Sri Kartarpur Sahib News: ਪਹਿਲਗਾਮ ਅਤਿਵਾਦੀ ਹਮਲੇ ਮਗਰੋਂ ਸ੍ਰੀ ਕਰਤਾਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਘਟੀ
Sri Kartarpur Sahib News: ਬੀਤੇ ਦਿਨ 493 ਲੋਕਾਂ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਰਜਿਸਟਰੇਸ਼ਨ ਕਰਵਾਈ
ਡੇਰਾ ਬਾਬਾ ਨਾਨਕ, (ਮਾਹਲਾ): ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਵੀ ਭਾਰਤ-ਪਾਕਿਸਤਾਨ ਸਰਹੱਦ ’ਤੇ ਬਣਿਆ ਕਰਤਾਰਪੁਰ ਲਾਂਘਾ ਸ਼ਰਧਾਲੂਆਂ ਲਈ ਖੁਲ੍ਹਾ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨ 493 ਲੋਕਾਂ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਰਜਿਸਟਰੇਸ਼ਨ ਕਰਵਾਈ ਸੀ ਪਰ ਸਿਰਫ਼ 333 ਸ਼ਰਧਾਲੂ ਹੀ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਪਾਕਿਸਤਾਨ ਗਏ ਅਤੇ 160 ਸ਼ਰਧਾਲੂ ਨਹੀਂ ਪਹੁੰਚੇ।
ਇਸ ਮਹੀਨੇ ਦੌਰਾਨ ਰੋਜ਼ਾਨਾ 400 ਤੋਂ ਵੱਧ ਸ਼ਰਧਾਲੂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਦੇ ਸਨ, ਪਰ ਹਮਲੇ ਤੋਂ ਬਾਅਦ ਸ਼ਰਧਾਲੂਆਂ ਦੀ ਗਿਣਤੀ ਵਿਚ ਕਮੀ ਆਈ। ਪਾਕਿਸਤਾਨ ਹਰ ਸ਼ਰਧਾਲੂ ਤੋਂ ਲਗਭਗ 1,700 ਰੁਪਏ (20 ਡਾਲਰ) ਪ੍ਰਵੇਸ਼ ਫ਼ੀਸ ਲੈਂਦਾ ਹੈ।
ਦਰਸ਼ਨ ਕਰਨ ਤੋਂ ਬਾਅਦ ਵਾਪਸ ਆਏ ਸ਼ਰਧਾਲੂਆਂ ਨੇ ਕਿਹਾ ਕਿ ਉਹ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਗਏ ਸਨ। ਉੱਥੇ ਪ੍ਰਬੰਧਕਾਂ ਨੇ ਸਾਰਿਆਂ ਦਾ ਸਵਾਗਤ ਕੀਤਾ ਅਤੇ ਭਾਰਤ ਵਿਚ ਹੋਏ ਅਤਿਵਾਦੀ ਹਮਲੇ ਬਾਰੇ ਕੋਈ ਚਰਚਾ ਨਹੀਂ ਕੀਤੀ।