ਸੁਖਬੀਰ ਬਾਦਲ ਪੰਜਾਬੀਆਂ ਦੇ ਸੰਘਰਸ਼ ਨੂੰ ਸਾਬੋਤਾਜ ਕਰਨ ਲਈ ਬੇਤੁਕੀ ਬਿਆਨਬਾਜ਼ੀ ਕਰ ਰਿਹੈ ਬਲਬੀਰ ਸਿੱਧੂ

ਏਜੰਸੀ

ਖ਼ਬਰਾਂ, ਪੰਜਾਬ

ਸੁਖਬੀਰ ਬਾਦਲ ਪੰਜਾਬੀਆਂ ਦੇ ਸੰਘਰਸ਼ ਨੂੰ ਸਾਬੋਤਾਜ ਕਰਨ ਲਈ ਬੇਤੁਕੀ ਬਿਆਨਬਾਜ਼ੀ ਕਰ ਰਿਹੈ : ਬਲਬੀਰ ਸਿੱਧੂ

image

'ਕਾਂਗਰਸ ਸਰਕਾਰ ਪੰਜਾਬ ਵਿਚ ਇਹ ਕਿਸਾਨ ਮਾਰੂ ਕਾਨੂੰਨ ਲਾਗੂ ਨਹੀਂ ਹੋਣ ਦੇਵੇਗੀ'
 

ਚੰਡੀਗੜ੍ਹ, 25 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਸਿਹਤ ਅਤੇ ਪਰਵਾਰ ਭਲਾਈ ਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਤੇ ਸਮੂਹ ਪੰਜਾਬੀਆਂ ਵਲੋਂ ਪੰਜਾਬ ਅਤੇ ਕਿਸਾਨ ਮਾਰੂ ਬਿਲਾਂ ਨੂੰ ਰੱਦ ਕਰਾਉਣ ਲਈ ਵਿੱਢੇ ਗਏ ਫ਼ੈਸਲਾਕੁਨ ਸੰਘਰਸ਼ ਨੂੰ ਸਾਬੋਤਾਜ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਉਹ ਇਸ ਸੰਘਰਸ਼ ਦੀ ਧਾਰ ਅਪਣੀ ਭਾਈਵਾਲ ਪਾਰਟੀ ਭਾਜਪਾ ਦੀ ਕੇਂਦਰ ਸਰਕਾਰ ਵਲੋਂ ਹਟਾ ਕੇ ਕਾਂਗਰਸ ਵਲ ਸੇਧਤ ਕਰਨ ਲਈ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ।
ਸ. ਸਿੱਧੂ ਨੇ ਸੁਖਬੀਰ ਸਿੰਘ ਬਾਦਲ ਨੂੰ ਸਿਰੇ ਦਾ ਮੌਕਾਪ੍ਰਸਤ ਵਿਅਕਤੀ ਗਰਦਾਨਦਿਆਂ ਕਿਹਾ ਕਿ ਸਿਆਸੀ ਮੌਕਾਪ੍ਰਸਤੀ ਦੀ ਇਸ ਤੋਂ ਵੱਡੀ ਉਦਾਹਰਣ ਕੀ ਹੋ ਸਕਦੀ ਹੈ ਕਿ ਪੂਰੇ ਚਾਰ ਮਹੀਨੇ ਖੇਤੀ ਆਰਡੀਨੈਂਸਾਂ ਦੀ ਹਮਾਇਤ ਕਰਨ ਤੋਂ ਬਾਅਦ ਜਦੋਂ ਲੋਕਾਂ ਦਾ ਰੋਹ ਅਸਮਾਨੀ ਚੜਦਾ ਦਿਸਿਆ ਤਾਂ ਉਸਨੇ ਝੱਟ ਗਿਰਗਟ ਵਾਂਗ ਰੰਗ ਬਦਲ ਕੇ ਆਰਡੀਨੈਂਸਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿਤਾ। ਸੁਖਬੀਰ ਸਿੰਘ ਬਾਦਲ ਉਤੇ ਦੋਗਲੀ ਸਿਆਸਤ ਕਰਨ ਦਾ ਦੋਸ਼ ਲਾਉਂਦਿਆਂ, ਉਨ੍ਹਾਂ ਕਿਹਾ ਕਿ  ਅੱਜ ਵੀ ਉਹ ਇਕ ਪਾਸੇ ਖੇਤੀ ਬਿਲਾਂ ਦਾ ਵਿਰੋਧ ਕਰ ਰਿਹਾ ਹੈ ਅਤੇ ਦੂਜੇ ਪਾਸੇ ਇਹ ਬਿਲ ਲਿਆ ਕੇ ਕਿਸਾਨੀ ਅਤੇ ਪੰਜਾਬ ਨੂੰ ਤਬਾਹ ਕਰਨ ਲਈ ਭਾਰਤੀ ਜਨਤਾ ਪਾਰਟੀ ਨਾਲ ਸਿਆਸੀ ਗਠਜੋੜ ਤੋੜਣ ਨੂੰ ਤਿਆਰ ਨਹੀਂ ਹੈ। ਸਿਹਤ ਮੰਤਰੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਉਸਦੀ ਪਤਨੀ ਹਰਸਿਮਰਤ ਕੌਰ ਬਾਦਲ ਲੋਕਾਂ ਨੂੰ ਇਹ ਕਹਿ ਕੇ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਅਕਾਲੀ ਦਲ ਨੇ ਤਾਂ ਪਹਿਲੇ ਦਿਨ ਤੋਂ ਹੀ ਇਨ੍ਹਾਂ ਬਿਲਾਂ ਉਤੇ ਇਤਰਾਜ ਪ੍ਰਗਟਾਏ ਸਨ ਜਦੋਂ ਕਿ ਸੱਚ ਇਹ ਹੈ ਕਿ ਪਹਿਲਾਂ ਆਰਡੀਨੈਂਸ ਜਾਰੀ ਕਰਨ ਅਤੇ ਫਿਰ ਇਨਾਂ ਆਰਡੀਨੈਂਸਾਂ ਨੂੰ ਪਾਰਲੀਮੈਂਟ ਵਿਚ ਪੇਸ਼ ਕਰਨ ਦੀ ਪ੍ਰਵਾਨਗੀ ਦੇਣ ਸਮੇਂ ਕੇਂਦਰ ਸਰਕਾਰ ਦੇ ਮੰਤਰੀ ਮੰਡਲ ਦੀਆਂ ਹੋਈਆਂ ਮੀਟਿੰਗਾਂ ਵਿਚ ਹਰਸਿਮਰਤ ਕੌਰ ਬਾਦਲ ਨੇ ਵੀ ਇਹਨਾਂ ਬਿਲਾਂ ਦੀ ਹਮਾਇਤ ਕੀਤੀ ਸੀ।
ਸ. ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਪੱਕਾ ਤਹੱਈਆ ਕੀਤਾ ਹੋਇਆ ਹੈ ਕਿ ਕਿਸਾਨੀ ਅਤੇ ਸਮੁੱਚੇ ਪੰਜਾਬ ਲਈ ਘਾਤਕ ਸਿੱਧ ਹੋਣ  ਵਾਲੇ ਇਨਾਂ ਕਾਨੂੰਨਾਂ ਨੂੰ ਪੰਜਾਬ ਵਿਚ ਲਾਗੂ ਨਹੀਂ ਹੋਣ ਦੇਵਾਂਗੇ ਭਾਵੇਂ ਉੁਨ੍ਹਾਂ ਨੂੰ ਕਿਸੇ ਵੀ ਪੱਧਰ ਉਤੇ ਕੋਈ ਵੀ ਲੜਾਈ ਕਿਉਂ ਨਾ ਲੜਣੀ ਪਵੇ।