Punjab News: ਪੰਜਾਬ ਸਰਕਾਰ ਦੀ ਇਕ ਹੋਰ ਪਹਿਲ, ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫ਼ੈਸਲਾ

ਏਜੰਸੀ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਜ਼ ਐਕਟ 2025 ਲਾਗੂ ਕਰਨ ਦੀ ਪ੍ਰਵਾਨਗੀ

Another initiative of Punjab government, historic decision to stop illegal mining

 

Punjab News: ਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਜ਼ ਐਕਟ, 2025 ਬਣਾਉਣ ਦੀ ਸਹਿਮਤੀ ਦੇ ਦਿੱਤੀ।

ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਮੰਤਰੀ ਮੰਡਲ ਨੇ ਇਸ ਐਕਟ ਨੂੰ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਲਿਆਉਣ ਦੀ ਵੀ ਮਨਜ਼ੂਰੀ ਦੇ ਦਿੱਤੀ। ਇਸ ਐਕਟ ਨਾਲ ਰੇਤਾ ਤੇ ਬੱਜਰੀ ਦੀ ਪ੍ਰਾਸੈਸਿੰਗ ਵਿੱਚ ਲੱਗੀਆਂ ਕਰੱਸ਼ਰ ਇਕਾਈਆਂ ਤੇ ਸਕਰੀਨਿੰਗ ਪਲਾਂਟਾਂ ਦੀਆਂ ਗਤੀਵਿਧੀਆਂ ਨੂੰ ਨੇਮਬੱਧ ਕਰਨ ਲਈ ਵਿਭਾਗ ਮਜ਼ਬੂਤ ਹੋਵੇਗਾ। ਇਸ ਨਾਲ ਸੂਬੇ ਵਿੱਚ ਗੈਰ ਕਾਨੂੰਨੀ ਖਣਨ ਰੋਕਣ ਅਤੇ ਕਾਨੂੰਨੀ ਖਣਨ ਕਾਰਵਾਈਆਂ ਚਲਾਉਣ ਵਿੱਚ ਮਦਦ ਮਿਲੇਗੀ।

ਭਾਰਤੀ ਅਸ਼ਟਾਮ ਐਕਟ, 1899 ਵਿੱਚ ਸੋਧ ਨੂੰ ਪ੍ਰਵਾਨਗੀ

ਕੈਬਨਿਟ ਨੇ ਪੰਜਾਬ ਵਿੱਚ ਕਾਰੋਬਾਰ ਪੱਖੀ ਮਾਹੌਲ ਨੂੰ ਉਤਸ਼ਾਹਤ ਕਰਨ ਲਈ ਭਾਰਤੀ ਅਸ਼ਟਾਮ ਐਕਟ, 1899 ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਸੋਧ ਦਾ ਮੰਤਵ ਕਾਰੋਬਾਰੀ ਖ਼ਰਚੇ ਘਟਾਉਣਾ ਅਤੇ ਪੰਜਾਬ ਵਿੱਚ ਆਰਥਿਕ ਤਰੱਕੀ ਨੂੰ ਹੁਲਾਰਾ ਦੇਣਾ ਹੈ। ਇਸ ਤਹਿਤ ਜੇ ਕਿਸੇ ਵਿਅਕਤੀ ਨੇ ਕਰਜ਼ੇ ਉੱਤੇ ਪਹਿਲਾਂ ਹੀ ਅਸ਼ਟਾਮ ਡਿਊਟੀ ਦਾ ਭੁਗਤਾਨ ਕਰ ਦਿੱਤਾ ਹੈ ਅਤੇ ਬਾਅਦ ਵਿੱਚ ਮਾਰਗੇਜ਼ ਪ੍ਰਾਪਰਟੀ ਨੂੰ ਬਦਲੇ ਬਿਨਾਂ ਜਾਇਦਾਦ ਨੂੰ ਤਬਦੀਲ ਕਰਦਾ ਹੈ ਤਾਂ ਉਸ ਤੋਂ ਕੋਈ ਵਾਧੂ ਅਸ਼ਟਾਮ ਡਿਊਟੀ ਨਹੀਂ ਲਈ ਜਾਵੇਗੀ। ਜੇ ਨਵੇਂ ਕਰਜ਼ ਦੀ ਰਕਮ ਪਿਛਲੀ ਰਕਮ ਨਾਲੋਂ ਜ਼ਿਆਦਾ ਹੁੰਦੀ ਹੈ ਤਾਂ ਸਿਰਫ਼ ਵਾਧੂ ਰਕਮ ਉਤੇ ਹੀ ਡਿਊਟੀ ਲਈ ਜਾਵੇਗੀ।