਜਾਵੇਗਾ ਫ਼ੈਸਲਾ 

Behbal Kalan Insaf Morcha


5 ਮਾਰਚ ਨੂੰ ਸ੍ਰੀ ਹਰਿਮੰਦਰ ਸਾਹਿਬ ਲਈ ਰਵਾਨਾ ਹੋਵੇਗਾ ਬਹਿਬਲ ਕਲਾਂ ਮੋਰਚੇ ਤੋਂ ਵੱਡਾ ਕਾਫ਼ਲਾ
ਬਹਿਬਲ ਕਲਾਂ :
ਕੋਟਕਪੂਰਾ ਗੋਲੀਕਾਂਡ ਵਿਚ ਚਾਰਜਸ਼ੀਟ ਦਾਖ਼ਲ ਹੋਣ ਮਗਰੋਂ ਬਹਿਬਲ ਕਲਾਂ ਇਨਸਾਫ਼ ਮੋਰਚੇ ਵਲੋਂ ਐਲਾਨ ਕੀਤਾ ਗਿਆ ਹੈ ਕਿ ਉਹ ਗੁਰੂ ਸਾਹਿਬ ਦੇ ਸ਼ੁਕਰਾਨੇ ਲਈ 2 ਤੋਂ 4 ਮਾਰਚ ਤੱਕ ਸਮਾਗਮ ਕਰਵਾਉਣਗੇ।

ਇਸ ਬਾਰੇ ਜਾਣਕਾਰੀ ਦਿੰਦਿਆਂ ਸੁਖਰਾਜ ਸਿੰਘ ਨਿਆਮੀਵਾਲਾ ਨੇ ਦੱਸਿਆ ਕਿ ਬੇਅਦਬੀ ਅਤੇ ਗੋਲੀਕਾਂਡ ਮਸਲੇ ਨੂੰ ਲੈ ਕੇ ਸੰਗਤਾਂ ਵਲੋਂ ਇਨਸਾਫ਼ ਦੀ ਮੰਗ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ। ਕੋਟਕਪੂਰਾ ਗੋਲੀਕਾਂਡ ਦੇ ਮੁੱਖ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਹੋਈ ਹੈ। ਇਸ ਦੇ ਚਲਦੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਜਾਵੇਗਾ ਅਤੇ 2 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਜਿਨ੍ਹਾਂ ਦਾ ਭੋਗ 4 ਮਾਰਚ ਨੂੰ ਪਾਇਆ ਜਾਵੇਗਾ। 

ਇਸ ਮੌਕੇ ਸੰਗਤਾਂ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਨਿਆਮੀਵਾਲਾ ਨੇ ਦੱਸਿਆ ਕਿ ਉਸ ਤੋਂ ਅਗਲੇ ਦਿਨ ਯਾਨੀ 5 ਮਾਰਚ ਨੂੰ ਸਵੇਰੇ 10 ਵਜੇ ਬਹਿਬਲ ਕਲਾਂ ਇਨਸਾਫ਼ ਮੋਰਚੇ ਤੋਂ ਸੰਗਤ ਦਾ ਇੱਕ ਕਾਫ਼ਲਾ ਸ੍ਰੀ ਹਰਿਮੰਦਰ ਸਾਹਿਬ ਲਈ ਰਵਾਨਾ ਹੋਵੇਗਾ। ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਆਪਣੇ ਵਾਹਨਾਂ ਆਦਿ 'ਤੇ ਇਸ ਕਾਫਲੇ ਵਿਚ ਸ਼ਮੂਲੀਅਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੋਰਚੇ ਨੂੰ ਜਾਰੀ ਰੱਖਣ ਜਾਂ ਸਮਾਪਤ ਕਰਨ ਬਾਰੇ ਗੁਰਮਤਾ 4 ਮਾਰਚ ਨੂੰ ਕੀਤਾ ਜਾਵੇਗਾ

ਜ਼ਿਕਰਯੋਗ ਹੈ ਕਿ ਬੀਤੇ ਸ਼ੁੱਕਰਵਾਰ ਨੂੰ ਸਿਟ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਫਰੀਦਕੋਟ ਦੀ ਅਦਾਲਤ ਵਿੱਚ ਇੱਕ ਚਲਾਨ ਪੇਸ਼ ਕੀਤਾ ਅਤੇ 7000 ਪੰਨਿਆਂ ਦੀ ਇੱਕ ਚਾਰਜਸ਼ੀਟ ਦਾਖਲ ਕੀਤੀਜਿਸ ਵਿੱਚ 1400 ਪੰਨੇ ਦੋਸ਼ਾਂ/ਦੋਸ਼ੀਆਂ ਅਤੇ 5600 ਪੰਨੇ ਸਹਾਇਕ ਦਸਤਾਵੇਜ਼ਾਂ ਅਤੇ ਇਲੈਕਟ੍ਰਾਨਿਕ ਸਬੂਤਾਂ ਦੇ ਹਨ।

ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ ਕੋਟਕਪੂਰਾ ਗੋਲੀਬਾਰੀ ਮਾਮਲੇ ਵਿੱਚ ਇਹ ਚਲਾਨ ਪੇਸ਼ ਕੀਤਾ ਜਿਸ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਦਾ ਨਾਂ ਵੀ ਸ਼ਾਮਲ ਹੈ। ਸਿਟ ਦੇ ਚਲਾਨ ਅਨੁਸਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਨ੍ਹਾਂ ਮਾਮਲਿਆਂ ਵਿੱਚ ਵਾਪਰੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਿੱਚ ਮਦਦ ਕੀਤੀ। ਦਾਇਰ ਚਾਰਜਸ਼ੀਟ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਆਈਪੀਸੀ ਦੀਆਂ ਧਾਰਾਵਾਂ 323,324,504 ਤਹਿਤ ਚਲਾਨ ਵਿੱਚ ਨਾਮਜ਼ਦ ਕੀਤਾ ਗਿਆ ਹੈ।