ਮੂਸੇਵਾਲਾ ਕਤਲ ਕਾਂਡ ਦਾ ਮੁਲਜ਼ਮ ਜੋਗਾ ਅਦਾਲਤ 'ਚ ਪੇਸ਼, ਮਾਨਸਾ ਪੁਲਿਸ ਨੂੰ ਮਿਲਿਆ 2 ਦਿਨ ਦਾ ਰਿਮਾਂਡ 

ਏਜੰਸੀ

ਖ਼ਬਰਾਂ, ਪੰਜਾਬ

ਜੋਗਿੰਦਰ ਜੋਗਾ 'ਤੇ ਹਨ ਗੋਲੀਬਾਰੀ ਕਰਨ ਵਾਲਿਆਂ ਨੂੰ ਪਨਾਹ ਦੇਣ ਦੇ ਇਲਜ਼ਾਮ 

Joga, an Accused of Moosewala murder case appeared in court

ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀ ਜੋਗਿੰਦਰ ਸਿੰਘ ਜੋਗਾ ਨੂੰ ਮਾਨਸਾ ਪੁਲਿਸ ਨੇ ਭੌਂਡਸੀ ਜੇਲ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਹਿਰਾਸਤ 'ਚ ਲੈ ਲਿਆ ਅਤੇ ਅੱਜ ਉਸ ਨੂੰ ਮਾਨਸਾ ਦੀ ਅਦਾਲਤ 'ਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਨੂੰ 2 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿਤਾ ਹੈ।

ਦੱਸ ਦੇਈਏ ਕਿ ਦੋਸ਼ੀ ਜੋਗਾ ਨੇ ਉਕਲਾਨਾ ਇਲਾਕੇ 'ਚ ਮੂਸੇਵਾਲਾ ਦਾ ਕਤਲ ਕਰਨ ਵਾਲੇ ਸ਼ੂਟਰਾਂ ਨੂੰ ਪਨਾਹ ਦਿਤੀ ਸੀ। ਹਰਿਆਣਾ ਦੇ ਜੀਂਦ ਜ਼ਿਲ੍ਹੇ ਦਾ ਰਹਿਣ ਵਾਲਾ ਜੋਗਿੰਦਰ ਸਿੰਘ ਉਰਫ਼ ਜੋਗਾ ਗੁਰੂਗ੍ਰਾਮ ਦੀ ਭੌਂਡਸੀ ਜੇਲ ਵਿਚ ਬੰਦ ਸੀ। ਜਿਸ ਨੂੰ ਮਾਨਸਾ ਪੁਲਿਸ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਆਈ ਸੀ। ਜੋਗਾ ਦੇ ਸਬੰਧ ਲਾਰੈਂਸ ਅਤੇ ਗੋਲਡੀ ਬਰਾੜ ਗੈਂਗ ਨਾਲ ਦੱਸੇ ਜਾ ਰਹੇ ਹਨ। ਮੁਲਜ਼ਮ ਦੇ ਸਬੰਧ ਮਾਨਸਾ ਦੇ ਸੀ.ਆਈ.ਏ. ਸਟੇਸ਼ਨ ਤੋਂ ਭੱਜੇ ਦੀਪਕ ਟੀਨੂੰ ਨਾਲ ਵੀ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ :  ਪੰਜਾਬ ਸਰਕਾਰ ਲੁਧਿਆਣਾ ਤੇ ਜਲੰਧਰ ਵਿਚ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ 'ਚ ਈ-ਆਟੋ ਸੇਵਾ ਸ਼ੁਰੂ ਕਰੇਗੀ : ਮੁੱਖ ਮੰਤਰੀ

ਜੋਗਿੰਦਰ ਸਿੰਘ ਉਰਫ਼ ਜੋਗਾ ਨੇ ਮਾਨਸਾ ਦੇ ਸੀ.ਆਈ.ਏ. ਤੋਂ ਫ਼ਰਾਰ ਹੋਣ ਮਗਰੋਂ ਵੀ ਟੀਨੂੰ ਦੀ ਮਦਦ ਕੀਤੀ ਸੀ। ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦਸਿਆ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਜੋਗਿੰਦਰ ਪੀ.ਓ. ਅਦਾਲਤ ਦੇ ਸਾਹਮਣੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਲਈ ਗਈ। ਜਿਸ ਤੋਂ ਬਾਅਦ ਪੁਲਿਸ ਉਸ ਨੂੰ ਗੁਰੂਗ੍ਰਾਮ ਦੀ ਭੌਂਡਸੀ ਜੇਲ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲੈ ਗਈ। ਅੱਜ ਉਸ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਪੁਲਿਸ ਨੇ ਮੁਲਜ਼ਮਾਂ ਦਾ 7 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਸਿਰਫ਼ 2 ਦਿਨ ਦਾ ਰਿਮਾਂਡ ਮਨਜ਼ੂਰ ਕੀਤਾ ਹੈ।

ਜ਼ਿਕਰਯੋਗ ਹੈ ਕਿ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ 29 ਮਈ, 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿਚ ਗੋਲੀਆਂ ਮਾਰ ਕੇ ਹੱਤਿਆ ਕਰ ਦਿਤੀ ਗਈ ਸੀ। ਪੰਜਾਬ ਸਰਕਾਰ ਅਨੁਸਾਰ ਇਸ ਮਾਮਲੇ ਵਿਚ ਹੁਣ ਤਕ 29 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਦੋ ਮੁਲਜ਼ਮ ਮੁਕਾਬਲੇ ਵਿਚ ਮਾਰੇ ਗਏ ਸਨ ਅਤੇ 5 ਨੂੰ ਭਾਰਤ ਤੋਂ ਬਾਹਰੋਂ ਲਿਆਉਣਾ ਬਾਕੀ ਹੈ। ਇਸ ਦੇ ਲਈ ਸੂਬਾ ਸਰਕਾਰ ਕੇਂਦਰ ਅਤੇ ਹੋਰ ਏਜੰਸੀਆਂ ਦੇ ਸੰਪਰਕ ਵਿਚ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਗੈਂਗ ਦਾ ਗੋਲਡੀ ਬਰਾੜ ਹੈ।