ਕਿਸਾਨਾਂ ਦੇ ਸਮਰਥਨ 'ਚ ਬਾਦਲਾਂ ਦੀ ਰਿਹਾਇਸ਼ 'ਤੇ ਵੀ ਲਹਿਰਾਇਆ ਗਿਆ ਕਾਲਾ ਝੰਡਾ
ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਸਮੇਤ ਦੇਸ਼-ਭਰ ’ਚ ਜਾਰੀ ਕਿਸਾਨ-ਅੰਦੋਲਨ ਦੇ 6 ਮਹੀਨੇ ਪੂਰੇ ਹੋ ਚੁੱਕੇ ਹਨ।
ਚੰਡੀਗੜ੍ਹ: ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਸਮੇਤ ਦੇਸ਼-ਭਰ ’ਚ ਜਾਰੀ ਕਿਸਾਨ-ਅੰਦੋਲਨ ਦੇ 6 ਮਹੀਨੇ ਪੂਰੇ ਹੋ ਚੁੱਕੇ ਹਨ। ਇਸ ਦੌਰਾਨ ਖੇਤੀ ਕਾਨੂੰਨ ਰੱਦ ਨਾ ਕੀਤੇ ਜਾਣ ਦੇ ਵਿਰੋਧ ਵਿਚ ਕਿਸਾਨਾਂ ਵੱਲੋਂ ਅੱਜ ਕਾਲਾ ਦਿਵਸ ਮਨਾਉਣ ਦਾ ਸੱਦਾ ਦਿੱਤਾ ਗਿਆ ਹੈ। ਆਮ ਲੋਕਾਂ ਤੋਂ ਇਲਾਵਾ ਸਿਆਸੀ ਪਾਰਟੀਆਂ ਵੀ ਕਿਸਾਨਾਂ ਦੇ ਸੱਦੇ ਦਾ ਸਮਰਥਨ ਕਰ ਰਹੀਆਂ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਅਕਾਲੀ ਵਰਕਰਾਂ ਨੂੰ ਅਪਣੇ ਘਰਾਂ 'ਤੇ ਕਾਲੇ ਝੰਡੇ ਲਹਿਰਾਉਣ ਲਈ ਕਿਹਾ ਗਿਆ। ਇਸ ਦੌਰਾਨ ਪਿੰਡ ਬਾਦਲ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਦੀ ਰਿਹਾਇਸ਼ 'ਤੇ ਵੀ ਕਾਲਾ ਝੰਡਾ ਲਹਿਰਾਇਆ ਗਿਆ। ਇਸ ਦੇ ਨਾਲ ਹੀ ਉਹਨਾਂ ਦੀ ਰਹਾਇਸ਼ ’ਤੇ ਕੇਸਰੀ ਖ਼ਾਲਸਾਈ ਝੰਡਾ ਵੀ ਦਿਖਾਈ ਦਿੱਤਾ।
ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਜ਼ਰੀਏ ਕਿਹਾ ਕਿ, ‘ਅੱਜ ਰਾਜਧਾਨੀ ਦਿੱਲੀ 'ਚ ਲੱਗੇ ਸ਼ਾਂਤਮਈ ਕਿਸਾਨ ਅੰਦੋਲਨ ਦੇ 6 ਮਹੀਨੇ ਪੂਰੇ ਹੋਣ 'ਤੇ ਵੀ ਕੇਂਦਰ ਵੱਲੋਂ 3 ਕਾਲ਼ੇ ਖੇਤੀ ਕਾਨੂੰਨ ਰੱਦ ਨਾ ਕੀਤੇ ਜਾਣ ਦੇ ਰੋਸ ਵਜੋਂ, ਸਮੁੱਚੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਪਣੇ ਘਰਾਂ 'ਤੇ ਕਾਲ਼ੇ ਝੰਡੇ ਲਹਿਰਾਏ ਜਾਣ ਤਹਿਤ, ਅਸੀਂ ਵੀ ਅਪਣੇ ਘਰ (ਪਿੰਡ ਬਾਦਲ) ਦੇ ਮੁੱਖ ਦਰਵਾਜ਼ੇ 'ਤੇ ਕਾਲ਼ੇ ਝੰਡੇ ਰਾਹੀਂ ਆਪਣਾ ਵਿਰੋਧ ਦਰਜ ਕਰਵਾਇਆ ਹੈ। ਕਿਸਾਨ ਮਾਰੂ ਕਾਨੂੰਨ ਰੱਦ ਹੋਣ ਤੱਕ ਸਾਡਾ ਵਿਰੋਧ ਤੇ ਕਿਸਾਨਾਂ ਨਾਲ ਇੱਕਜੁੱਟਤਾ, ਇਸੇ ਤਰ੍ਹਾਂ ਜਾਰੀ ਰਹੇਗੀ’।
ਜ਼ਿਕਰਯੋਗ ਹੈ ਕਿ 26 ਨਵੰਬਰ 2020 ਤੋਂ ਸ਼ੁਰੂ ਹੋਏ ਇਸ ਦੇਸ਼-ਵਿਆਪੀ ਅੰਦੋਲਨ ਦੌਰਾਨ ਕਿਸਾਨ ਕੇਂਦਰ-ਸਰਕਾਰ ਦੇ 3 ਖੇਤੀ-ਕਾਨੂੰਨ, ਬਿਜਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਅਤੇ ਐਮ.ਐਸ.ਪੀ ’ਤੇ ਕਾਨੂੰਨ ਬਣਵਾਉਣ ਲਈ ਲਗਾਤਾਰ ਡਟੇ ਹੋਏ ਹਨ।