Moga News : ਯੁੱਧ ਨਸ਼ਿਆਂ ਵਿਰੁੱਧ: ਮੋਗਾ ਦੇ ਦੌਲੇਵਾਲਾ ਪਿੰਡ ’ਚ ਚਾਰ ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਘਰਾਂ ਨੂੰ ਕੀਤਾ ਢਹਿਢੇਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Moga News : ਇਨ੍ਹਾਂ ’ਤੇ NDPS ਦੇ ਕਈ ਅਪਰਾਧਿਕ ਮਾਮਲੇ ਹਨ ਦਰਜ

ਮੋਗਾ ਦੇ ਦੌਲੇਵਾਲਾ ਪਿੰਡ ’ਚ ਚਾਰ ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਘਰਾਂ ਨੂੰ ਕੀਤਾ ਢਹਿਢੇਰੀ

Moga News in Punjabi : ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਨਸ਼ਾ ਤਸਕਰਾਂ ‘ਤੇ ਆਪਣੀ ਸਖ਼ਤ ਕਾਰਵਾਈ ਜਾਰੀ ਰੱਖਦਿਆਂ, ਮੋਗਾ ਪੁਲਿਸ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਮੋਗਾ ਦੇ ਪਿੰਡ ਦੌਲੇਵਾਲਾ ਵਿੱਚ ਬਦਨਾਮ ਨਸ਼ਾ ਤਸਕਰਾਂ ਦੇ ਚਾਰ ਗੈਰ-ਕਾਨੂੰਨੀ ਤੌਰ 'ਤੇ ਬਣੇ ਘਰਾਂ ਨੂੰ ਢਹਿਢੇਰੀ ਕਰ ਦਿੱਤਾ। ਇਹ ਕਾਰਵਾਈ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਮੋਗਾ ਅਜੈ ਗਾਂਧੀ ਦੀ ਨਿਗਰਾਨੀ ਹੇਠ ਅਮਲ ਵਿੱਚ ਲਿਆਂਦੀ ਗਈ।

ਢਾਹੇ ਗਏ ਇਹ ਘਰ ਸਰਕਾਰੀ ਜ਼ਮੀਨ 'ਤੇ ਗੈਰ-ਕਾਨੂੰਨੀ ਤੌਰ 'ਤੇ ਬਣਾਏ ਗਏ ਸਨ ਅਤੇ ਇਹ ਬਦਨਾਮ ਨਸ਼ਾ ਤਸਕਰ ਪਰਮਜੀਤ ਸਿੰਘ, ਲਖਵਿੰਦਰ ਸਿੰਘ, ਬੂਟਾ ਸਿੰਘ ਅਤੇ ਰਾਜਵਿੰਦਰ ਕੌਰ ਨਾਲ ਸਬੰਧਤ ਸਨ। ਇਹਨਾਂ ਤਸਕਰਾਂ ਵਿਰੁੱਧ ਆਈਪੀਸੀ ਅਤੇ ਐਨਡੀਪੀਐਸ ਐਕਟ ਤਹਿਤ ਦਰਜ ਕਈ ਅਪਰਾਧਿਕ ਮਾਮਲੇ ਦਰਜ ਸਨ। ਜ਼ਿਲ੍ਹਾ ਪੁਲਿਸ ਵੱਲੋਂ ਕੀਤੀ ਗਈ ਸਖ਼ਤ ਕਾਰਵਾਈ ਸਪੱਸ਼ਟ ਸੰਦੇਸ਼ ਦਿੰਦੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਅਪਣਾਈ ਗਈ ਹੈ।

ਐਸਐਸਪੀ ਅਜੈ ਗਾਂਧੀ ਨੇ ਨਸ਼ਾ ਤਸਕਰਾਂ ਨੂੰ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂ ਬੰਦ ਕਰਨ ਜਾਂ ਇਸ ਤਰ੍ਹਾਂ ਦੀਆਂ ਕਾਰਵਾਈਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚੇਤਾਵਨੀ ਦਿੱਤੀ। ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਵਚਨਬੱਧ ਹੈ ਅਤੇ ਇਸ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ ਦੀ ਅਗਵਾਈ ਵਿੱਚ ਸਾਰੇ ਪਿੰਡ ਵਾਸੀਆਂ ਨੇ ਜ਼ਿਲ੍ਹਾ ਪੁਲਿਸ ਵੱਲੋਂ ਕੀਤੀ ਇਸ ਕਾਰਵਾਈ ਅਤੇ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਦੇ ਠੋਸ ਯਤਨਾਂ ਦੀ ਸ਼ਲਾਘਾ ਕੀਤੀ। ਪਿੰਡ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਲਈ ਧੰਨਵਾਦ ਵੀ ਕੀਤਾ। ਐਸਐਸਪੀ ਅਜੈ ਗਾਂਧੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਬਾਰੇ ਕੋਈ ਵੀ ਜਾਣਕਾਰੀ ਮਿਲਣ 'ਤੇ ਤੁਰੰਤ ਨੇੜਲੇ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ ਜਾਵੇ।

(For more news apart from  War on Drugs: Illegal houses four drug smugglers demolished in Daulewala village of Moga News in Punjabi, stay tuned to Rozana Spokesman)