ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ
ਭਲਕੇ ਪਿੰਡ ਬਾਦਲ ਵਿਖੇ ਹੋਵੇਗਾ ਸਾਬਕਾ ਮੁੱਖ ਮੰਤਰੀ ਦਾ ਅੰਤਿਮ ਸਸਕਾਰ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੀਤੀ ਰਾਤ 95 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਉਹਨਾਂ ਨੂੰ ਸਾਹ ਲੈਣ ਵਿਚ ਸਮੱਸਿਆ ਦੇ ਚਲਦਿਆਂ 16 ਅਪ੍ਰੈਲ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਹਨਾਂ ਨੇ 25 ਅਪ੍ਰੈਲ ਦੀ ਰਾਤ ਨੂੰ ਆਖ਼ਰੀ ਸਾਹ ਲਿਆ। ਉਹਨਾਂ ਦੀ ਦੇਹ ਨੂੰ ਅੰਤਿਮ ਦਰਸ਼ਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਚ ਰੱਖਿਆ ਗਿਆ ਸੀ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਵਾਪਸ ਪਰਤ ਗਏ।
ਇਹ ਵੀ ਪੜ੍ਹੋ: ਕਤਰ ਦੀ ਜੇਲ੍ਹ 'ਚ 7 ਮਹੀਨਿਆਂ ਤੋਂ ਬੰਦ 8 ਸਾਬਕਾ ਜਲ ਸੈਨਾ ਅਧਿਕਾਰੀ, ਜਾਣੋ ਪੂਰਾ ਮਾਮਲਾ
ਇਸ ਤੋਂ ਇਲਾਵਾ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਸਾਬਕਾ ਮੁੱਖ ਮੰਤਰੀ ਦੇ ਅੰਤਿਮ ਦਰਸ਼ਨ ਕੀਤੇ। ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਹਰਿਆਣਾ ਦੇ ਸਪੀਕਰ ਗਿਆਨਚੰਦ ਗੁਪਤਾ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ, ਸੰਸਦ ਮੈਂਬਰ ਪਰਨੀਤ ਕੌਰ, ਭਾਜਪਾ ਆਗੂ ਸੁਨੀਲ ਜਾਖੜ ਨੇ ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਦਿੱਤੀ। ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਭਲਕੇ ਉਹਨਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ।
ਇਹ ਵੀ ਪੜ੍ਹੋ: 'ਆਪ' ਦੀ ਸ਼ੈਲੀ ਓਬਰਾਏ ਮੁੜ ਬਣੀ ਦਿੱਲੀ ਦੀ ਮੇਅਰ, ਭਾਜਪਾ ਨੇ ਵਾਪਸ ਲਿਆ ਨਾਂ
ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ 'ਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਪੱਤਰ ਲਿਖ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੱਸ ਦੇਈਏ ਕਿ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਸਨਮਾਨ ਵਿਚ ਭਲਕੇ 27 ਅਪ੍ਰੈਲ ਨੂੰ ਪੰਜਾਬ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਨੇ ਵੀ ਦੋ ਦਿਨ ਦੇ ਰਾਜਸੀ ਸ਼ੋਕ ਦਾ ਐਲਾਨ ਕੀਤਾ ਹੈ।