ਪਟਿਆਲਾ ਜ਼ਿਲ੍ਹੇ ਅੰਦਰ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਰਾਸ਼ਨ ਦੀ ਵੰਡ ਜ਼ੋਰਾਂ 'ਤੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

2 ਲੱਖ 11 ਹਜ਼ਾਰ 16 ਕਾਰਡ ਧਾਰਕਾਂ ਨੂੰ ਪ੍ਰਤੀ ਮੈਂਬਰ 5 ਕਿਲੋ ਕਣਕ ਤੇ ਪ੍ਰਤੀ ਕਾਰਡ ਇਕ ਕਿੱਲੋ ਦਾਲ ਦੀ ਵੰਡ : ਲੋਕ ਸਭਾ ਮੈਂਬਰ

ਪਟਿਆਲਾ ਜ਼ਿਲ੍ਹੇ ਅੰਦਰ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਰਾਸ਼ਨ ਦੀ ਵੰਡ ਜ਼ੋਰਾਂ 'ਤੇ : ਪਰਨੀਤ ਕੌਰ

ਪਟਿਆਲਾ, 25 ਮਈ (ਤੇਜਿੰਦਰ ਫ਼ਤਿਹਪੁਰ): ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਲਾਗ ਨੂੰ ਰੋਕਣ ਕਰਕੇ ਲਾਗੂ ਦੇਸ਼ ਵਿਆਪੀ ਲਾਕ ਡਾਊਨ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਵੱਸਦੇ ਗਰੀਬਾਂ ਦੀ ਮਦਦ ਕਰਨ ਲਈ ਸਰਕਾਰ ਆਪਣਾ ਫ਼ਰਜ਼ ਬਾਖੂਬੀ ਨਿਭਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ 2 ਲੱਖ 11 ਹਜ਼ਾਰ 16 ਕਾਰਡ ਧਾਰਕ ਹਨ, ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਸਕੀਮ ਤਹਿਤ ਤਿੰਨ ਮਹੀਨੇ ਦਾ ਰਾਸ਼ਨ ਵੰਡਿਆ ਜਾ ਰਿਹਾ ਹੈ।

ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਗਰੀਬਾਂ ਵਿੱਚੋਂ ਵੀ ਗਰੀਬਾਂ ਦੀ ਪਛਾਣ ਕਰਕੇ 8079 ਅੰਨਤੋਦਿਆ ਲਾਭਪਾਤਰੀ ਕਾਰਡ ਧਾਰਕਾਂ ਅਤੇ 2 ਲੱਖ 2 ਹਜ਼ਾਰ 937 (ਪੀ.ਐਚ.) ਪ੍ਰਾਇਓਰਟੀ ਹਾਊਸਹੋਲਡ ਕਾਰਡ ਧਾਰਕਾਂ ਨੂੰ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੀ ਦੇਖ-ਰੇਖ ਹੇਠ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਸੁਰੱਖਿਆ ਮਾਮਲੇ ਵਿਭਾਗ ਵੱਲੋਂ ਰਾਸ਼ਨ ਵੰਡਿਆ ਜਾ ਰਿਹਾ ਹੈ।

ਲੋਕ ਸਭਾ ਮੈਂਬਰ ਨੇ ਦੱਸਿਆ ਕਿ ਇਨ੍ਹਾਂ ਕਾਰਡ ਧਾਰਕਾਂ ਨੂੰ ਪ੍ਰਤੀ ਮੈਂਬਰ 5 ਕਿੱਲੋ ਪ੍ਰਤੀ ਮਹੀਨਾ ਕਣਕ ਅਤੇ 1 ਕਿੱਲੋ ਦਾਲ ਪ੍ਰਤੀ ਪਰਿਵਾਰ/ਕਾਰਡ ਪ੍ਰਤੀ ਮਹੀਨਾ ਜ਼ਿਲ੍ਹੇ ਭਰ ਦੇ ਰਾਸ਼ਨ ਡਿਪੂਆਂ ਵਿਖੇ ਅਪ੍ਰੈਲ, ਮਈ ਅਤੇ ਜੂਨ ਮਹੀਨੇ ਦਾ ਰਾਸ਼ਨ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਕੋਰੋਨਾ ਵਾਇਰਸ ਦੀ ਲਾਗ ਤੋਂ ਬਚਣ ਲਈ ਲਾਭਪਾਤਰੀਆਂ ਦੇ ਹੱਥ ਸੈਨੇਟਾਈਜ ਕਰਵਾਏ ਜਾਂਦੇ ਹਨ ਅਤੇ ਉਨ੍ਹਾਂ ਨੂੰ ਰਾਸ਼ਣ ਦੇਣ ਤੋਂ ਪਹਿਲਾਂ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕਰਦਿਆਂ ਰਾਸ਼ਨ ਡਿਪੂ ਦੇ ਬਾਹਰ ਲਗਾਏ ਗਏ ਗੋਲਿਆਂ 'ਚ ਦੂਰ-ਦੂਰ ਖੜ੍ਹੇ ਕੀਤਾ ਜਾਂਦਾ ਹੈ।

ਉਨ੍ਹਾਂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪਟਿਆਲਾ ਜ਼ਿਲ੍ਹੇ ਅੰਦਰ ਲੋੜਵੰਦਾਂ ਨੂੰ ਵੱਖਰੇ ਤੌਰ 'ਤੇ 2 ਲੱਖ ਤੋਂ ਵਧੇਰੇ ਫਰੀ ਰਾਸ਼ਨ ਕਿੱਟਾਂ ਵੰਡੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਿੱਟਾਂ 'ਚ 10 ਕਿਲੋ ਆਟਾ, 2 ਕਿੱਲੋ ਦਾਲ ਛੋਲੇ, 2 ਕਿੱਲੋ ਚੀਨੀ ਆਦਿ ਘਰੇਲੂ ਲੋੜ ਵਾਲੀਆਂ ਵਸਤਾਂ ਸ਼ਾਮਲ ਹਨ। ਲੋਕ ਸਭਾ ਮੈਂਬਰ ਨੇ ਕਿਹਾ ਕਿ ਪੰਜਾਬ ਸਰਕਾਰ ਲੋੜਵੰਦਾਂ ਦੀ ਮਦਦ ਕਰਨ ਲਈ ਆਪਣੀ ਵਚਨਬੱਧਤਾ ਪੂਰੀ ਤਰ੍ਹਾਂ ਨਿਭਾਅ ਰਹੀ ਹੈ।