ਬਾਦਲਾਂ ਨੂੰ ਕਲੀਨ ਚਿੱਟ ਦੇਣਾ ਕੈਪਟਨ ਦੀ ਸੋਚੀ-ਸਮਝੀ ਸਾਜਿਸ਼: ਭਗਵੰਤ ਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਸੰਗਰੂਰ ਹਲਕੇ ਤੋਂ ਐੱਮਪੀ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ...

Bhagwant Maan

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਸੰਗਰੂਰ ਹਲਕੇ ਤੋਂ ਐੱਮਪੀ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਉੱਤੇ ਵਰ੍ਹਦਿਆਂ ਕਿਹਾ ਹੈ ਕਿ ਉਹ ਤਾਂ ਪਹਿਲੇ ਹੀ ਦਿਨ ਤੋਂ ਆਖਦੇ ਰਹੇ ਹਨ ਕਿ ਕੈਪਟਨ ਤੇ ਬਾਦਲਾਂ ਵਿਚਾਲੇ ਦੋਸਤਾਨਾ ਮੈਚ ਚੱਲ ਰਿਹਾ ਹੈ ਤੇ ਇਹ ਦੋਵੇਂ ਇੱਕ-ਦੂਜੇ ਨੂੰ ਹੀ ਬਚਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਸਭ ਸੋਚੀ-ਸਮਝੀ ਯੋਜਨਾ ਮੁਤਾਬਕ ਹੀ ਹੋ ਰਿਹਾ ਹੈ ਕਿ ਪਹਿਲਾਂ ਜਾਂਚ ਏਜੰਸੀਆਂ ਦੀ ਬਾਂਹ ਮਰੋੜ ਦਿੱਤੀ ਜਾਂਦੀ ਹੈ ਤੇ ਫਿਰ ਬਾਦਲਾਂ ਨੂੰ ਹਰੀ ਝੰਡੀ ਦੇ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦਾ ਅੰਤਿਮ ਫ਼ੈਸਲਾ ਸਿੱਟ ਤੋਂ ਆਉਣਾ ਚਾਹੀਦਾ ਹੈ।

ਉੱਧਰ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਇਹ ਬਹੁਤ ਡੂੰਘੀ ਸਾਜ਼ਿਸ਼ ਤਹਿਤ ਮੁੱਖ ਮੰਤਰੀ ਨੇ ਬਾਦਲਾਂ ਨੂੰ ‘ਕਲੀਨ ਚਿਟ’ ਦਿੱਤੀ ਹੈ। ਇਸ ਦੌਰਾਨ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਨੂੰ ‘ਕਲੀਨ ਚਿਟ’ ਦੇ ਕੇ ਨਾ ਸਿਰਫ਼ ਵਿਸ਼ੇਸ਼ ਜਾਂਚ ਟੀਮ ਸਿੱਟ ਵੱਲੋਂ ਚੱਲ ਰਹੀ ਜਾਂਚ ਵਿੱਚ ਵਿਘਨ ਪਾਇਆ ਹੈ, ਸਗੋਂ ਉਨ੍ਹਾਂ ਆਪਣੀ ਹੀ ਸਰਕਾਰ ਵੱਲੋਂ ਕਾਇਮ ਕੀਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਪੜਤਾਲ ਨੂੰ ਵੀ ਕੂੜੇਦਾਨ ਵਿੱਚ ਸੁੱਟ ਛੱਡਿਆ ਹੈ।

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਬੀਰ ਦਵਿੰਦਰ ਸਿੰਘ ਨੇ ਵੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਦਲਾਂ ਨੂੰ ਦਿੱਤੀ ‘ਕਲੀਨ ਚਿਟ’ ਦੀ ਸਖ਼ਤ ਨਿਖੇਧੀ ਕੀਤੀ ਹੈ। ਸ੍ਰੀ ਬੀਰ ਦੇਵਿੰਦਰ ਸਿੰਘ ਨੇ ਕਿਹਾ ਕਿ ਹੁਣ ਅਖੌਤੀ ਸਿੱਟ ਵੱਲੋਂ ਚੱਲ ਰਹੀ ਜਾਂਚ ਮੁੱਖ ਮੰਤਰੀ ਨੂੰ ਬੰਦ ਹੀ ਕਰਵਾ ਦੇਣੀ ਚਾਹੀਦੀ ਹੈ। ਹੁਣ ਜਦੋਂ ਪੰਜਾਬ ਦੇ ਗ੍ਰਹਿ ਤੇ ਮੁੱਖ ਮੰਤਰੀ ਨੇ ਆਪਣੀ ਜਾਂਚ ਤੋਂ ਬਾਅਦ ਬਾਦਲ ਪਰਿਵਾਰ ਨੂੰ ਬਰੀ ਹੀ ਕਰ ਦਿੱਤਾ ਹੈ, ਤਦ ਉਹ ਸਿੱਟ ਕਿਵੇਂ ਕੋਈ ਸੁਤੰਤਰ ਜਾਂਚ ਕਰ ਸਕੇਗੀ।

ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਹੈ ਕਿ ਕਾਂਗਰਸ ਸਿਰਫ਼ ਆਪਣੇ ਸਿਆਸੀ ਲਾਹੇ ਲਈ ਇਸ ਮੁੱਦੇ ਦਾ ਸਿਆਸੀਕਰਨ ਕਰ ਰਹੀ ਹੈ। ਉਂਝ ਭਾਵੇਂ ਕੈਪਟਨ ਅਮਰਿੰਦਰ ਸਿੰਘ ਖ਼ੁਦ ਬਾਅਦ ’ਚ ਆਪਣੇ ਇੱਕ ਬਿਆਨ ਰਾਹੀਂ ਇਹ ਵੀ ਆਖ ਚੁੱਕੇ ਹਨ ਕਿ ਉਨ੍ਹਾਂ ਨੇ ਬਾਦਲਾਂ ਨੂੰ ‘ਕਲੀਨ ਚਿਟ’ ਨਹੀਂ ਦਿੱਤੀ ਪਰ ਫਿਰ ਵੀ ਇਸ ਮੁੱਦੇ ’ਤੇ ਉਨ੍ਹਾਂ ਦਾ ਵਿਰੋਧ ਲਗਾਤਾਰ ਜਾਰੀ ਹੈ।