ਡਾ. ਅਨਮੋਲ ਰਤਨ ਸਿੱਧੂ ਨੇ ਪੰਜਾਬ AG ਦੇ ਅਹੁਦੇ ਤੋਂ ਦਿਤਾ ਅਸਤੀਫ਼ਾ, ਸੀਨੀਅਰ ਵਕੀਲ ਵਿਨੋਦ ਘਈ ਨੂੰ ਮਿਲੀ ਜ਼ਿੰਮੇਵਾਰੀ

ਏਜੰਸੀ

ਖ਼ਬਰਾਂ, ਪੰਜਾਬ

ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ AG ਨੇ ਛੱਡਿਆ ਆਪਣਾ ਅਹੁਦਾ 

punjab advocate general news update

19 ਜੁਲਾਈ ਨੂੰ ਹੀ CM ਮਾਨ ਨੂੰ ਸੌਂਪ ਦਿਤਾ ਸੀ ਅਨਮੋਲ ਰਤਨ ਸਿੱਧੂ ਨੇ ਆਪਣਾ ਅਸਤੀਫ਼ਾ

ਚੰਡੀਗੜ੍ਹ : ਪੰਜਾਬ ਦੇ ਐਡਵੋਕੇਟ ਜਨਰਲ (ਏ. ਜੀ.) ਡਾ. ਅਨਮੋਲ ਰਤਨ ਸਿੱਧੂ ਨੇ ਆਪਣੇ ਅਹੁਦੇ ਤੋਂ ਅਚਾਨਕ ਅਸਤੀਫ਼ਾ ਦੇ ਦਿੱਤਾ ਹੈ। ਅਨਮੋਲ ਰਤਨ ਸਿੱਧੂ ਨੇ ਇਹ ਅਸਤੀਫ਼ਾ ਮੁੱਖ ਮੰਤਰੀ ਭਗਵੰਤ ਮਾਨ ਨੂੰ 19 ਜੁਲਾਈ ਨੂੰ ਹੀ ਭੇਜ ਦਿਤਾ ਸੀ। ਹੁਣ ਉਨ੍ਹਾਂ ਦੀ ਜਗ੍ਹਾ ਸੀਨੀਅਰ ਵਕੀਲ ਵਿਨੋਦ ਘਈ ਐਡਵੋਕੇਟ ਜਨਰਲ ਦਾ ਅਹੁਦਾ ਸੰਭਾਲਣਗੇ। 

ਦੱਸ ਦੇਈਏ ਕਿ ਵਿਨੋਦ ਘਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅਪਰਾਧਿਕ ਮਾਮਲਿਆਂ (Criminal Cases) ਦੀ ਵਕਾਲਤ ਕਰਦੇ ਹਨ ਅਤੇ ਸੀਨੀਅਰ ਵਕੀਲ ਹਨ।  ਉਹ ਚੰਡੀਗੜ੍ਹ ਵਿਚ ਹੀ ਰਹਿੰਦੇ ਹਨ। ਅਨਮੋਲ ਰਤਨ ਸਿੱਧੂ ਨੇ ਆਖਿਆ ਹੈ ਕਿ ਉਨ੍ਹਾਂ ਨੇ ਆਪਣੇ ਨਿੱਜੀ ਕਾਰਨਾਂ ਕਰਕੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਨਿੱਜੀ ਕੰਮ ਆ ਜਾਂਦੇ ਹਨ, ਜਿਨ੍ਹਾਂ ਕਰਕੇ ਅਜਿਹੇ ਫ਼ੈਸਲੇ ਲੈਣੇ ਪਾਂਦੇ ਹਨ।

ਅਨਮੋਲ ਰਤਨ ਸਿੱਧੂ ਨੇ ਕਿਹਾ ਕਿ ਅਸਤੀਫ਼ਾ ਦੇਣ ਪਿੱਛੇ ਕੋਈ ਵੱਡਾ ਕਾਰਣ ਨਹੀਂ ਹੈ ਅਤੇ ਉਨ੍ਹਾਂ ਨਿੱਜੀ ਕਾਰਣਾਂ ਕਰਕੇ ਹੀ ਆਪਣਾ ਅਹੁਦਾ ਛੱਡਿਆ ਹੈ।ਜ਼ਿਕਰਯੋਗ ਹੈ ਕਿ ਡਾ. ਅਨਮੋਲ ਰਤਨ ਸਿੱਧੂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਐਡਵੋਕੇਟ ਜਨਰਲ ਦੇ ਅਹੁਦੇ ’ਤੇ ਨਿਯੁਕਤ ਕੀਤਾ ਸੀ। ਅਨਮੋਲ ਰਤਨ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਵਧੀਆ ਕੰਮ ਕੀਤਾ ਅਤੇ ਸਰਕਾਰ ਨੇ ਵੀ ਉਨ੍ਹਾਂ ਦੇ ਕੰਮ ਨੂੰ ਸਰਾਹਿਆ ਸੀ। ਇਸ ਦੌਰਾਨ ਸਿੱਧੂ ਨੇ ਸਰਕਾਰ ਨਾਲ ਕਿਸੇ ਵੀ ਤਰ੍ਹਾਂ ਦੇ ਟਕਰਾਅ ਤੋਂ ਇਨਕਾਰ ਕੀਤਾ ਹੈ। ਦੱਸ ਦੇਈਏ ਕਿ ਡਾ. ਅਨਮੋਲ ਰਤਨ ਸਿੱਧੂ ਨੇ ਐਡਵੋਕੇਟ ਜਨਰਲ ਦੇ ਅਹੁਦੇ 'ਤੇ ਪੂਰੇ ਚਾਰ ਮਹੀਨੇ ਤੱਕ ਆਪਣੀਆਂ ਸੇਵਾਵਾਂ ਨਿਭਾਈਆਂ ਹਨ।