ਮੁੱਖ ਮੰਤਰੀ ਵੱਲੋਂ ਦੰਤੇਵਾੜਾ ਵਿਖੇ ਹੋਏ ਨਕਸਲੀ ਹਮਲੇ ਦੀ ਸਖ਼ਤ ਨਿਖੇਧੀ
ਕੇਂਦਰ ਸਰਕਾਰ ਨੂੰ ਨਕਸਲਵਾਦ ਦੀ ਸਮੱਸਿਆ ਨਾਲ ਨਜਿੱਠਣ ਲਈ ਵਿਆਪਕ ਨੀਤੀ ਘੜਨ ਦੀ ਅਪੀਲ
ਚੰਡੀਗੜ੍ਹ, : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਛੱਤੀਸਗੜ੍ਹ ਦੇ ਦੰਤੇਵਾੜਾ ਵਿਖੇ ਨਕਸਲੀ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ ਜਿਸ ਵਿੱਚ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਦਿਆਂ 11 ਜਵਾਨ ਸ਼ਹੀਦ ਹੋ ਗਏ।
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਇਸ ਹਮਲੇ ਨੂੰ ਲੋਕਾਂ ਦੇ ਮਨਾਂ ਵਿੱਚ ਦਹਿਸ਼ਤ ਪੈਦਾ ਕਰਨ ਦੇ ਉਦੇਸ਼ ਨਾਲ ਕੀਤੀ ਗਈ ਘਿਨਾਉਣੀ ਕਾਰਵਾਈ ਦੱਸਿਆ। ਭਗਵੰਤ ਮਾਨ ਨੇ ਕਿਹਾ ਕਿ ਇਸ ਗ਼ੈਰ-ਮਨੁੱਖੀ ਅਤੇ ਵਹਿਸ਼ੀ ਕਾਰੇ ਦੀ ਸਾਰਿਆਂ ਨੂੰ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਨੀ ਚਾਹੀਦੀ ਹੈ। ਹਿੰਸਾ ਦੇ ਇਸ ਮੂਰਖਤਾ ਭਰੇ ਕਾਰੇ 'ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਨਕਸਲਵਾਦ ਦੀ ਸਮੱਸਿਆ ਨਾਲ ਨਜਿੱਠਣ ਲਈ ਵਿਆਪਕ ਨੀਤੀ ਘੜਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਦੀ ਕਾਰਵਾਈ, ਨਸ਼ਿਆਂ ਦੇ ਮਾਮਲੇ 'ਚ ਬਰਖ਼ਾਸਤ ASI ਇੰਦਰਜੀਤ ਸਿੰਘ ਦਾ ਕਾਰਿੰਦਾ ਗ੍ਰਿਫ਼ਤਾਰ
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਾਲ ਹੀ ਦੇ ਸਾਲਾਂ ਵਿੱਚ ਨਕਸਲੀ ਹਿੰਸਾ ਵਿੱਚ ਵਾਧਾ ਹੋਇਆ ਹੈ ਅਤੇ ਕਈ ਬੇਕਸੂਰਾਂ ਦੀ ਜਾਨ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਵਰਤਾਰਾ ਹੈ ਕਿ ਕਈ ਸੂਬਿਆਂ ਵਿੱਚ ਇਸ ਸਮੱਸਿਆ ਨਾਲ ਨਜਿੱਠਣ 'ਚ ਲੱਗੇ ਹੋਏ ਸੁਰੱਖਿਆ ਬਲਾਂ ਨੂੰ ਅਕਸਰ ਨਕਸਲੀਆਂ ਦੀਆਂ ਕਾਰਵਾਈਆਂ ਦਾ ਖਮਿਆਜ਼ਾ ਭੁਗਤਣਾ ਪੈਂਦਾ ਹੈ। ਭਗਵੰਤ ਮਾਨ ਨੇ ਦੁਹਰਾਇਆ ਕਿ ਕੇਂਦਰ ਸਰਕਾਰ ਨੂੰ ਇਸ ਸਮੱਸਿਆ ਨਾਲ ਸਖ਼ਤੀ ਨਾਲ ਨਜਿੱਠਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਸਰਕਾਰ ਇਸ ਮੁੱਦੇ ਨਾਲ ਨਜਿੱਠਣ ਦੇ ਕਿਸੇ ਵੀ ਯਤਨ ਵਿੱਚ ਪੂਰਾ ਸਹਿਯੋਗ ਦੇਵੇਗੀ।