ਮਾਨ ਦੀ ਪੱਤਰਕਾਰ ਨਾਲ ਬਦਸਲੂਕੀ 'ਤੇ ਮੈਡਮ ਸਿੱਧੂ ਦਾ ਵੱਡਾ ਬਿਆਨ

ਏਜੰਸੀ

ਖ਼ਬਰਾਂ, ਪੰਜਾਬ

ਮੈਡਮ ਸਿੱਧੂ ਨੇ ਕਿਹਾ ਕਿ ਭਗਵੰਤ ਮਾਨ ਨੂੰ ਮੀਡੀਆ ਨਾਲ ਅਜਿਹਾ ਵਿਵਹਾਰ ਨਹੀਂ ਕਰਨਾ ਚਾਹੀਦਾ ਸੀ

File Photo

ਅੰਮ੍ਰਿਤਸਰ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਭਗਵੰਤ ਮਾਨ ਵਲੋਂ ਪੱਤਰਕਾਰ ਕੀਤੀ ਗਈ ਬਦਸਲੂਕੀ 'ਤੇ ਨਵਜੋਤ ਕੌਰ ਸਿੱਧੂ ਨੇ ਉਨ੍ਹਾਂ ਨੂੰ ਲੰਮੇਂ ਹੱਥੀਂ ਲਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਡਮ ਸਿੱਧੂ ਨੇ ਕਿਹਾ ਕਿ ਭਗਵੰਤ ਮਾਨ ਨੂੰ ਮੀਡੀਆ ਨਾਲ ਅਜਿਹਾ ਵਿਵਹਾਰ ਨਹੀਂ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਕੁਝ ਗਲਤ ਕੀਤਾ ਹੀ ਨਹੀਂ ਹੈ ਤਾਂ ਤੁਹਾਨੂੰ ਮਿਰਚਾਂ ਵੀ ਕਿਉਂ ਲੱਗਣਗੀਆਂ।
 

ਦੱਸ ਦਈਏ ਕਿ  ਪੱਤਰਕਾਰਾਂ ਨਾਲ ਬਦਸਲੂਕੀ ਮਾਮਲੇ ਪੁਛੇ ਗਏ ਸਵਾਲ ਦੇ ਜਵਾਬ 'ਚ ਭਗਵੰਤ ਮਾਨ ਨੇ ਕਿਹਾ ਕਿ ਉਹ ਮੰਨਦੇ ਹਨ ਕਿ ਉਨ੍ਹਾਂ ਨੂੰ ਗੁੱਸਾ ਆ ਗਿਆ ਸੀ ਪਰ ਪੱਤਰਕਾਰ ਵਲੋਂ ਪੁੱਛੇ ਗਏ ਸਵਾਲ ਵੀ ਪੂਰੀ ਤਰ੍ਹਾਂ ਸਹੀ ਨਹੀਂ ਸਨ। ਉਨ੍ਹਾਂ ਕਿਹਾ ਕਿ ਪੱਤਰਕਾਰ ਵਲੋਂ ਅਕਾਲੀ ਦਲ ਨੂੰ ਵਾਰ ਵਾਰ ਸਹੀ ਠਹਿਰਾਉਣ ਦੀ ਕੋਸ਼ਿਸ਼ ਕਰਨ ਕਾਰਨ ਹੀ ਉਸ ਨੂੰ ਗੁੱਸਾ ਆਇਆ ਸੀ। 

ਅਕਾਲੀ ਦਲ ਵਲੋਂ ਉਨ੍ਹਾਂ ਵਿਰੁਧ ਕੀਤੀ ਜਾ ਰਹੀ ਬਿਆਨਬਾਜ਼ੀ ਬਾਰੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਜੋ ਮਰਜ਼ੀ ਕਹੀ ਜਾਵੇ, ਮੈਨੂੰ ਕੋਈ ਫ਼ਰਕ ਨਹੀਂ ਪੈਂਦਾ। ਡੋਪ ਟੈਸਟ ਬਾਰੇ ਅਕਾਲੀ ਦਲ ਦੇ ਹਮਲਿਆਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਅਪਣਾ ਡੋਪ ਟੈਸਟ ਕਰਵਾਉਣ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਆਗੂਆਂ ਦਾ ਡੋਪ ਟੈਸਟ ਕਰਵਾਉਣ 'ਤੇ ਪਤਾ ਨਹੀਂ ਕੀ-ਕੀ ਨਿਕਲੇਗਾ।

ਨਸ਼ਿਆਂ ਦੇ ਮੁੱਦੇ 'ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੇ ਤਾਂ ਪੰਜਾਬ ਦੀ ਪੂਰੀ ਜਵਾਨੀ ਨਸ਼ੇ 'ਤੇ ਲਾ ਦਿਤੀ ਹੈ, ਕਿਸ ਕਿਸ ਦਾ ਡੋਪ ਟੈਸਟ ਕਰਵਾਇਆ ਜਾਵੇਗਾ?  ਉਨ੍ਹਾਂ ਅਕਾਲੀ ਦਲ ਨੂੰ ਵੰਗਾਰਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਕਿੰਨੇ ਨੌਜਵਾਨ ਨਸ਼ਿਆਂ ਕਾਰਨ ਮਰੇ ਹਨ,

ਕੀ ਇਸ ਦਾ ਡੋਪ ਟੈਸਟ ਕਰਵਾਇਆ ਜਾਵੇਗਾ? ਉਨ੍ਹਾਂ ਕਿਹਾ ਕਿ ਅਕਾਲੀ ਖੁਦ ਹੀ ਮਾਨਸਿਕ ਤੌਰ 'ਤੇ ਫਿੱਟ ਨਹੀਂ ਹਨ, ਕਿਉਂਕਿ ਆਮ ਆਦਮੀ ਪਾਰਟੀ ਨੇ ਹੀ ਇਨ੍ਹਾਂ ਨੂੰ ਪਹਿਲੀ ਵਾਰ ਤੀਜੇ ਨੰਬਰ 'ਤੇ ਪਹੁੰਚਾ ਦਿਤਾ ਹੈ, ਜਿਸ ਕਾਰਨ ਇਹ ਬੁਖਲਾ ਗਏ ਹਨ।