ਕਿਸਾਨ ਅੰਦੋਲਨ ਦਾ ਫਾਇਦਾ ਚੁੱਕ ਕੇ ਸਿਆਸੀ ਜ਼ਮੀਨ ਤਲਾਸ਼ਣ ਦੀ ਕੋਸ਼ਿਸ਼ ’ਚ ਸਿਆਸੀ ਪਾਰਟੀਆਂ- ਪੰਧੇਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨ ਆਗੂ ਨੇ ਕਿਹਾ, ‘ਚਾਹੇ ਸਾਨੂੰ 2024 ਤੱਕ ਸੰਘਰਸ਼ ਕਰਨਾ ਪਵੇ ਅਸੀਂ ਪਿੱਛੇ ਨਹੀਂ ਹਟਾਂਗੇ’

Sarwan Singh Pandher

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਸਿਆਸੀ ਪਾਰਟੀਆਂ ਵੱਲੋਂ ਅਪਣੇ ਘਰਾਂ ਦੀਆਂ ਛੱਤਾਂ ਉੱਤੇ ਕਾਲੇ ਝੰਡੇ ਲਹਿਰਾਉਣ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੁਝ ਇਕ ਸਿਆਸੀ ਪਾਰਟੀਆਂ ਕਿਸਾਨ ਅੰਦੋਲਨ ਦਾ ਸਮਰਥਨ ਕਰਕੇ ਅਪਣੀ ਸਿਆਸੀ ਜ਼ਮੀਨ ਤਲਾਸ਼ਣ ਦੀਆਂ ਕੋਸ਼ਿਸ਼ਾਂ ਕਰ ਰਹੀਆ ਹਨ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਕਈ ਸਿਆਸੀ ਪਾਰਟੀਆਂ ਵੱਲੋਂ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਜਾ ਰਿਹਾ ਹੈ ਅਤੇ ਲੋਕਤੰਤਰ ਵਿਚ ਉਹਨਾਂ ਨੂੰ ਸਮਰਥਨ ਕਰਨ ਦਾ ਹੱਕ ਹੈ।

ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨੀ ਸੰਘਰਸ਼ ਅਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕਰਨ ਵਾਲੀ ਸਰਕਾਰ ਦੇ ਵਿਰੋਧ ਵਿਚ ਅੱਜ ਕਾਲੇ ਝੰਡੇ ਲਹਿਰਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਚਲਦਿਆਂ ਦੇਸ਼ ਭਰ ਵਿਚ ਕੇਂਦਰ ਸਰਕਾਰ ਖਿਲਾਫ ਅਰਥੀ ਫੂਕ ਮੁਜ਼ਾਰ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤੀ ਅਤੇ ਬਲ ਦੇਣ ਲਈ ਅੱਜ ਦਾ ਦਿਨ ਮਨਾਇਆ ਜਾ ਰਿਹਾ ਹੈ।  ਉ

ਹਨਾਂ ਕਿਹਾ ਜੇਕਰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆ ਮੰਗਾਂ ਨੂੰ ਅਣਗੌਲਿਆਂ ਕਰਨਾ ਬੰਦ ਨਾ ਕੀਤਾ ਗਿਆ ਤਾਂ ਅਸੀਂ ਇਸ ਸੰਘਰਸ਼ ਨੂੰ ਹੋਰ ਲੰਬਾ ਖਿੱਚਣ ਲਈ ਮਾਨਸਿਕ ਤੌਰ ’ਤੇ ਪੂਰੀ ਤਰ੍ਹਾਂ ਤਿਆਰ ਹਾਂ। ਚਾਹੇ ਸਾਨੂੰ 2024 ਤੱਕ ਸੰਘਰਸ਼ ਕਰਨਾ ਪਵੇ ਅਸੀਂ ਪਿੱਛੇ ਨਹੀਂ ਹਟਾਂਗੇ।

ਦੱਸ ਦਈਏ ਕਿ ਕਿਸਾਨੀ ਸੰਘਰਸ਼ ਛੇ ਮਹੀਨੇ ਪੂਰੇ ਹੋਣ ਅਤੇ ਕੇਂਦਰ ਸਰਕਾਰ ਵਲੋਂ ਅਪਣਾਏ ਜਾ ਰਹੇ ਅੜੀਅਲ ਰਵੱਈਏ ਨੂੰ ਲੈ ਕੇ ਕਿਸਾਨਾਂ ਵੱਲੋਂ ਅੰਮ੍ਰਿਤਸਰ ਦੇ ਪਿੰਡ ਵੱਲਾ ਵਿਖੇ ਟਰੈਕਟਰਾਂ, ਮੋਟਰਸਾਈਕਲਾਂ ਅਤੇ ਘਰਾਂ ’ਤੇ ਕਾਲੇ ਝੰਡੇ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿਚ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ।