ਪੰਜਾਬ ਸਰਕਾਰ ਜਾਣ-ਬੁਝ ਕੇ ਸ਼੍ਰੋਮਣੀ ਕਮੇਟੀ ਨੂੰ ਢਾਹ ਲਗਾਉਣ ਦੇ ਰਾਹ ਤੁਰੀ : ਭਾਈ ਲੌਂਗੋਵਾਲ ਸ਼੍ਰੋਮਣ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਜਾਣ-ਬੁਝ ਕੇ ਸ਼੍ਰੋਮਣੀ ਕਮੇਟੀ ਨੂੰ ਢਾਹ ਲਗਾਉਣ ਦੇ ਰਾਹ ਤੁਰੀ : ਭਾਈ ਲੌਂਗੋਵਾਲ ਸ਼੍ਰੋਮਣ

image

ਅੰਮ੍ਰਿਤਸਰ, 25 ਅਕਤੂਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਜਾਣ-ਬੁਝ ਕੇ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਢਾਹ ਲਗਾਉਣ ਦੇ ਰਾਹ ਤੁਰੀ ਹੋਈ ਹੈ। ਸਰਕਾਰ ਦੀ ਇਹ ਮਨਸ਼ਾ ਠੀਕ ਨਹੀਂ ਹੈ ਅਤੇ ਇਸ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ।
ਭਾਈ ਲੌਂਗੋਵਾਲ ਨੇ ਕਿਹਾ ਕਿ ਬੀਤੇ ਕਲ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਧਰਨਾ ਦੇ ਰਹੇ ਲੋਕਾਂ ਵਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ 'ਤੇ ਜਾਨਲੇਵਾ ਹਮਲਾ ਕੀਤਾ ਗਿਆ, ਪ੍ਰੰਤੂ ਦੁੱਖ ਦੀ ਗੱਲ ਹੈ ਕਿ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਕਰਨ ਦੀ ਬਜਾਏ ਖੁੱਲ੍ਹਾ ਛੱਡ ਦਿਤਾ ਹੈ। ਉਨ੍ਹਾਂ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ 'ਤੇ ਕਾਤਲਾਨਾ ਹਮਲਾ ਕਰਨ ਵਾਲੇ ਜਿਨ੍ਹਾਂ ਵਿਅਕਤੀਆਂ ਵਿਰੁਧ ਸ਼੍ਰੋਮਣੀ ਕਮੇਟੀ ਨੇ ਪਰਚਾ ਦਰਜ ਕਰਵਾਇਆ ਹੈ, ਉਨ੍ਹਾਂ 'ਤੇ ਬਣਦੀਆਂ ਧਰਾਵਾਂ ਤਹਿਤ ਤੁਰਤ ਕਾਰਵਾਈ ਕੀਤੀ ਜਾਵੇ। ਭਾਈ ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਧਰਨਾ ਦੇਣ ਵਾਲੇ ਲੋਕਾਂ ਨਾਲ ਕਈ ਵਾਰ ਗੱਲਬਾਤ ਕੀਤੀ ਗਈ ਪ੍ਰੰਤੂ ਇਹ ਜਾਣ-ਬੁਝ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿਚ ਦਖ਼ਲ ਦਿੰਦੇ ਰਹੇ। ਸ਼੍ਰੋਮਣੀ ਕਮੇਟੀ ਨੇ ਹਮੇਸ਼ਾ ਯਤਨ ਕੀਤਾ ਕਿ ਗੱਲਬਾਤ ਰਾਹੀਂ ਸ਼ਾਂਤੀ ਨਾਲ ਮਸਲਾ ਹੱਲ ਕੀਤਾ ਜਾਵੇ, ਪਰ ਧਰਨਾਕਾਰੀਆਂ ਦੀ ਮਨਸ਼ਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿਚ ਖਲਲ ਪਾਉਣ ਦੀ ਸੀ। ਉਨ੍ਹਾਂ ਨੇ ਬੀਤੇ ਦਿਨ ਜਾਣ-ਬੁਝ ਕੇ ਹੁਲੜਬਾਜ਼ੀ ਅਤੇ ਗਾਲੀ-ਗਲੋਚ ਕੀਤਾ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ 'ਤੇ ਕਾਤਲਾਨਾ ਹਮਲਾ ਕਰ ਕੇ ਮੁਲਾਜ਼ਮਾਂ ਨੂੰ ਗੰਭੀਰ ਸੱਟਾਂ ਲਗਾਈਆਂ। ਇਨ੍ਹਾਂ ਵਲੋਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਸਮੇਤ ਉਸ ਦੀ ਗੱਡੀ 'ਤੇ ਵੀ ਹਮਲਾ ਕੀਤਾ ਗਿਆ। ਉਨ੍ਹਾਂ ਦਸਿਆ ਕਿ ਸ਼੍ਰੋਮਣੀ ਕਮੇਟੀ ਦੇ 6 ਮੁਲਾਜ਼ਮ ਇਸ ਵਕਤ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
ਭਾਈ ਲੌਂਗੋਵਾਲ ਨੇ ਸਪੱਸ਼ਟ ਆਖਿਆ ਕਿ ਜੇਕਰ ਸਰਕਾਰ ਇਮਾਨਦਾਰੀ ਨਾਲ ਧਰਨਾਕਾਰੀਆਂ ਨੂੰ ਉਠਾਉਣ ਲਈ ਸੁਹਿਰਦ ਹੁੰਦੀ ਤਾਂ ਇਸ ਘਟਨਾ ਤੋਂ ਬਚਿਆ ਜਾ ਸਕਦਾ ਸੀ। ਇਸ ਮੌਕੇ ਭਾਈ ਲੌਂਗੋਵਾਲ ਨੇ ਜ਼ਖ਼ਮੀ ਮੁਲਾਜ਼ਮਾਂ ਦਾ ਹਾਲ ਜਾਣਿਆ, ਜੋ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲ੍ਹਾ ਵਿਖੇ ਜ਼ੇਰੇ ਇਲਾਜ ਹਨ। ਉਨ੍ਹਾਂ ਮੁਲਾਜ਼ਮਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਇਨ੍ਹਾਂ ਮੁਲਾਜ਼ਮਾਂ ਵਿਚ ਸ. ਸਰਬਜੀਤ ਸਿੰਘ ਧਰਮੀ ਫ਼ੌਜੀ, ਸ. ਬਿਜੈ ਸਿੰਘ ਵਧੀਕ ਸਕੱਤਰ, ਸ. ਰਣਜੀਤ ਸਿੰਘ ਸੇਵਾਦਾਰ, ਸ. ਚਰਨਜੀਤ ਸਿੰਘ ਸੇਵਾਦਾਰ, ਸ. ਜਰਮਨਜੀਤ ਸਿੰਘ, ਸ. ਅੰਮ੍ਰਿਤ ਸਿੰਘ ਡਰਾਈਵਰ ਆਦਿ ਸ਼ਾਮਲ ਹਨ, ਜੋ ਇਸ ਵੇਲੇ ਜ਼ੇਰੇ ਇਲਾਜ ਹਨ।