ਪੰਜਾਬ ਸਰਕਾਰ ਕੋਵਿਡ ਸਬੰਧੀ ਕਿਸੇ ਵੀ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ
ਸੂਬੇ ਦੇ ਕੁੱਝ ਜ਼ਿਲ੍ਹਿਆਂ ਵਿਚ ਕੋਵਿਡ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਕੋਰੋਨਾ
ਚੰਡੀਗੜ੍ਹ, 25 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਸੂਬੇ ਦੇ ਕੁੱਝ ਜ਼ਿਲ੍ਹਿਆਂ ਵਿਚ ਕੋਵਿਡ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਕੋਰੋਨਾ ਵਾਇਰਸ ਸਬੰਧੀ ਕਿਸੇ ਵੀ ਤਰ੍ਹਾਂ ਦੇ ਹਾਲਾਤਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕੋਵਿਡ ਮਰੀਜ਼ਾਂ ਦੇ ਇਲਾਜ ਲਈ ਜਲੰਧਰ, ਲੁਧਿਆਣਾ ਅਤੇ ਪਟਿਆਲਾ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ 6190 ਬੈੱਡ ਪਹਿਲਾਂ ਹੀ ਉਪਲੱਬਧ ਹਨ।
ਸੂਬੇ ਭਰ ਦੇ ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ਵਿਚ ਮੈਡੀਕਲ ਸਬੰਧੀ ਬੁਨਿਆਦੀ ਢਾਂਚੇ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਕੋਵਿਡ ਦੇ ਵਧ ਰਹੇ ਮਾਮਲਿਆਂ ਨਾਲ ਨਜਿੱਠਣ ਲਈ ਸੂਬੇ ਦੇ ਹਸਪਤਾਲਾਂ ਵਿਚ ਬਿਸਤਰਿਆਂ, ਵੈਂਟੀਲੇਟਰਾਂ ਦੀ ਲੋੜੀਂਦੀ ਸਮਰੱਥਾ ਤੋਂ ਇਲਾਵਾ ਪੀਪੀਈ ਕਿੱਟਾਂ, ਮਾਸਕ ਅਤੇ ਟੈਸਟਿੰਗ ਕਿੱਟਾਂ ਦਾ ਢੁੱਕਵਾਂ ਪ੍ਰਬੰਧ ਹੈ। ਮੁੱਖ ਸਕੱਤਰ ਨੇ ਅੱਗੇ ਦਸਿਆ ਕਿ ਹਾਲਾਂਕਿ ਸਥਿਤੀ ਕੰਟਰੋਲ ਹੇਠ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ।
ਉਨ੍ਹਾਂ ਨੇ ਲੋਕਾਂ ਨੂੰ ਸਿਹਤ ਅਤੇ ਸੁਰੱਖਿਆ ਸਬੰਧੀ ਪ੍ਰੋਟੋਕੋਲ ਜਿਵੇਂ ਸਮਾਜਕ ਦੂਰੀ, ਸਹੀ ਤਰ੍ਹਾਂ ਮਾਸਕ ਪਹਿਨਣ, ਵਾਰ-ਵਾਰ ਹੱਥ ਧੋਣ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ। ਮੁੱਖ ਸਕੱਤਰ, ਜੋ ਸੂਬੇ ਦੇ ਬੇਹੱਦ ਅਹਿਮ ਕੋਵਿਡ-19 ਮੈਨੇਜਮੈਂਟ ਗਰੁੱਪ ਦੇ ਮੁਖੀ ਵੀ ਹਨ, ਨੇ ਕਿਹਾ ਕਿ ਸਿਵਲ ਪ੍ਰਸਾਸਨ ਦੇ ਸੀਨੀਅਰ ਅਧਿਕਾਰੀ ਨੂੰ ਸਾਰੇ ਜ਼ਿਲ੍ਹਿਆਂ ਵਿਚ ਨੋਡਲ ਅਫ਼ਸਰ ਨਿਯੁਕਤ ਕਰਨ ਤੋਂ ਇਲਾਵਾ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਸੁਮਿਤ ਜਾਰੰਗਲ ਅਤੇ ਤਨੂ ਕਸ਼ਿਅਪ ਨੂੰ ਕੋਵਿਡ ਦੇ ਮਾਮਲਿਆਂ ਦੀ ਰੋਜ਼ਾਨਾ ਆਧਾਰ 'ਤੇ ਨਿਗਰਾਨੀ ਕਰਨ ਲਈ ਸਟੇਟ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ ਤਾਂ ਜੋ ਸਮੇਂ ਸਿਰ ਲੋੜੀਂਦਾ ਮੈਡੀਕਲ ਬੁਨਿਆਦੀ ਢਾਂਚਾ ਉਪਲੱਬਧ ਕਰਵਾਇਆ ਜਾ ਸਕੇ।
ਇਹ ਗਰੁੱਪ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਰੋਜ਼ਾਨਾ ਆਧਾਰ 'ਤੇ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ, ਦੇ ਨਿਰਦੇਸ਼ਾਂ 'ਤੇ ਬਣਾਇਆ ਗਿਆ ਹੈ। ਇਹ ਸਾਰੇ ਵਿਭਾਗਾਂ ਅਤੇ ਸਬੰਧਤ ਧਿਰਾਂ ਦੇ ਸਹਿਯੋਗੀ ਯਤਨਾਂ ਨੂੰ ਯਕੀਨੀ ਬਣਾਉਣ ਵਾਲਾ ਗਰੁੱਪ ਹੈ। ਬਿਹਤਰ ਤਾਲਮੇਲ ਬਣਾਉਣ ਲਈ ਇਸ ਗਰੁੱਪ ਅਧੀਨ ਕਈ ਸਬ-ਕਮੇਟੀਆਂ ਬਣਾਈਆਂ ਗਈਆਂ ਹਨ ਜਿਨ੍ਹਾਂ ਦਾ ਉਦੇਸ਼ ਜਲਦੀ ਅਤੇ ਸਪੱਸਟ ਫੈਸਲੇ ਲੈਣ ਨੂੰ ਯਕੀਨੀ ਬਣਾਉਣਾ ਅਤੇ ਸਿਹਤ ਸੰਭਾਲ ਸਬੰਧੀ ਰਣਨੀਤੀ ਜਿਵੇਂ ਹੈਲਥ ਸੈਕਟਰ ਰਿਸਪਾਂਸ ਅਤੇ ਉਪਕਰਨਾਂ ਤੇ ਹੋਰ ਸਾਮਾਨ ਦੀ ਖਰੀਦ, ਸਿਹਤ ਖੇਤਰ ਦੇ ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ, ਕੋਵਿਡ ਕੇਅਰ ਸੈਂਟਰਾਂ,
ਮਨੁੱਖੀ ਸਰੋਤ ਅਤੇ ਸਮਰੱਥਾ ਨਿਰਮਾਣ ਵਿੱਚ ਵਾਧੇ, ਟੈਲੀ-ਕਾਊਂਸਲਿੰਗ ਸੇਵਾਵਾਂ ਸਮੇਤ ਹਰੇਕ ਮਸਲੇ ਸਬੰਧੀ ਗਤੀਸ਼ੀਲ ਅਤੇ ਤੁਰੰਤ ਪ੍ਰਤੀਕਿਰਿਆ ਪ੍ਰਦਾਨ ਕਰਨਾ ਹੈ। ਕਾਬਿਲੇਗੌਰ ਹੈ ਕਿ ਡਾ ਕੇ.ਕੇ. ਤਲਵਾੜ ਦੀ ਪ੍ਰਧਾਨਗੀ ਹੇਠ ਸਟੇਟ ਪਬਲਿਕ ਹੈਲਥ ਐਡਵਾਇਜਰੀ ਗਰੁੱਪ ਵੀ ਗਠਿਤ ਕੀਤਾ ਗਿਆ ਹੈ ਅਤੇ ਸਟੇਟ ਐਪੀਡੈਮੀਓਲੋਜਿਸਟ ਨੂੰ ਇਸਦਾ ਕਨਵੀਨਰ ਬਣਾਇਆ ਗਿਆ ਹੈ। ਮੁੱਖ ਸਕੱਤਰ ਨੇ ਕਿਹਾ ਕਿ ਸੂਬੇ ਨੇ ਪਹਿਲਾਂ ਹੀ ਯੋਜਨਾ ਤਿਆਰ ਕਰ ਲਈ ਹੈ, ਜੋ ਆਉਣ ਵਾਲੇ ਦਿਨਾਂ ਵਿੱਚ ਲੋੜ ਪੈਣ ਦੀ ਸੂਰਤ ਵਿੱਚ ਲਾਗੂ ਕੀਤੀ ਜਾ ਸਕਦੀ ਹੈ।