ਅਰਥਸ਼ਾਸਤਰੀ ਈਸ਼ਰ ਜੱਜ ਆਹਲੂਵਾਲੀਆ ਦਾ ਦੇਹਾਂਤ, ਮੁੱਖ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਰਤੀ ਅਰਥਸ਼ਾਸਤਰੀ ਮੌਂਟੇਕ ਸਿੰਘ ਆਹਲੂਵਾਲੀਆ ਨੂੰ ਡੂੰਘਾ ਸਦਮਾ

Isher Judge Ahluwalia

ਚੰਡੀਗੜ੍ਹ: ਭਾਰਤੀ ਅਰਥਸ਼ਾਸਤਰੀ ਮੌਂਟੇਕ ਸਿੰਘ ਆਹਲੂਵਾਲੀਆ ਨੂੰ ਡੂੰਘਾ ਸਦਮਾ ਲੱਗਿਆ ਹੈ। ਦਰਅਸਲ ਮੌਂਟੇਕ ਸਿੰਘ ਆਹਲੂਵਾਲੀਆ ਦੀ ਪਤਨੀ ਈਸ਼ਰ ਜੱਜ ਆਹਲੂਵਾਲੀਆ ਦੇਹਾਂਤ ਹੋ ਗਿਆ ਹੈ। 

ਮਾਹਿਰ ਅਰਥ ਸਾਸ਼ਤਰੀ ਅਤੇ ਯੋਜਨਾ ਕਮਿਸ਼ਨ ਦੇ ਡਿਪਟੀ ਚੇਅਰਮੈਨ ਮੌਂਟੇਕ ਸਿੰਘ ਆਹਲੂਵਾਲੀਆ ਦੀ ਪਤਨੀ ਈਸ਼ਰ ਜੱਜ ਆਹਲੂਵਾਲੀਆ (74) ਨੇ 10 ਮਹੀਨੇ ਦਿਮਾਗ ਦੇ ਕੈਂਸਰ ਨਾਲ ਜੂਝਣ ਤੋਂ ਬਾਅਦ ਅੱਜ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਪਤੀ ਤੇ ਦੋ ਪੁੱਤਰ ਛੱਡ ਗਏ ਹਨ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਈਸ਼ਰ ਜੱਜ ਆਹਲੂਵਾਲੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀਮਤੀ ਆਹਲੂਵਾਲੀਆ 1998 ਤੋਂ 2002 ਤੱਕ ਕੌਮਾਂਤਰੀ ਆਰਥਿਕ ਰਿਸ਼ਤਿਆਂ ਬਾਰੇ ਇੰਡੀਅਨ ਕੌਂਸਲ ਫਾਰ ਰਿਸਰਚ ਦੇ ਬੋਰਡ ਆਫ ਗਵਰਨਰਜ਼ ਦੇ ਚੇਅਰਪਰਸਨ, ਡਾਇਰੈਕਟਰ ਤੇ ਚੀਫ ਐਗਜ਼ੈਕਟਿਵ ਰਹਿਣ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਦੇ ਪਿਛਲੇ ਕਾਰਜਕਾਲ ਦੌਰਾਨ ਸੂਬਾਈ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਮੌਂਟੇਕ ਸਿੰਘ ਆਹਲੂਵਾਲੀਆ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਆਪਣੇ ਸ਼ੋਕ ਸੁਨੇਹੇ ਵਿਚ ਉਹਨਾਂ ਨੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ।