ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ‘ਜਥੇਦਾਰ’ ਸੰਗਤਾਂ ਨੂੰ ਛਕਾਉਣਗੇ ਅੰਮ੍ਰਿਤ : ਬੀਬੀ ਜਗੀਰ ਕੌਰ

ਏਜੰਸੀ

ਖ਼ਬਰਾਂ, ਪੰਜਾਬ

ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ‘ਜਥੇਦਾਰ’ ਸੰਗਤਾਂ ਨੂੰ ਛਕਾਉਣਗੇ ਅੰਮ੍ਰਿਤ : ਬੀਬੀ ਜਗੀਰ ਕੌਰ

image

ਅੰਮ੍ਰਿਤਸਰ, 25 ਅਕਤੂਬਰ (ਸੁਖਵਿੰੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਦੀ ਧਾਰਮਕ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਨੂੰ ਸੌ ਸਾਲ ਪੂਰਾ ਹੋ ਚੁਕਾ ਹੈ। ਇਹ ਪੂਰਾ ਸਾਲ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਵਰ੍ਹੇ ਨੂੰ ਸਮਰਪਿਤ ਸੀ। ਗੁਰਦੁਆਰਾ ਸੁਧਾਰ ਲਹਿਰ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਸਿੱਖ ਮਿਸ਼ਨਰੀ ਕਾਲਜਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਵਿਸ਼ਾਲ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ 26 ਅਕਤੂਬਰ ਨੂੰ ਹੋਵੇਗਾ ਜਿਸ ਵਿਚ 56 ਦੇ ਕਰੀਬ ਸਿੱਖ ਮਿਸ਼ਨਰੀ ਕਾਲਜ ਹਿੱਸਾ ਲੈਣਗੇ। 
ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਧਰਮ ਪ੍ਰਚਾਰ ਕਮੇਟੀ ਵਲੋਂ ਵੱਡੇ ਪੱਧਰ ’ਤੇ ਅੰਮ੍ਰਿਤ ਸੰਚਾਰ ਸਮਾਗਮ ਉਲੀਕੇ ਜਾ ਰਹੇ ਹਨ ਜਿਸ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰ ਪੰਜ ਪਿਆਰਿਆਂ ਵਿਚ ਸ਼ਾਮਲ ਹੋ ਕੇ ਸੰਗਤਾਂ ਨੂੰ ਅੰਮ੍ਰਿਤ ਛਕਾਉਣਗੇ। 3 ਨਵੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ ਕੀਤਾ ਜਾਵੇਗਾ। ਇਸੇ ਤਰ੍ਹਾਂ 7 ਨਵੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸਮਾਗਮ ਹੋਵੇਗਾ। 11 ਨੂੰ ਸਮਾਣਾ ਵਿਖੇ, 13 ਨੂੰ ਗੁਰਦੁਆਰਾ ਰੇਰੂ ਸਾਹਿਬ ਸਾਹਨੇਵਾਲ, 14 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ 19 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ। ਬੀਬੀ ਜਗੀਰ ਕੌਰ ਨੇ ਸੀ. ਬੀ. ਐਸ. ਈ. ਵਲੋਂ ਪੰਜਾਬੀ ਭਾਸ਼ਾ ਨੂੰ ਮੁੱਖ ਵਿਸ਼ਿਆਂ ਵਿਚੋਂ ਬਾਹਰ ਕਰਨ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।