ਮੁੱਖ ਮੰਤਰੀ ਵਲੋਂ ਕਿਸਾਨਾਂ ਨੂੰ ਦੂਰਸੰਚਾਰ ਸੇਵਾਵਾਂ ਵਿਚ ਵਿਘਨ ਨਾ ਪਾਉਣ ਦੀ ਅਪੀਲ

ਏਜੰਸੀ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਵਲੋਂ ਕਿਸਾਨਾਂ ਨੂੰ ਦੂਰਸੰਚਾਰ ਸੇਵਾਵਾਂ ਵਿਚ ਵਿਘਨ ਨਾ ਪਾਉਣ ਦੀ ਅਪੀਲ

image

ਦਿੱਲੀ ਵਾਂਗ ਸੂਬੇ ਵਿਚ ਵੀ ਜ਼ਾਬਤਾ ਅਤੇ ਸੰਜਮ ਕਾਇਮ ਰੱਖਣ ਕਿਸਾਨ

ਚੰਡੀਗੜ੍ਹ, 25 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ) : ਸੂਬੇ ਭਰ ਵਿਚ ਵੱਖ-ਵੱਖ ਮੋਬਾਈਲ ਟਾਵਰਾਂ ਦੀ ਬਿਜਲੀ ਸਪਲਾਈ ਕੱਟ ਦੇਣ ਦੀਆਂ ਰਿਪੋਰਟਾਂ ਦੇ ਮਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੰਘਰਸ਼ਸ਼ੀਲ ਕਿਸਾਨਾਂ ਨੂੰ ਅਜਿਹੀਆਂ ਕਾਰਵਾਈਆਂ ਨਾਲ ਲੋਕਾਂ ਲਈ ਅਸੁਵਿਧਾ ਪੈਦਾ ਨਾ ਕਰਨ ਦੀ ਅਪੀਲ ਕੀਤੀ ਹੈ | ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪਣਾ ਸੰਘਰਸ਼ ਉਸੇ ਸੰਜਮ ਵਿਚ ਰਹਿ ਕੇ ਜਾਰੀ ਰੱਖਣ ਦੀ ਵੀ ਅਪੀਲ ਕੀਤੀ ਹੈ ਜਿਵੇਂ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਜ਼ਬਤ ਵਿਚ ਰਹਿ ਕੇ ਅਪਣੀ ਆਵਾਜ਼ ਬੁਲੰਦ ਕਰ ਰਹੇ ਹਨ | ਕੋਵਿਡ ਦੀ ਮਹਾਂਮਾਰੀ ਦੇ ਸਮੇਂ ਵਿਚ ਦੂਰਸੰਚਾਰ ਸੇਵਾਵਾਂ ਲੋਕਾਂ ਲਈ ਹੋਰ ਵੀ ਮਹੱਤਵਪੂਰਨ ਹੋ ਜਾਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਉਸੇ ਤਰ੍ਹਾਂ ਦਾ ਸੰਜਮ ਅਤੇ ਜ਼ਿੰਮੇਵਾਰੀ ਦੀ ਭਾਵਨਾ ਦਿਖਾਉਣ ਦੀ ਅਪੀਲ ਕੀਤੀ ਹੈ, ਜਿਹੋ ਜਿਹੀ ਭਾਵਨਾ ਪਿਛਲੇ ਇਕ ਮਹੀਨੇ ਤੋਂ ਦਿੱਲੀ ਦੀ ਸਰਹੱਦ ਉਤੇ ਚੱਲ ਰਹੇ ਸੰਘਰਸ਼ ਦੌਰਾਨ ਦਿਖਾਈ ਜਾ ਰਹੀ ਹੈ ਅਤੇ ਇਸ ਤੋਂ ਪਹਿਲਾਂ ਸੂਬੇ ਵਿਚ ਚੱਲੇ ਅੰਦੋਲਨ ਦੌਰਾਨ ਵੀ ਦਿਖਾਈ ਗਈ ਸੀ | ਕਿਸਾਨਾਂ ਨੂੰ ਟੈਲੀਕਾਮ ਕੁਨੈਕਸ਼ਨ ਜਬਰੀ ਕੱਟ ਦੇਣ ਜਾਂ ਟੈਲੀਕਾਮ ਸੇਵਾਵਾਂ ਦੇਣ ਵਾਲਿਆਂ ਦੇ ਮੁਲਾਜ਼ਮਾਂ/ਤਕਨੀਕੀ ਕਰਮਚਾਰੀਆਂ ਨਾਲ ਹੱਥੋਪਾਈ ਕਰ ਕੇ ਕਾਨੂੰਨ ਨੂੰ ਅਪਣੇ ਹੱਥਾਂ ਵਿੱਚ ਨਾ ਲੈਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਪੰਜਾਬ ਅਤੇ ਇਸ ਦੇ ਭਵਿੱਖ ਦੇ ਹਿੱਤ ਵਿਚ ਨਹੀਂ ਹਨ |ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਲੇ ਖੇਤੀ ਕਾਨੂੰਨਾਂ ਵਿਰੁਧ ਲੜਾਈ ਵਿਚ ਕਿਸਾਨਾਂ ਨਾਲ ਖੜ੍ਹੇ ਹਨ ਅਤੇ ਅੱਗੇ ਵੀ ਇਸੇ ਤਰ੍ਹਾਂ ਖੜ੍ਹੇ ਰਹਿਣਗੇ | ਉਨ੍ਹਾਂ ਨੇ ਕਿਸਾਨਾਂ ਨੂੰ ਬੇਨਤੀ ਕਿ ਉਹ ਵੀ ਬਦਲੇ ਵਿਚ ਇਸੇ ਤਰ੍ਹਾਂ ਦਾ ਰਸਤਾ ਅਪਣਾਉਾਦੇ ਹੋਏ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੀ ਇਨਸਾਫ਼ ਦੀ ਲੜਾਈ ਦੌਰਾਨ ਸੂਬੇ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ |