Amritsar News : ਅੰਮ੍ਰਿਤਸਰ ’ਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; ਚਾਰ ਕਿਲੋ ਹੈਰੋਇਨ ਸਮੇਤ 4 ਵਿਅਕਤੀ ਕਾਬੂ
Amritsar News : ਖੇਪਾਂ ਦੀ ਡਿਲੀਵਰੀ ਲਈ ਆਟੋ-ਰਿਕਸ਼ਾ ਦੀ ਕਰਦੇ ਸਨ ਵਰਤੋਂ- DGP ਗੌਰਵ ਯਾਦਵ
Amritsar News in Punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਅਧਾਰਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਣਜੀਤ ਸਿੰਘ ਅਤੇ ਕਰਨ ਮਸੀਹ, ਦੋਵੇਂ ਵਾਸੀ ਅਟਾਰੀ, ਅੰਮ੍ਰਿਤਸਰ; ਮਨਪ੍ਰੀਤ ਸਿੰਘ ਅਤੇ ਅਜੈਪਾਲ ਸਿੰਘ, ਦੋਵੇਂ ਵਾਸੀ ਜੰਡਿਆਲਾ ਗੁਰੂ, ਅੰਮ੍ਰਿਤਸਰ ਵਜੋਂ ਹੋਈ ਹੈ । ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਆਟੋ ਰਿਕਸ਼ਾ (ਪੀਬੀ 02 ਡੀਐਨ 5173) ਜਿਸਦੀ ਵਰਤੋਂ ਦੋਸ਼ੀ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਅਤੇ ਡਿਲੀਵਰ ਲਈ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪਾਕਿਸਤਾਨ ਅਧਾਰਿਤ ਤਸਕਰ ਸ਼ਾਹ ਜੋ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਸੀ, ਦੇ ਇਸ਼ਾਰਿਆਂ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਸੂਬੇ ਵਿੱਚ ਹੋਰ ਪਾਰਟੀਆਂ ਨੂੰ ਅੱਗੇ ਨਸ਼ੀਲੇ ਪਦਾਰਥਾਂ ਦੀ ਖੇਪ ਡਿਲੀਵਰ ਕਰ ਰਹੇ ਸਨ।
ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਅੰਮ੍ਰਿਤਸਰ ਦੇ ਪਿੰਡ ਅਟਾਰੀ ਨੇੜੇ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਮਿਲਣ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਅੰਮ੍ਰਿਤਸਰ-ਅਟਾਰੀ ਜੀਟੀ ਰੋਡ 'ਤੇ ਸਥਿਤ ਬੱਸ ਸਟਾਪ ਕਠਾਣੀਆਂ ਨੇੜੇ ਚਾਰ ਮੁਲਜ਼ਮਾਂ ਨੂੰ ਉਦੋਂ ਰੋਕਿਆ, ਜਦੋਂ ਉਹ ਆਪਣੇ ਆਟੋ-ਰਿਕਸ਼ਾ 'ਤੇ ਖੇਪ ਪਹੁੰਚਾਉਣ ਜਾ ਰਹੇ ਸਨ ਅਤੇ ਉਨ੍ਹਾਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ।
ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
ਇਸ ਸਬੰਧੀ ਐਫਆਈਆਰ ਨੰਬਰ 40 ਮਿਤੀ 25-07-2025 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਦਰਜ ਕੀਤੀ ਗਈ ਹੈ।