ਤੰਦਰੁਸਤ ਪੰਜਾਬ ਮਿਸ਼ਨ 'ਚ ਲੋਕ ਪ੍ਰਸ਼ਾਸਨ ਨੂੰ ਸਹਿਯੋਗ ਦੇਣ : ਡਾ. ਪ੍ਰੀਤੀ ਯਾਦਵ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਾਲੇਰਕੋਟਲਾ ਸ਼ਹਿਰ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਕਿਸੇ ਨੂੰ ਨਹੀਂ ਦਿਤੀ ਜਾਵੇਗੀ.....

Dr. Preeti Yadav

ਮਾਲੇਰਕੋਟਲਾ : ਮਾਲੇਰਕੋਟਲਾ ਸ਼ਹਿਰ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਕਿਸੇ ਨੂੰ ਨਹੀਂ ਦਿਤੀ ਜਾਵੇਗੀ। ਇਹ ਪ੍ਰਗਟਾਵਾ ਐਸ.ਡੀ.ਐਮ. ਡਾ. ਪ੍ਰੀਤੀ ਯਾਦਵ, ਆਈ.ਏ.ਐਸ. ਨੇ ਅੱਜ ਇਥੇ ਜਾਰੀ ਇਕ ਬਿਆਨ ਵਿਚ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਿਹਤ ਵਿਭਾਗ, ਸੰਗਰੂਰ ਦੇ ਸਹਿਯੌਗ ਨਾਲ ਸਥਾਨਕ ਪ੍ਰਸ਼ਾਸਨ ਵੱਲੋਂ ਪਿਛਲੇ ਦਿਨੀਂ ਸ਼ਹਿਰ ਦੀਆਂ ਕਈ ਨਾਮੀ ਮਠਿਆਈਆਂ ਦੀਆਂ ਦੁਕਾਨਾਂ, ਫ਼ੈਕਟਰੀਆਂ, ਡੇਅਰੀਆਂ ਆਦਿ ਵਿਚ ਛਾਪੇਮਾਰੀ ਕੀਤੀ ਗਈ ਸੀ। ਚੈਕਿੰਗ ਦੌਰਾਨ ਜਿਥੇ ਉਕਤ ਥਾਵਾਂ ਤੇ ਵੱਡੀ ਗਿਣਤੀ ਵਿਚ ਬੇਨਿਯਮੀਆਂ ਪਾਈਆਂ ਗਈਆਂ

ਉਥੇ ਹੀ ਸੈਂਪਲ ਭਰ ਕੇ ਪੜਤਾਲ ਲਈ ਲੈਬਾਰਟਰੀ ਵਿਚ ਭੇਜੇ ਗਏ ਹਨ।ਉਨ੍ਹਾਂ ਕਿਹਾ ਕਿ ਰਿਪੋਰਟ ਆਉਣ ਤੋਂ ਬਾਅਦ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸ਼ਨਿਚਰਵਾਰ ਨੂੰ ਸਥਾਨਕ ਪ੍ਰਸ਼ਾਸਨ ਵਲੋਂ ਤੜਕੇ ਸਵੇਰੇ ਅਚਾਨਕ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਵੇਖਣ ਵਿਚ ਆਇਆ ਕਿ ਵੱਡੀ ਗਿਣਤੀ ਵਿਚ ਲੋਕ ਡਰ ਕਾਰਨ ਆਪਣੀਆਂ ਦੁਕਾਨਾਂ ਬੰਦ ਕਰਕੇ ਚਲੇ ਗਏ ਜਿਸ ਨਾਲ ਸ਼ਹਿਰ ਵਿਚ ਅਫਰਾ-ਤਫਰੀ ਦਾ ਮਾਹੌਲ ਬਣ ਗਿਆ। ਉਨ੍ਹਾਂ ਕਿਹਾ ਕਿ ਇਹ ਚੈਕਿੰਗ ਰੂਟੀਨ ਚੈਕਿੰਗ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਜਾਰੀ ਰਹੇਗੀ।

ਉਨ੍ਹਾਂ ਕਿਹਾ ਕਿ ਜਿਹੜਾ ਦੁਕਾਨਦਾਰ ਗ਼ਲਤ ਕੰਮ ਕਰਦਾ ਹੋਵੇਗਾ, ਉਹੀ ਡਰ ਕਾਰਨ ਆਪਣੀ ਦੁਕਾਨ ਬੰਦ ਕਰ ਕੇ ਜਾਂਦਾ ਹੈ।ਜੇਕਰ ਕੋਈ ਦੁਕਾਨਦਾਰ ਨਿਯਮਾਂ ਅਨੁਸਾਰ ਆਪਣਾ ਕਾਰੋਬਾਰ ਕਰ ਰਿਹਾ ਹੈ ਤਾਂ ਉਸ ਨੂੰ ਡਰਨ ਦੀ ਕੋਈ ਲੋੜ ਨਹੀਂ।ਪ੍ਰਸ਼ਾਸਨ ਵੱਲੋਂ ਬਿਨਾਂ ਵਜ੍ਹਾ ਕਿਸੇ ਨੂੰ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ।ਪਰ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਇਜ਼ਾਜਤ ਕਿਸੇ ਵੀ ਕੀਮਤ 'ਤੇ ਨਹੀਂ ਦਿਤੀ ਜਾ ਸਕਦੀ।

ਉਨ੍ਹਾਂ ਮਠਿਆਈਆਂ ਦੀਆਂ ਦੁਕਾਨਾਂ ਅਤੇ ਫੱਲ ਵੇਚਣ ਵਾਲਿਆਂ ਨੂੰ ਵਿਸ਼ੇਸ਼ ਤੌਰ 'ਤੇ ਹਦਾਇਤ ਕੀਤੀ ਕਿ ਆਪਣੀਆਂ ਦੁਕਾਨਾਂ ਵਿਚ ਸਾਫ਼ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇ। ਡਾ. ਪ੍ਰੀਤੀ ਯਾਦਵ ਨੇ ਭਰੋਸਾ ਦਿਵਾਇਆ ਕਿ ਕਿਸੇ ਨੂੰ ਵੀ ਨਾਜਾਇਜ਼ ਤੌਰ ਤੇ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਕਿਸੇ ਨਾਲ ਕੋਈ ਧੱਕਾ ਕੀਤਾ ਜਾਵੇਗਾ। ਉਨ੍ਹਾਂ ਅਖ਼ੀਰ ਵਿਚ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਚੈਕਿੰਗ ਦੌਰਾਨ ਪ੍ਰਸ਼ਾਸਨ ਨਾਲ ਸਹਿਯੋਗ ਕੀਤਾ ਜਾਵੇ।