ਬਾਦਲਾਂ ਨੂੰ ਸਿੱਖ ਪੰਥ ਵਿਚੋਂ ਛੇਕਿਆ ਜਾਵੇ : ਸੰਧਵਾਂ
ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦਾ ਸ਼੍ਰੋਮਣੀ ਕਮੇਟੀ ਦੇ ਪਬਲਿਸ਼ਿੰਗ ਹਾਊਸ ਵਿਚੋਂ ਲਾਪਤਾ ਹੋਣ ਲਈ ਬਾਦਲ......
ਅੰਮ੍ਰਿਤਸਰ: ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦਾ ਸ਼੍ਰੋਮਣੀ ਕਮੇਟੀ ਦੇ ਪਬਲਿਸ਼ਿੰਗ ਹਾਊਸ ਵਿਚੋਂ ਲਾਪਤਾ ਹੋਣ ਲਈ ਬਾਦਲ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ। ਇਹ ਗੱਲ ਕਿਸੇ ਕੋਲੋਂ ਛੁਪੀ ਨਹੀਂ ਹੈ ਕਿ ਬਾਦਲਾਂ ਨੇ ਅਕਾਲੀ ਦਲ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ 'ਤੇ ਵੀ ਪੂਰਾ ਕਬਜ਼ਾ ਕੀਤਾ ਹੋਇਆ ਹੈ।
ਅਤੇ ਇਸ ਘਟਨਾ ਦੇ ਪਿੱਛੇ ਕੋਈ ਡੂੰਘੀ ਸਾਜ਼ਸ਼ ਹੋ ਸਕਦੀ ਹੈ। ਉਕਤ ਵਿਚਾਰ 'ਆਪ' ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ।
ਕੁਲਤਾਰ ਸਿੰਘ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਕੁੱਝ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਉਣ ਦੀ ਬਜਾਏ ਬਾਦਲਾਂ ਵਿਰੁਧ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸਿੱਖ ਪੰਥ ਵਿਚੋਂ ਛੇਕਿਆ ਜਾਵੇ।
ਉਨ੍ਹਾਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸ਼੍ਰੋਮਣੀ ਕਮੇਟੀ ਦੇ ਪਬਲਿਸ਼ਿੰਗ ਹਾਊਸ ਤੋਂ 328 ਸਰੂਪਾਂ ਦੇ ਲਾਪਤਾ ਹੋਣ ਦੀ ਐਫ਼ਆਈਆਰ ਦਰਜ ਕਰਾਉਣੀ ਚਾਹੀਦੀ ਹੈ।
ਤਾਂ ਜੋ ਸਬੰਧਤ ਕਰਮਚਾਰੀਆਂ ਤੋਂ ਜਾਂਚ ਸ਼ੁਰੂ ਕਰ ਕੇ ਇਸ ਘਟਨਾ ਵਿਚ ਵੱਡੀ ਭੂਮਿਕਾ ਨਿਭਾ ਰਹੇ ਲੋਕਾਂ ਦੇ ਨਾਮ ਸਾਰਿਆਂ ਸਾਹਮਣੇ ਨਸ਼ਰ ਹੋ ਸਕਣ। ਇਸ ਮੌਕੇ ਕੁਲਦੀਪ ਧਾਲੀਵਾਲ, ਮਨਜਿੰਦਰ ਸਿੰਘ ਲਾਲਪੁਰਾ, ਅਸ਼ੋਕ ਤਲਵਾੜ, ਮਨੀਸ਼ ਅਗਰਵਾਲ, ਦਲਬੀਰ ਸਿੰਘ, ਰਣਜੀਤ ਸਿੰਘ ਚੀਮਾ ਵੀ ਹਾਜ਼ਰ ਸਨ।