ਸੋਸ਼ਲ ਮੀਡੀਆ 'ਤੇ ਸਰਗਰਮ ਬੈਂਸ:ਟਵੀਟ ਕਰ ਸਰਕਾਰ ਨੂੰ ਘੇਰਿਆ, ਕਿਹਾ- ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਪੰਜਾਬੀ 

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬੀਆਂ ਨੇ ਏਨਾ ਵੱਡਾ ਫਤਵਾ ਦੇ ਕੇ ਤੁਹਾਡੀ ਸਰਕਾਰ ਬਣਾਈ ਹੈ ਤੁਹਾਨੂੰ ਉਸ ਦਾ ਸਤਿਕਾਰ ਕਰਨਾ ਚਾਹੀਦਾ ਹੈ - ਬੈਂਸ

Simarjit Singh Bains

 

ਲੁਧਿਆਣਾ- ਕੋਵਿਡ-19 ਅਤੇ ਇਕ ਮਹਿਲਾ ਨਾਲ ਜਬਰ-ਜ਼ਨਾਹ ਦੇ ਮਾਮਲੇ 'ਚ ਅਦਾਲਤ 'ਚ ਗੈਰ-ਹਾਜ਼ਰ ਰਹਿਣ ਤੋਂ ਬਾਅਦ ਭਗੌੜਾ ਐਲਾਨੇ ਗਏ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਹਨ। ਬੈਂਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਲੀ ਸਰਕਾਰ ਨਾਲ ਹਾਲ ਹੀ ਵਿਚ ਕੀਤੇ 18 ਸਮਝੌਤਿਆਂ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਤੁਹਾਡੇ ਫੈਸਲੇ ਨਾਲ ਪੰਜਾਬ ਵਾਸੀ ਠੱਗੇ ਮਹਿਸੂਸ ਕਰ ਰਹੇ ਹਨ। ਪੰਜਾਬੀਆਂ ਨੇ ਏਨਾ ਵੱਡਾ ਫਤਵਾ ਦੇ ਕੇ ਤੁਹਾਡੀ ਸਰਕਾਰ ਬਣਾਈ ਹੈ ਤੁਹਾਨੂੰ ਉਸ ਦਾ ਸਤਿਕਾਰ ਕਰਨਾ ਚਾਹੀਦਾ ਹੈ।

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਫੈਸਲੇ ਕਾਰਨ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਮੁੱਦੇ 'ਤੇ ਸਾਰੀਆਂ ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਮੰਗਲਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਇਸ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਅਤੇ ਉਨ੍ਹਾਂ ਨੂੰ ਰਿਮੋਟ ਕੰਟਰੋਲ 'ਤੇ ਚੱਲਣ ਵਾਲਾ ਸੀਐੱਮ ਦੱਸਿਆ। 

ਜ਼ਿਕਰਯੋਗ ਹੈ ਕਿ ਅਦਾਲਤ ਵੱਲੋਂ ਸਾਬਕਾ ਵਿਧਾਇਕ ਨੂੰ ਭਗੌੜਾ ਕਰਾਰ ਦਿੰਦੇ ਹੀ ਥਾਣਾ ਡਵੀਜ਼ਨ ਨੰਬਰ 6 ਦੀ ਐਸਐਚਓ ਮਧੂਬਾਲਾ ਨੇ ਵੀ ਅਦਾਲਤ ਦੇ ਹੁਕਮਾਂ ’ਤੇ ਬੈਂਸ ਤੇ ਉਸ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ। ਸਿਮਰਜੀਤ ਸਿੰਘ ਬੈਂਸ ਸੋਸ਼ਲ ਮੀਡੀਆ 'ਤੇ ਸਰਗਰਮ ਹਨ ਤਾਂ ਕਿਤੇ ਨਾ ਕਿਤੇ ਇਸ ਮਾਮਲੇ 'ਚ ਲੁਧਿਆਣਾ ਪੁਲਿਸ ਵੀ ਘਿਰਦੀ ਨਜ਼ਰ ਆ ਰਹੀ ਹੈ। ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਨੇ ਔਰਤ ਨਾਲ ਬਲਾਤਕਾਰ ਮਾਮਲੇ ਦੀ ਸੁਣਵਾਈ ਤੋਂ ਗੈਰਹਾਜ਼ਰ ਰਹਿਣ ਕਾਰਨ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਛੇ ਹੋਰਾਂ ਨੂੰ ਭਗੌੜਾ ਕਰਾਰ ਦਿੱਤਾ ਸੀ। ਇਸ ਮਗਰੋਂ ਪੁਲਿਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ 6 ਵਿਚ ਕੇਸ ਦਰਜ ਕਰ ਲਿਆ ਸੀ। 

ਥਾਣਾ ਡਿਵੀਜ਼ਨ ਨੰਬਰ 6 ਦੀ ਐਸਐਚਓ ਮਧੂਬਾਲਾ ਨੇ ਦੱਸਿਆ ਕਿ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਹਰ ਗਤੀਵਿਧੀ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਨਿਗਰਾਨੀ ਹੇਠ ਹੈ। ਆਉਣ ਵਾਲੇ ਦਿਨਾਂ ਵਿਚ ਵਿਸ਼ੇਸ਼ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾਵੇਗੀ ਅਤੇ ਮੁਲਜ਼ਮਾਂ ਨੂੰ ਹਿਰਾਸਤ ਵਿਚ ਲਿਆ ਜਾਵੇਗਾ।