ਖੇਤੀ ਆਰਡੀਨੈਂਸ : 'ਰੇਲ ਰੋਕੋ ਅੰਦੋਲਨ ਤੀਜੇ ਦਿਨ ਵੀ ਜਾਰੀ, ਰੇਲ ਜਾਮ ਨੂੰ ਵਧਾਇਆ 29 ਸਤੰਬਰ ਤੱਕ
ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਨੇ ਨੰਗੇ ਧੜ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਜੰਮ ਕੇ ਨਾਅਰੇਬਾਜ਼ੀ
ਚੰਡੀਗੜ੍ਹ - ਸੰਸਦ ਵਿਚ ਪਾਸ ਹੋਏ ਖੇਤੀ ਬਿੱਲਾਂ ਦਾ ਵਿਰੋਧ ਪੰਜਾਬ ਵਿਚ ਲਗਾਤਾਰ ਜਾਰੀ ਹੈ। ਕਿਸਾਨਾਂ ਦੁਆਰਾ ਪੰਜਾਬ ਵਿਚ ਹਰ ਦਿਨ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਹੀ ਵੀਰਵਾਰ ਤੋਂ ਕਿਸਾਨਾਂ ਨੇ ਅਗਲੇ 48 ਘੰਟਿਆਂ ਲਈ ਕਿਸਾਨ ਬਿੱਲਾਂ ਦੇ ਰੋਸ ਵਿਚ 'ਰੇਲ ਰੋਕੋ ਅੰਦੋਲਨ' ਸ਼ੁਰੂ ਕਰ ਦਿੱਤਾ ਸੀ ਜਿਸ ਤਹਿਤ ਵੱਖ-ਵੱਖ ਥਾਵਾਂ ਉੱਤੇ ਕਿਸਾਨਾਂ ਦੁਆਰਾ ਰੇਲਵੇ ਟਰੈਕ ਉੱਤੇ ਧਰਨੇ ਦਿੱਤੇ ਗਏ।
ਤੇ ਹੁਣ ਕਿਸਾਨਾਂ ਨੇ ਇਸ ਅੰਦੋਲਨ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਹੈ ਦਰਅਸਲ ਕਿਸਾਨਾਂ ਨੇ ਇਸ ਅੰਦੋਲਨ ਦੀ ਤਾਰੀਕ ਵਧਾ ਕੇ 29 ਸਤੰਬਰ ਤੱਕ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ ਤੇ 25 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਉਪਰੰਤ ਅੱਜ ਰੇਲਾਂ ਰੋਕਣ ਦੇ ਐਲਾਨ ਉਪਰੰਤ ਕਿਸਾਨਾਂ ਦੇ ਕਾਫ਼ਲੇ ਵੱਖ-ਵੱਖ ਪਿੰਡਾਂ ਤੋਂ ਰਵਾਨਾ ਹੋ ਗਏ ਹਨ। ਇਸੇ ਲੜੀ ਤਹਿਤ ਅੱਜ ਪਿੰਡ ਸੁਖਾਨੰਦ (ਮੋਗਾ) ਤੋਂ ਕਿਸਾਨਾਂ ਦਾ ਵੱਡਾ ਕਾਫ਼ਲਾ ਰੇਲਵੇ ਸਟੇਸ਼ਨ ਅਜੀਤਵਾਲ ਵਿਖੇ ਰੇਲਾਂ ਰੋਕਣ ਲਈ ਰਵਾਨਾ ਹੋ ਗਿਆ ਹੈ।
ਟਾਂਡਾ ਉੜਮੁੜ ਦਾਰਾਪੁਰ ਫਾਟਕ 'ਤੇ ਵੀ ਲੱਗਾ ਧਰਨਾ
ਅਜੀਤਵਾਲ ਵਿਖੇ ਰੇਲਾਂ ਰੋਕਣ ਦੇ ਨਾਲ-ਨਾਲ ਟਾਂਡਾ ਉੜਮੁੜ ਦਾਰਾਪੁਰ ਫਾਟਕ 'ਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਦੀ ਅਗਵਾਈ 'ਚ ਸੈਂਕੜੇ ਕਿਸਾਨਾਂ ਵਲੋਂ ਰੇਲਵੇ ਲਾਈਨ 'ਤੇ ਧਰਨਾ ਲਗਾ ਦਿੱਤਾ ਗਿਆ। ਧਰਨੇ 'ਚ ਸ਼ਾਮਿਲ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲ ਵਾਪਸ ਨਹੀਂ ਲਏ ਜਾਂਦੇ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਆਪਣੇ ਪਰਿਵਾਰਾਂ ਸਮੇਤ ਸੰਘਰਸ਼ ਕਰਨ ਲਈ ਤਿਆਰ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰ ਵਿਖੇ ਮੁੱਖ ਰੇਲ ਮਾਰਗ ਦਿੱਲੀ-ਅੰਮ੍ਰਿਤਸਰ 'ਤੇ ਰੇਲ ਆਵਾਜਾਈ ਠੱਪ ਕਰਕੇ ਭਾਰੀ ਗਿਣਤੀ 'ਚ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਨੇ ਨੰਗੇ ਧੜ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਕਿਸਾਨਾਂ ਦੇ ਕਾਫ਼ਲੇ ਟਰੈਕਟਰ, ਟਰਾਲੀਆਂ, ਕਾਰਾਂ, ਜੀਪਾਂ, ਬੱਸਾਂ ਅਤੇ ਮੋਟਰਸਾਈਕਲਾਂ 'ਤੇ ਪਿੰਡ ਦੇਵੀਦਾਸਪੁਰ ਵਿਖੇ ਪਹੁੰਚ ਰਹੇ ਹਨ। ਇਸ ਮੌਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ-ਮਜ਼ਦੂਰਾਂ ਦਾ ਇਹ ਸੰਘਰਸ਼, ਜੋ 24 ਸਤੰਬਰ ਤੋਂ 26 ਸਤੰਬਰ ਤੱਕ ਸੀ ਤੇ ਹੁਣ ਵਧਾ ਕੇ 29 ਸਤੰਬਰ ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਜੋ ਵੀ ਸੰਘਰਸ਼ ਦੀ ਅਗਲੀ ਰੂਪ-ਰੇਖਾ ਉਲੀਕੀ ਜਾਵੇਗੀ, ਉਸੇ ਤਹਿਤ ਹੀ ਅੱਗੇ ਵਧਿਆ ਜਾਵੇਗਾ। ਉਨ੍ਹਾਂ ਸੰਘਰਸ਼ 'ਚ ਸਾਥ ਦੇਣ ਵਾਲੀਆਂ ਜਥੇਬੰਦੀਆਂ ਦਾ ਵੀ ਧੰਨਵਾਦ ਕੀਤਾ।