ਮੁਲਾਜ਼ਮ ਸੰਘਰਸ਼ ਕਮੇਟੀ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੁਕਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਰਕਾਰ ਦੀਆਂ ਮੁਲਾਜਮ ਮਾਰੂ ਨੀਤੀਆਂ ਦੇ ਵਿਰੋਧ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਦੀ ਪੂਰਤੀ, ਸਾਂਝੇ ਅਧਿਆਪਕ ਮੋਰਚੇ....

ਅਧਿਆਪਕਾਂ ਨੇ ਸਾੜਿਆ ਪੁਤਲਾ

ਫ਼ਿਰੋਜ਼ਪੁਰ (ਭਾਸ਼ਾ) : ਸਰਕਾਰ ਦੀਆਂ ਮੁਲਾਜਮ ਮਾਰੂ ਨੀਤੀਆਂ ਦੇ ਵਿਰੋਧ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਦੀ ਪੂਰਤੀ, ਸਾਂਝੇ ਅਧਿਆਪਕ ਮੋਰਚੇ ਵੱਲੋਂ ਪਟਿਆਲਾ ਵਿੱਚ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਵਿੱਚ ਪੰਜਾਬ ਤੇ ਯੂ.ਟੀ ਮੁਲਾਜ਼ਮ ਸੰਘਰਸ਼ ਕਮੇਟੀ ਫ਼ਿਰੋਜ਼ਪੁਰ ਇਕਾਈ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਹ ਭਰਪੂਰ ਮੁਜ਼ਾਹਰਾ ਕਰਦਿਆਂ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ, ਜਿਸ ਵਿੱਚ ਸਰਕਾਰੀ, ਅਰਧ ਸਰਕਾਰੀ ਵਿਭਾਗਾਂ ਤੋਂ ਵੱਡੀ ਗਿਣਤੀ ਵਿੱਚ ਮੁਲਾਜ਼ਮ ਸਾਥੀਆਂ ਨੇ ਸ਼ਮੂਲੀਅਤ ਕੀਤੀ।

ਮੁਲਾਜ਼ਮ ਸੰਘਰਸ਼ ਕਮੇਟੀ ਦੇ ਜਿਲ੍ਹਾ ਆਗੂ ਕਿਸ਼ਨ ਚੰਦ ਜਾਗੋਵਾਲੀਆ, ਜਸਵਿੰਦਰ ਸਿੰਘ, ਰਵਿੰਦਰ ਕੁਮਾਰ ਲੂਥਰਾ, ਸੁਰਿੰਦਰਪਾਲ ਸ਼ਰਮਾ ਦੀ ਅਗਵਾਈ ਵਿੱਚ ਕੀਤੀ ਇਸ ਰੈਲੀ ਦੌਰਾਨ ਮੁਲਾਜ਼ਮਾਂ ਸੂਬਾ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਸਰਕਾਰ 'ਤੇ ਦੋਸ਼ ਲਾਇਆ ਕਿ ਸੂਬੇ ਦੀ ਕਾਂਗਰਸ ਸਰਕਾਰ ਆਪਣੇ ਖਾਸੇ ਅਨੁਸਾਰ ਮੁਲਾਜ਼ਮ ਮਾਰੂ ਨੀਤੀਆਂ ਬੜੀ ਤੇਜ਼ੀ ਨਾਲ ਲਾਗੂ ਕਰ ਰਹੀ ਹੈ। ਲਹੂ ਵੀਟਵੇਂ ਸੰਘਰਸ਼ਾਂ ਨਾਲ ਪ੍ਰਾਪਤ ਕੀਤੀਆਂ ਸਹੂਲਤਾਂ ਨੂੰ ਖੋਹਿਆ ਜਾ ਰਿਹਾ ਹੈ।

 ਘਰ ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸਤਾ ਵਿੱਚ ਆਈ ਸਰਕਾਰ ਵੱਲੋਂ ਥਰਮਲ ਪਲਾਂਟ, ਸੁਵਿਧਾ ਕੇਂਦਰ, ਸੇਵਾ ਕੇਂਦਰ ਅਤੇ ਹੋਰ ਅਦਾਰਿਆਂ ਨੂੰ ਬੰਦ ਕਰਕੇ ਮੁਲਾਜ਼ਮਾਂ ਨੂੰ ਕੱਢਿਆ ਜਾ ਰਿਹਾ ਹੈ, ਖਜ਼ਾਨਾ ਮੰਤਰੀ ਵੱਲੋਂ ਖਜ਼ਾਨਾ ਖਾਲੀ ਹੋਣ ਦਾ ਬਹਾਨਾ ਬਣਾ ਕੇ ਮੁਲਾਜ਼ਮਾਂ ਦੀਆਂ ਚਾਰ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਪਿਛਲਾ 22 ਮਹੀਨਿਆਂ ਦਾ ਬਕਾਇਆ ਤਾਂ ਕੀ ਦੇਣਾ ਸੀ ਸਗੋਂ 2400 ਰੁਪਏ ਸਲਾਨਾ ਜੱਜੀਆ ਟੈਕਸ ਲਗਾ ਦਿੱਤਾ ਗਿਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਬਾਬਾ ਜੋਗਿੰਦਰ ਸਿੰਘ, ਤਾਰਾ ਸਿੰਘ, ਤਰਸੇਮ ਲਾਲ ਬੇਦੀ, ਅਮਰੀਕ ਸਿੰਘ, ਸ਼ੇਰ ਸਿੰਘ, ਬਲਬੀਰ ਸਿੰਘ ਗੋਖੀਵਾਲਾ।

ਰਮਨ ਕੁਮਾਰ ਅੱਤਰੀ, ਫਰਾਸਿਸ ਭੱਟੀ, ਦਵਿੰਦਰ, ਬਲਬੀਰ ਸਿੰਘ ਆਦਿ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਐਸ.ਐਸ.ਏ/ਰਮਸਾ, ਮਾਡਲ ਸਕੂਲਾਂ ਦੇ ਅਧਿਆਪਕ ਬਿਨਾਂ ਸ਼ਰਤ ਪੂਰੀ ਤਨਖਾਹ 'ਤੇ ਰੈਗੂਲਰ ਕੀਤੇ ਜਾਣ, ਵੱਖ- ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਮਹਿੰਗਾਈ ਭੱਤੇ ਦਾ ਬਕਾਇਆ ਅਤੇ 01-01-2017 ਤੋਂ ਰਹਿੰਦੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਰਿਲੀਜ਼ ਕੀਤੀਆਂ ਜਾਣ, ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਜਲਦ ਲਾਗੂ ਕੀਤੀ ਜਾਵੇ, 01-01-2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ 'ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ।

ਮਾਣਯੋਗ ਸੁਪਰੀਮ ਕੋਰਟ ਦਾ ਬਰਾਬਰ ਕੰਮ ਬਰਾਬਰ ਤਨਖਾਹ ਦਾ ਫੈਸਲਾ ਲਾਗੂ ਕੀਤਾ ਜਾਵੇ, ਸਰਕਾਰੀ ਵਿਭਾਗਾਂ ਦਾ ਨਿੱਜੀਕਰਨ ਬੰਦ ਕੀਤਾ ਜਾਵੇ, ਹਰ ਪ੍ਰਕਾਰ ਦੇ ਬਕਾਇਆ ਸਬੰਧੀ ਖਜਾਨਿਆਂ 'ਤੇ ਲਾਈ ਰੋਕ ਹਟਾਈ ਜਾਵੇ। ਇਸ ਮੌਕੇ ਸ਼ੇਖਰ, ਨੀਰਜ ਯਾਦਵ, ਸ਼ਾਮ ਲਾਲ ਸਚਦੇਵਾ, ਅਮਰਜੀਤ ਕੌਰ, ਸੰਵਿੰਦਰ ਪਾਲ ਕੌਰ, ਰੇਖਾ, ਗੀਤਾ, ਜਗਸੀਰ ਸਿੰਘ, ਮੈਡਮ ਸ਼ਹਿਨਾਜ਼, ਸ਼ੀਤਲ ਪ੍ਰਕਾਸ਼, ਅਨਵਰ, ਦਯਾ ਸਿੰਘ, ਬਲਵਿੰਦਰ ਕੌਰ ਬਹਿਲ, ਰਾਜ ਕੁਮਾਰ, ਮਹਿੰਦਰ ਪਾਲ, ਹਰਪ੍ਰੀਤ ਸਿੰਘ ਥਿੰਦ, ਅਮਰਜੀਤ ਸਿੰਘ ਆਦਿ ਆਗੂ ਹਾਜ਼ਰ ਸਨ।