ਨਕਲੀ ਕੀਟਨਾਸ਼ਕ ਦੀ ਸਪਲਾਈ ਕਰਨ ਵਾਲਿਆਂ ਵਿਰੁਧ ਹੋਵੇਗੀ ਸਖ਼ਤ ਕਾਰਵਾਈ : ਕੈਪਟਨ
ਨਕਲੀ ਕੀਟਨਾਸ਼ਕਾਂ ਅਤੇ ਬੀਜਾਂ ਦੀ ਸਪਲਾਈ ਕਰਨ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਕਰਨ ਦਾ ਅਹਿਦ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨਾਂ...
ਮਾਨਸਾ, 11 ਅਗੱਸਤ (ਸੁਖਜਿੰਦਰ ਸਿੱਧੂ, ਤਰਸੇਮ ਸ਼ਰਮਾ) : ਨਕਲੀ ਕੀਟਨਾਸ਼ਕਾਂ ਅਤੇ ਬੀਜਾਂ ਦੀ ਸਪਲਾਈ ਕਰਨ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਕਰਨ ਦਾ ਅਹਿਦ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਟੀ ਵਲੋਂ ਸਿਫ਼ਾਰਸ਼ ਕੀਤੀਆਂ ਕਿਸਮਾਂ ਹੀ ਵਰਤਣ ਦੀ ਅਪੀਲ ਕੀਤੀ ਤਾਂ ਕਿ ਉਨ੍ਹਾਂ ਦੀ ਨਰਮੇ ਦੀ ਫ਼ਸਲ ਦਾ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਅ ਹੋ ਸਕੇ।
ਮਾਨਸਾ ਵਿਖੇ ਚਿੱਟੀ ਮੱਖੀ ਨਾਲ ਪ੍ਰਭਾਵਤ ਫ਼ਸਲ ਦਾ ਜਾਇਜ਼ਾ ਲੈਣ ਮੌਕੇ ਕਿਸਾਨਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਆਖਿਆ ਕਿ ਨਕਲੀ ਕੀਟਨਾਸ਼ਕਾਂ ਦੀ ਸਪਲਾਈ ਲਈ ਜ਼ਿੰਮੇਵਾਰ ਲੋਕਾਂ ਨੂੰ ਕਿਸੇ ਵੀ ਸੂਰਤ 'ਚ ਬਖ਼ਸ਼ਿਆ ਨਹੀਂ ਜਾਏਗਾ ਅਤੇ ਉਨ੍ਹਾਂ ਵਿਰੁਧ ਕਰੜੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਜੇਕਰ ਖੇਤੀਬਾੜੀ ਵਿਭਾਗ ਦੇ ਕਰਮਚਾਰੀ ਵੀ ਅਣਗਹਿਲੀ ਵਰਤਣ ਦਾ ਦੋਸ਼ੀ ਪਾਏ ਗਏ ਤਾਂ ਉਨ੍ਹਾਂ ਨੂੰ ਵੀ ਸਜ਼ਾ ਭੁਗਤਣੀ ਪਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਘੱਟ ਮੀਂਹ ਪੈਣ ਕਾਰਨ ਸੋਕੇ ਅਤੇ ਹੁੰਮਸ ਵਿਚ ਚਿੱਟੀ ਮੱਖੀ ਦਾ ਫੈਲਾਅ ਹੋਣ ਦੀ ਸਥਿਤੀ ਨਾਲ ਨਜਿੱਠਣ ਵਾਸਤੇ ਢੰਗ ਤਰੀਕੇ ਤਲਾਸ਼ਣ ਲਈ ਬੁਧਵਾਰ ਨੂੰ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਦੌਰਾਨ ਦਸਿਆ ਕਿ ਸਥਿਤੀ 'ਤੇ ਲਗਾਤਾਰ ਨਿਗਰਾਨੀ ਰਖਣ ਲਈ ਬੁਧਵਾਰ ਦੀ ਮੀਟਿੰਗ ਦੌਰਾਨ ਵਿਆਪਕ ਨਿਗਰਾਨੀ ਯੋਜਨਾ ਨੂੰ ਅੰਤਮ ਰੂਪ ਦੇ ਕੇ ਇਸ ਨੂੰ ਲਾਗੂ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਖ਼ੁਦਕੁਸ਼ੀਆਂ ਦੇ ਰਾਹ 'ਤੇ ਨਾ ਤੁਰਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਐਲਾਨ ਕੀਤੇ ਗਏ ਕਰਜ਼ਾ ਮਾਫ਼ੀ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਚਲ ਰਹੀ ਹੈ। ਕਿਸਾਨਾਂ ਨੂੰ 33 ਬੀਜਾਂ ਦੀਆਂ ਕਿਸਮਾਂ ਵਿਚੋਂ ਸਿਰਫ਼ ਪੰਜਾਬ ਖੇਤੀਬਾੜੀ ਯੂਨੀਵਰਸਟੀ ਦੁਆਰਾ ਸਿਫ਼ਾਰਸ਼ ਕੀਤੀਆਂ ਕਿਸਮਾਂ ਅਤੇ ਕੀਟਨਾਸ਼ਕਾਂ ਨੂੰ ਖ਼ਰੀਦਣ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਗੁਜਰਾਤ ਤੋਂ ਸਸਤੇ ਅਤੇ ਬਿਨਾਂ ਮਾਰਕਾ ਵਾਲੇ ਬੀਜ ਨਾ ਖ਼ਰੀਦਣ ਲਈ ਆਖਿਆ।
ਮੁੱਖ ਮੰਤਰੀ ਨੇ ਕਿਸਾਨਾਂ ਵਲੋਂ ਵਰਤੇ ਜਾ ਰਹੇ ਬੀਜਾਂ ਨੂੰ ਟੈਸਟ ਕਰਨ ਵਾਸਤੇ ਖੇਤੀਬਾੜੀ ਵਿਭਾਗ ਨੂੰ ਆਖਿਆ ਅਤੇ ਵਿਭਾਗ ਨੂੰ ਕਿਹਾ ਕਿ ਉਹ ਯਕੀਨੀ ਬਣਾਏ ਕਿ ਫ਼ਸਲ ਦੀ ਕਾਸ਼ਤ ਲਈ ਸਿਰਫ ਖਰੇ ਬੀਜ ਹੀ ਬੀਜੇ ਜਾਣ। ਪਿੰਡ ਖਿਆਲਾ ਕਲਾਂ ਵਿਖੇ ਮਲਕੀਤ ਸਿੰਘ ਨਾਂ ਦੇ ਕਿਸਾਨ ਦਾ 3.5 ਏਕੜ ਨਰਮਾ ਚਿੱਟੀ ਮੱਖੀ ਕਾਰਨ ਪ੍ਰਭਾਵਤ ਹੋਇਆ ਹੈ। ਉਸ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਖੇਤੀਬਾੜੀ ਵਿਭਾਗ ਇਸ ਨੁਕਸਾਨ ਦਾ ਅਨੁਮਾਨ ਲਾਏਗਾ ਅਤੇ ਮੁਆਵਜ਼ੇ ਦੇ ਸਬੰਧ ਵਿਚ ਫ਼ੈਸਲਾ ਛੇਤੀ ਹੀ ਲਿਆ ਜਾਵੇਗਾ।
ਮੁੱਖ ਮੰਤਰੀ ਜੋ ਅਚਾਨਕ ਪਿੰਡ ਨੰਗਲ ਖੁਰਦ ਵਿਖੇ ਰੁਕੇ, ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਦਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਚਿੱਟੀ ਮੱਖੀ ਦਾ ਅਸਰ ਨਰਮੇ ਦੀ ਫ਼ਸਲ 'ਤੇ ਘਟਿਆ ਹੈ ਅਤੇ ਇਹ ਅਸਰ ਕੁੱਝ ਇਲਾਕਿਆਂ ਤਕ ਸੀਮਿਤ ਹੈ। ਇਸ ਮੌਕੇ ਮੁੱਖ ਮੰਤਰੀ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਐਡੀਸ਼ਨਲ ਚੀਫ਼ ਸੈਕਟਰੀ ਐਮ.ਪੀ.ਸਿੰਘ, ਸਪੈਸ਼ਲ ਸੈਕਟਰੀ ਖੇਤੀਬਾੜੀ ਵਿਕਾਸ ਗਰਗ, ਕਮਿਸ਼ਨਰ ਐਗਰੀਕਲਚਰ ਬਲਵਿੰਦਰ ਸਿੱਧੂ, ਡਿਪਟੀ ਕਮਿਸ਼ਨਰ ਮਾਨਸਾ ਧਰਮ ਪਾਲ ਗੁਪਤਾ ਆਦਿ ਹਾਜ਼ਰ ਸਨ।