ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਵੱਲ ਲਿਖਿਆ ਪੱਤਰ, ਕੀਤੀ ਵੱਡੀ ਮੰਗ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਨੂੰ 'ਅਟਲ ਭੂ-ਜਲ ਯੋਜਨਾ' 'ਚ ਸ਼ਾਮਲ ਕਰਨ ਦੀ ਮੰਗ

file photo

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲ ਪੱਤਰ ਲਿਖ ਕੇ ਪੰਜਾਬ ਨੂੰ 'ਅਟਲ ਭੂ-ਜਲ ਯੋਜਨਾ' ਵਿਚ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਆਪਣੇ ਪੱਤਰ 'ਚ ਪੰਜਾਬ ਨੂੰ ਇਸ ਸਕੀਮ ਤੋਂ ਪਾਸੇ ਰੱਖਣ ਦੀਆਂ ਮੀਡੀਆ ਰਿਪੋਰਟਾਂ ਦਾ ਜ਼ਿਕਰ ਕਰਦਿਆਂ ਪੰਜਾਬ ਨੂੰ ਇਸ ਸਕੀਮ 'ਚ ਸ਼ਾਮਲ ਕਰਨ ਲਈ ਜਲ ਸ਼ਕਤੀ ਮੰਤਰਾਲੇ ਨੂੰ ਹਦਾਇਤਾਂ ਦੇਣ ਦੀ ਬੇਨਤੀ ਕੀਤੀ ਹੈ।

ਕਾਬਲੇਗੌਰ ਹੈ ਕਿ ਜਲ ਸ਼ਕਤੀ ਬਾਰੇ ਮੰਤਰਾਲੇ ਵਲੋਂ ਧਰਤੀ ਹੇਠਲੇ ਪਾਣੀ ਦੀ ਸੰਭਾਲ ਵਾਸਤੇ 6000 ਕਰੋੜ ਰੁਪਏ ਵਾਲੀ ਨਵੀਂ 'ਅਟਲ ਭੂ-ਜਲ ਯੋਜਨਾ ਲਈ 7  ਰਾਜਾਂ ਦੀ ਚੋਣ ਕੀਤੀ ਗਈ ਹੈ। ਇਹ ਸਕੀਮ ਗੁਜਰਾਤ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਮਹਾਂਰਾਸ਼ਟਰ, ਕਰਨਾਟਕ ਤੇ ਉਤਰ ਪ੍ਰਦੇਸ਼ ਜਿਹੇ 7 ਰਾਜਾਂ ਵਿਚ ਪੈਂਦੇ ਪਾਣੀ ਦੀ ਕਿੱਲਤ ਵਾਲੇ 8350 ਪਿੰਡਾਂ ਵਿਚ ਲਾਗੂ ਕਰਨ ਦੀ ਪ੍ਰਸਤਾਵਨਾ ਹੈ।

ਪੰਜਾਬ ਅੰਦਰ ਧਰਤੀ ਹੇਠਲਾ ਪਾਣੀ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ। ਇਸ ਦੇ ਬਾਵਜੂਦ ਪੰਜਾਬ ਨੂੰ ਇਸ ਸਕੀਮ ਤੋਂ ਪਾਸੇ ਰੱਖਣ 'ਤੇ ਹੈਰਾਨੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ 'ਤੇ ਜ਼ੋਰ ਦਿਤਾ ਕਿ ਸੂਬੇ ਦੇ 22 ਜ਼ਿਲ੍ਹਿਆਂ 'ਚੋਂ 20 ਜ਼ਿਲ੍ਹੇ ਜ਼ਮੀਨੀ ਪਾਣੀ ਦੇ ਡਿੱਗਦੇ ਪੱਧਰ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੇ ਹਨ। ਉਨ੍ਹਾਂ ਦਸਿਆ ਕਿ ਕੇਂਦਰੀ ਜਲ ਸ਼ਕਤੀ ਮੰਤਰਾਲੇ ਵਲੋਂ ਇਸ ਸਾਲ ਦੇ ਸ਼ੁਰੂ ਵਿਚ ਇਨ੍ਹਾਂ ਜ਼ਿਲ੍ਹਿਆਂ ਦਾ ਦੌਰਾ ਕਰਨ ਲਈ ਅਧਿਕਾਰੀਆਂ ਦੀ ਚੋਣ ਕਰ ਕੇ ਜਿੰਮਾ ਸੌਂਪਿਆ ਗਿਆ ਸੀ।

ਉਨ੍ਹਾਂ ਦਸਿਆ ਕਿ ਸੈਂਟਰਲ ਗਰਾਊਂਡਵਾਟਰ ਬੋਰਡ ਦੀ ਤਾਜ਼ਾ ਰਿਪੋਰਟ ਅਨੁਸਾਰ ਸੂਬੇ ਦੇ 3/4 ਤੋਂ ਜ਼ਿਆਦਾ ਬਲਾਕਾਂ ਨੂੰ ਪਾਣੀ ਕਿੱਲਤ ਤੋਂ ਪ੍ਰਭਾਵਿਤ ਐਲਾਨਿਆ ਗਿਆ ਹੈ। ਮੁੱਖ ਮੰਤਰੀ ਨੇ ਦਸਿਆ ਕਿ ਸਤਹੀ ਪਾਣੀ ਦੀ ਉਪਲਬਧਾ ਵਿਚ ਵੀ ਪਿਛਲੇ ਕੁੱਝ ਦਹਾਕਿਆਂ ਦੌਰਾਨ ਕਮੀ ਆਈ ਹੈ। ਇਸ ਤੱਥ ਦੇ ਅਧਾਰ 'ਤੇ ਜਲ ਸੰਭਾਲ ਲਈ ਫੌਰੀ ਮਦਦ ਵਾਸਤੇ ਪੰਜਾਬ ਦਾ ਮਜਬੂਤ ਕੇਸ ਬਣਦਾ ਹੈ।