ਬਲਕਾਰ ਸਿੰਘ ਸੰਧੂ ਬਣੇ ਨਗਰ ਨਿਗਮ ਲੁਧਿਆਣਾ ਦੇ ਮੇਅਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼ਾਮ ਸੁੰਦਰ ਮਲਹੋਤਰਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਸ੍ਰੀਮਤੀ ਸਰਬਜੀਤ ਕੌਰ ਨੂੰ ਡਿਪਟੀ ਮੇਅਰ ਚੁਣ ਲਿਆ ਗਿਆ

Mayor of Ludhiana

ਸੂਬੇ ਦੀ ਸੱਭ ਤੋਂ ਵੱਡੀ ਨਗਰ ਨਿਗਮ ਲੁਧਿਆਣਾ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਅੱਜ ਹੋਈ ਜਿਸ ਵਿਚ ਸ. ਬਲਕਾਰ ਸਿੰਘ ਸੰਧੂ ਨੂੰ ਮੇਅਰ, ਸ਼ਾਮ ਸੁੰਦਰ ਮਲਹੋਤਰਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਸ੍ਰੀਮਤੀ ਸਰਬਜੀਤ ਕੌਰ ਨੂੰ ਡਿਪਟੀ ਮੇਅਰ ਚੁਣ ਲਿਆ ਗਿਆ, ਇਹ ਚੋਣ ਸਰਬਸੰਮਤੀ ਨਾਲ ਹੋਈ। ਸਥਾਨਕ ਨਗਰ ਨਿਗਮ ਦੇ ਜ਼ੋਨ-ਏ ਦਫ਼ਤਰ ਵਿਖੇ ਚੋਣ ਲਈ ਅੱਜ ਹਾਊਸ ਦੀ ਇਕੱਤਰਤਾ ਹੋਈ ਜਿਸ ਦੌਰਾਨ ਵੀ. ਕੇ. ਮੀਨਾ ਡਵੀਜ਼ਨਲ ਕਮਿਸ਼ਨਰ ਪਟਿਆਲਾ ਨੇ ਸੱਭ ਤੋਂ ਪਹਿਲਾਂ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਜਿਸ ਉਪਰੰਤ ਤਿੰਨੇ ਅਹੁਦਿਆਂ ਦੀ ਚੋਣ ਲਈ ਸ਼ੁਰੂ ਕੀਤੀ ਗਈ ਪ੍ਰਕਿਰਿਆ ਵਿਚ ਸ. ਬਲਕਾਰ ਸਿੰਘ ਸੰਧੂ ਨੂੰ ਮੇਅਰ, ਸ਼ਾਮ ਸੁੰਦਰ ਮਲਹੋਤਰਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਸ੍ਰੀਮਤੀ ਸਰਬਜੀਤ ਕੌਰ ਨੂੰ ਸਰਬਸੰਮਤੀ ਨਾਲ ਡਿਪਟੀ ਮੇਅਰ ਚੁਣ ਲਿਆ ਗਿਆ। ਮੇਅਰ ਦੇ ਅਹੁਦੇ ਲਈ ਸ. ਬਲਕਾਰ ਸਿੰਘ ਸੰਧੂ ਦਾ ਨਾਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਅਤੇ ਕੌਂਸਲਰ ਸ੍ਰ. ਗੁਰਦੀਪ ਸਿੰਘ ਨੀਟੂ ਨੇ ਪੇਸ਼ ਕੀਤਾ ਜਿਸ ਨੂੰ ਸਾਰੇ ਹਾਊਸ ਨੇ ਸਰਬਸੰਮਤੀ ਨਾਲ ਪਾਸ ਕਰ ਦਿਤਾ।ਇਸੇ ਤਰ੍ਹਾਂ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਸ਼ਾਮ ਸੁੰਦਰ ਮਲਹੋਤਰਾ ਦਾ ਨਾਮ ਕੌਂਸਲਰ ਜੈਪ੍ਰਕਾਸ਼ ਅਤੇ ਕੌਂਸਲਰ ਕੁਲਦੀਪ ਜੰਡਾ ਨੇ ਪੇਸ਼ ਕੀਤਾ। ਜਦਕਿ ਡਿਪਟੀ ਮੇਅਰ ਦੇ ਅਹੁਦੇ ਲਈ ਸ੍ਰੀਮਤੀ ਸਰਬਜੀਤ ਕੌਰ  ਦਾ ਨਾਮ ਕੌਂਸਲਰ ਹਰਜਿੰਦਰਪਾਲ ਸਿੰਘ ਲਾਲੀ ਅਤੇ ਕੌਂਸਲਰ ਮਨਪ੍ਰੀਤ ਸਿੰਘ ਗਰੇਵਾਲ ਨੇ ਪੇਸ਼ ਕੀਤਾ।

ਇਸ ਤੋਂ ਪਹਿਲਾਂ ਹਾਊਸ ਦੀ ਕਾਰਵਾਈ ਸ਼ੁਰੂ ਕਰਦਿਆਂ ਡਵੀਜ਼ਨਲ ਕਮਿਸ਼ਨਰ ਵੀ. ਕੇ. ਮੀਨਾ ਨੇ ਸਾਰੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਉਨ੍ਹਾਂ ਦੀ ਜਿੱਤ ਦੀ ਵਧਾਈ ਦਿੰਦਿਆਂ ਜੀ ਆਇਆਂ ਨੂੰ ਕਿਹਾ। ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਉਨ੍ਹਾਂ ਦੀ ਸਹੂਲਤ ਮੁਤਾਬਕ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਤਿੰਨੋਂ ਭਾਸ਼ਾਵਾਂ ਵਿਚ ਚੁਕਾਈ ਗਈ। ਹਾਊਸ ਦੀ ਕਾਰਵਾਈ ਚਲਾਉਣ ਲਈ ਸਾਰੇ ਕੌਂਸਲਰਾਂ ਨੇ ਪਹਿਲਾਂ ਕੌਂਸਲਰ ਰਾਕੇਸ਼ ਪ੍ਰਾਸ਼ਰ ਨੂੰ ਸਰਬਸੰਮਤੀ ਨਾਲ ਸਭਾਪਤੀ ਚੁਣਿਆ। 
ਅਹੁਦਾ ਸੰਭਾਲਣ ਮੌਕੇ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਲੋਕ ਸਭਾ ਮੈਂਬਰ ਸੁਨੀਲ ਕੁਮਾਰ ਜਾਖੜ ਤੇ ਸ. ਰਵਨੀਤ ਸਿੰਘ ਬਿੱਟੂ, ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ, ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਕੈਬਨਿਟ ਮੰਤਰੀ ਸ੍ਰ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸ਼ਹਿਰ ਦੇ ਸਮੂਹ ਕਾਂਗਰਸੀ ਵਿਧਾਇਕਾਂ, ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸੰਧੂ, ਕੌਂਸਲਰਾਂ ਅਤੇ ਹੋਰ ਧਿਰਾਂ ਦਾ ਧਨਵਾਦ ਕੀਤਾ। ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਅਤੇ ਡਿਪਟੀ ਮੇਅਰ ਸ੍ਰੀਮਤੀ ਸਰਬਜੀਤ ਕੌਰ ਨੇ ਵੀ ਸ਼ਹਿਰ ਦੇ ਵਿਕਾਸ ਲਈ ਸਾਰੇ ਕੌਂਸਲਰਾਂ ਦੇ ਸਹਿਯੋਗ ਨਾਲ ਹਰ ਸੰਭਵ ਉਪਰਾਲਾ ਕਰਨ ਦਾ ਭਰੋਸਾ ਪ੍ਰਗਟਾਇਆ। ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਕੈਬਨਿਟ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਲੋਕ ਸਭਾ ਮੈਂਬਰ ਸ. ਰਵਨੀਤ ਸਿੰਘ ਬਿੱਟੂ,  ਰਾਕੇਸ਼ ਪਾਂਡੇ, ਸੁਰਿੰਦਰ ਡਾਬਰ, ਭਾਰਤ ਭੂਸ਼ਣ ਆਸ਼ੂ, ਸੰਜੇ ਤਲਵਾੜ (ਸਾਰੇ ਵਿਧਾਇਕ), ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸੰਧੂ, ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ, ਨਗਰ ਨਿਗਮ ਕਮਿਸ਼ਨਰ ਸ੍ਰ. ਜਸਕਿਰਨ ਸਿੰਘ ਆਦਿ ਹਾਜ਼ਰ ਸਨ।